ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਅੰਤਮ ਸਸਕਾਰ ਨੂੰ ਲੈ ਕੇ ਆਪਣੀਆਂ ਮੰਗਾਂ 'ਤੇ ਅੜੇ ਪਰਿਵਾਰਕ ਵਾਲੇ

ਖ਼ਬਰਾਂ

ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਅੰਤਮ ਸਸਕਾਰ ਨੂੰ ਲੈ ਕੇ ਆਪਣੀਆਂ ਮੰਗਾਂ 'ਤੇ ਅੜੇ ਪਰਿਵਾਰਕ ਵਾਲੇ

ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦਾ ਅੰਤਮ ਸਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਉਨ੍ਹਾਂ ਦੀ ਮੌਤ ਲਈ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁਧ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ.....ਇਹ ਕਹਿਣਾ ਭਾਈ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਹੈ...ਜੋ ਆਪਣੀ ਇਸ ਮੰਗ ਨੂੰ ਲੈ ਕੇ ਅੜੇ ਹੋਏ ਹਨ। 

ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਸਬੰਧੀ ਕੋਈ ਆਖ਼ਰੀ ਫ਼ੈਸਲਾ ਸਿੱਖ ਕੌਮ ਦੇ ਵੱਡੇ ਨੇਤਾਵਾਂ ਵੱਲੋਂ ਲਿਆ ਜਾਵੇਗਾ...ਉਹ ਜੋ ਵੀ ਫ਼ੈਸਲਾ ਕਰਨਗੇ ਸਾਨੂੰ ਮਨਜ਼ੂਰ ਹੋਵੇਗਾ। 

ਦੱਸ ਦਈਏ ਕਿ ਬੀਤੇ ਦਿਨੀਂ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਲੰਬੇ ਸਮੇਂ ਜੇਲ੍ਹਾਂ ਵਿਚ ਡੱਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ......ਪਰ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਪੁਲਿਸ ਵੱਲੋਂ ਹੇਠਾਂ ਉੱਤਰਨ ਦੇ ਪਾਏ ਜਾ ਰਹੇ ਕਥਿਤ ਦਬਾਅ ਦੇ ਚਲਦਿਆਂ ਛਾਲ ਮਾਰ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦਾ ਕਹਿਣਾ ਹੈ ਕਿ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਕੁਰਬਾਨੀ ਅਜ਼ਾਈਂ ਨਹੀਂ ਜਾਵੇਗੀ, ਉਨ੍ਹਾਂ ਦੇ ਆਖ਼ਰੀ ਮਿਸ਼ਨ ਨੂੰ ਪੂਰਾ ਕਰਨ ਲਈ ਯਤਨ ਕਰਾਂਗੇ।

ਦਰਅਸਲ ਦੇਸ਼ ਦੀਆਂ ਜੇਲ੍ਹਾਂ ਵਿਚ ਵੱਡੀ ਗਿਣਤੀ ਅਜਿਹੇ ਸਿੱਖ ਬੰਦ ਹਨ ਜਿਨ੍ਹਾਂ ਨੂੰ ਆਪਣੀ ਸਜ਼ਾ ਪੂਰੀ ਹੋਣ ਦੇ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ....ਭਾਈ ਖ਼ਾਲਸਾ ਨੇ ਇਸ ਤੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਸੀ ਪਰ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਨੂੰ ਰਿਹਾਈ ਦਾ ਭਰੋਸਾ ਦਿਵਾਉਂਦਿਆਂ ਭੁੱਖ ਹੜਤਾਲ ਖ਼ਤਮ ਕਰਵਾ ਦਿੱਤੀ ਸੀ ਪਰ ਲੰਬਾ ਸਮਾਂ ਬੀਤ ਜਾਣ 'ਤੇ ਵੀ ਉਨ੍ਹਾਂ ਆਪਣੇ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ।

ਇਸ ਵਿਚ ਕੋਈ ਸ਼ੱਕ ਨਹੀਂ ਕਿ ਸਿੱਖ ਕੌਮ ਦੇ ਵੱਡੇ ਨੇਤਾਵਾਂ ਦੇ ਰਵੱਈਏ ਨੂੰ ਭਾਈ ਖ਼ਾਲਸਾ ਦੇ ਮਨ ਵਿਚ ਨਰਾਜ਼ਗੀ ਸੀ ਪਰ ਹੁਣ ਜਦੋਂ ਉਨ੍ਹਾਂ ਨੇ ਆਪਣੇ ਇਸ ਸੰਘਰਸ਼ ਦੇ ਚਲਦਿਆਂ ਸ਼ਹੀਦੀ ਦੇ ਦਿੱਤੀ ਹੈ ਤਾਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੇ ਹੋਰ ਤੂਲ ਫੜ ਲਿਆ ਹੈ.....ਪਰ ਸਵਾਲ ਹੁਣ ਵੀ ਉਹੀ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇਗੀ ਜਾਂ ਨਹੀਂ?