ਚੰਡੀਗੜ੍ਹ : 11 ਮਾਰਚ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ 76ਵਾਂ ਜਨਮ ਦਿਨ ਮਨਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਆਪਣੇ ਜਨਮ ਦਿਨ 'ਤੇ ਕੈਪਟਨ ਅਮਰਿੰਦਰ ਸਿੰਘ ਰੋਜ਼ਗਾਰ ਮੇਲਿਆਂ ਦੇ ਨਾਲ-ਨਾਲ ਕਈ ਸੌ ਕਰੋੜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਵੀ ਕਰ ਸਕਦੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 76ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਲੰਬੀ ਉਮਰ ਲਈ ਅਰਦਾਸ ਕੀਤੀ ਹੈ। ਉਥੇ ਹੀ ਪ੍ਰਧਾਨ ਮੰਤਰੀ ਵਲੋਂ ਦਿੱਤੀ ਗਈ ਵਧਾਈ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਅੱਜ ਹੀ ਦੇ ਦਿਨ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵੱਡਾ ਤੋਹਫਾ ਮਿਲਿਆ ਸੀ, ਜਦੋਂ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਵੱਡੀ ਜਿੱਤ ਪ੍ਰਾਪਤ ਹੋਈ ਸੀ। ਇਸ ਦੌਰਾਨ ਪਾਰਟੀ ਲੀਡਰਾਂ ਅਤੇ ਵਰਕਰਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਨਾ ਕੇਵਲ ਜਿੱਤ ਦੀ ਵਧਾਈ ਦਿੱਤੀ ਜਾ ਰਹੀ ਸੀ, ਬਲਕਿ ਉਨ੍ਹਾਂ ਨੂੰ ਜਨਮ ਦਿਨ ਦੀਆਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਸਨ। ਅੱਜ ਉਨ੍ਹਾਂ ਦੀ ਸਰਕਾਰ ਨੂੰ ਪੂਰਾ ਇਕ ਸਾਲ ਹੋ ਗਿਆ ਹੈ।