ਕਾਂਗਰਸ ਨਾਲ ਚੱਲ ਰਹੀ ਨਵਜੋਤ ਸਿੱਧੂ ਦੀ ਨਰਾਜ਼ਗੀ ਹੋਈ ਦੂਰ, ਮੀਟਿੰਗ 'ਚ ਕੀਤੀ ਸ਼ਿਰਕਤ

ਚੰਡੀਗੜ੍ਹ : ਪੰਜਾਬ ਦੀ ਕਾਂਗਰਸ ਸਰਕਾਰ ਨਾਲ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਚੱਲ ਰਹੀ ਨਰਾਜ਼ਗੀ ਦਾ ਮਾਮਲਾ ਜ਼ਿਆਦਾ ਵਧਣ ਤੋਂ ਪਹਿਲਾਂ ਹੀ ਹੱਲ ਹੋ ਗਿਆ ਹੈ। ਕਾਂਗਰਸ ਦੇ ਬੁਲਾਰੇ ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਦੀ ਨਰਾਜ਼ਗੀ ਹੁਣ ਦੂਰ ਹੋ ਗਈ ਹੈ, ਜਿਸ ਤੋਂ ਬਾਅਦ ਸਿੱਧੂ ਨੇ ਕੈਬਿਨਟ ਮੀਟਿੰਗ ਵਿਚ ਸ਼ਮੂਲੀਅਤ ਕਰ ਲਈ ਹੈ। 

ਦੱਸ ਦੇਈਏ ਕਿ ਮੇਅਰਾਂ ਦੀ ਚੋਣ ਲਈ ਰੱਖੇ ਗਏ ਸਮਾਗਮਾਂ ਵਿਚ ਸੱਦਾ ਨਾ ਮਿਲਣ ਤੋਂ ਨਾਰਾਜ਼ ਚੱਲ ਰਹੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਸਰਕਾਰ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰ ਲਿਆ ਸੀ। ਇਹੀ ਨਹੀਂ ਸਿੱਧੂ ਦੀ ਨਰਾਗਜ਼ੀ ਦੀ ਗੂੰਜ ਹਾਈਕਮਾਨ ਤੱਕ ਵੀ ਪਹੁੰਚ ਗਈ ਸੀ, ਜਿਸ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਸ਼ਾ ਕੁਮਾਰੀ ਨੂੰ ਮਾਮਲੇ ਦੀ ਰਿਪੋਰਟ ਕਰਨ ਲਈ ਭੇਜਿਆ ਹੈ।

ਕਾਂਗਰਸ ਬੁਲਾਰੇ ਰਾਜ ਕੁਮਾਰ ਵੇਰਕਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸਿੱਧੂ ਦੀਆਂ ਗਲਤਫਹਿਮੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਪਾਰਟੀ ਨੇ ਉਨ੍ਹਾਂ ਦੀ ਨਾਰਾਜ਼ਗੀ ਨੂੰ ਲੈ ਕੇ ਆਪਣਾ ਪੱਖ ਉਨ੍ਹਾਂ ਅੱਗੇ ਰੱਖ ਦਿੱਤਾ ਹੈ। ਇਸ ਲਈ ਸਿੱਧੂ ਕੈਬਨਿਟ ਮੀਟਿੰਗ 'ਚ ਜਾਣਗੇ ਅਤੇ ਕੈਪਟਨ ਸਾਹਿਬ ਨਾਲ ਇਸ ਬਾਰੇ ਗੱਲਬਾਤ ਕਰਨਗੇ। ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਮੇਅਰ ਦੀ ਚੋਣ ਲਈ ਸੀਲ ਬੰਦ ਲਿਫਾਫਾ ਪਾਰਟੀ ਹਾਈਕਮਾਨ ਵੱਲੋਂ ਭੇਜਿਆ ਗਿਆ ਸੀ, ਜਿਸ ਬਾਰੇ ਕਿਸੇ ਨੂੰ ਕੁਝ ਪਤਾ ਨਹੀਂ ਸੀ। 

ਇਸ ਮਾਮਲੇ ਨੂੰ ਲੈ ਕੇ ਹੁਣ ਉਨ੍ਹਾਂ ਦੀ ਗ਼ਲਤਫਹਿਮੀ ਦੂਰ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਅਨੁਸਾਰ ਇਹ ਵੀ ਖ਼ਬਰ ਮਿਲੀ ਹੈ ਕਿ ਸਿੱਧੂ ਦੀ ਨਰਾਜ਼ਗੀ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਧੂ ਨੂੰ ਮਨਾਉਣ ਦੇ ਉਪਰਾਲੇ ਕਰਨੇ ਸ਼ੁਰੁ ਕਰ ਦਿੱਤੇ ਹਨ। ਦੱਸ ਦੇਈਏ ਕਿ ਬੁੱਧਵਾਰ ਨੂੰ ਨਵਜੋਤ ਸਿੱਧੂ ਨੇ ਇਸ ਮਾਮਲੇ 'ਤੇ ਚੁੱਪੀ ਤੋੜਦਿਆਂ ਲਿਖਤੀ ਬਿਆਨ ਜਾਰੀ ਕੀਤਾ ਸੀ। 

ਜਿਸ ਵਿਚ ਉਨ੍ਹਾਂ ਨਾਰਾਜ਼ਗੀ ਪ੍ਰਗਟਾਉਂਦਿਆਂ ਆਖਿਆ ਸਥਾਨਕ ਸਰਕਾਰਾਂ ਦਾ ਮੰਤਰੀ ਹੋਣ ਦੇ ਨਾਤੇ ਤਿੰਨ ਸ਼ਹਿਰ ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਦੇ ਮੇਅਰਾਂ ਦੀ ਚੋਣ ਕੀਤੇ ਜਾਣ ਤੋਂ ਉਨ੍ਹਾਂ ਨੂੰ ਦੂਰ ਰੱਖਿਆ ਗਿਆ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪਿਛਲੇ ਇੱਕ ਮਹੀਨੇ ਤੋਂ ਸਰਕਾਰੀ ਪੱਧਰ 'ਤੇ ਹੋਏ ਕਿਸੇ ਵੀ ਵਿਚਾਰ-ਵਟਾਂਦਰੇ 'ਚ ਮੈਨੂੰ ਸ਼ਾਮਲ ਨਹੀਂ ਕੀਤਾ ਗਿਆ।