ਰਾਗੁ ਸੂਹੀ ਛੰਤ ਮਹਲਾ ੪
ਘਰੁ ੩ ੴ ਸਤਿਗੁਰ ਪ੍ਰਸਾਦਿ ॥
ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥
ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥
ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥
ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥
ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥
ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥
ਰਾਗ ਸੂਹੀ, ਘਰ ੩ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ। (ਹੇ ਸੰਤ ਜਨੋ!) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ। ਹੇ ਪ੍ਰਭੂ! (ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ। (ਹੇ ਪ੍ਰਭੂ! ਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ। ਹੇ ਨਾਨਕ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ।੧।