
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਦੇ ਵਿਚ ਤਕਨੀਕੀ ਸਿਖਿਆ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਦੋਸ਼ ਲਾਇਆ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੇ ਸਾਢੂ ਦਾ ਪੁੱਤਰ ਭੁਪਿੰਦਰ ਸਿੰਘ ਉਰਫ਼ ਹਨੀ ਵੀ ਪੰਜਾਬ ਸਰਕਾਰ ਵਲੋਂ ਚੰਡੀਆਂ ਗਈਆਂ ਨਾਜਾਇਜ਼ ਮਾਈਨਿੰਗਾਂ ਦੇ ਵਿਚ ਹਿਸੇਦਾਰ ਹੈ। ਉਹ ਉਨ੍ਹਾਂ ਛੇ ਨਾਜਾਇਜ਼ ਮਾਈਨਿੰਗਾਂ ਵਿਚੋਂ ਇਕ ਦਾ ਮਾਲਕ ਹੈ ਜਿਸ ‘ਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਕਾਰਵਾਈ ਹੋਈ ਹੈ। ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਦੇ ਬਿਆਨ ਆਉਣ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਜਾਂ ਉਨ੍ਹਾਂ ਦੇ ਕਿਸੇ ਵੀ ਪਰਿਵਾਰਕ ਮੈਂਬਰ ਦਾ ਨਾਜਾਇਜ਼ ਮਾਈਨਿੰਗ ਦੇ ਕਾਰੋਬਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਸਗੋਂ ਉਨ੍ਹਾਂ 'ਤੇ ਇਲਜ਼ਾਮ ਲਾ ਕੇ ੳੇੁਨ੍ਹਾਂ ਦਾ ਸਿਆਸੀ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਵਲੋਂ ਜੋ ਮੀਡੀਆ ਅੱਗੇ ਬਿਆਨਬਾਜ਼ੀ ਕੀਤੀ ਗਈ ਹੈ, ਉਸ ਵਿਚ ਕੋਈ ਸਚਾਈ ਨਹੀਂ ਹੈ। ਚੰਨੀ ਨੇ ਕਿਹਾ ਕਿ ਪਹਿਲਾਂ ਸੁਖਪਾਲ ਸਿੰਘ ਖਹਿਰਾ ਮੇਰਾ ਜਾਂ ਮੇਰੇ ਪਰਿਵਾਰ ਦਾ ਜਾਇਜ਼ ਜਾਂ ਨਾਜਾਇਜ਼ ਮਾਈਨਿੰਗ ਵਿਚ ਹੱਥ ਸਾਬਤ ਕਰਨ ਅਤੇ ਸਬੂਤਾਂ ਦੇ ਸਮੇਤ ਕਾਨੂੰਨੀ ਕਾਰਵਾਈ ਕਰਨ ਨਹੀਂ ਤਾਂ ਉਹ ਝੂਠੀ ਬਿਆਨਬਾਜ਼ੀ ਕਰਨ ਦੇ ਬਦਲੇ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।
ਸੁਖਪਾਲ ਸਿੰਘ ਦੇ ਬਿਆਨ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਜਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪਰਿਵਾਰ ਸਮੇਤ ਇਹ ਸਹੁੰ ਚੁਕਣ ਲਈ ਤਿਆਰ ਹਨ ਕਿ ਮਾਈਨਿੰਗ ਦੇ ਕਾਰੋਬਾਰ ਵਿਚ ਜੇਕਰ ਉਨ੍ਹਾਂ ਦਾ ਜਾਂ ਉਨ੍ਹਾਂ ਦੇ ਪਰਿਵਾਰ ਦਾ ਇਕ ਵੀ ਜਾਇਜ਼ ਜਾਂ ਨਾਜਾਇਜ਼ ਪੈਸਾ ਲਗਿਆ ਹੋਵੇ ਤਾਂ ਉਹ ਦੇਣਦਾਰ ਹਨ ਅਤੇ ਇਹ ਵੀ ਕਿਹਾ ਕਿ ਸੁਖਪਾਲ ਖਹਿਰਾ ਉਹਨਾਂ ਦਾ ਅਕਸ ਖ਼ਰਾਬ ਕਰਨ ਦੇ ਲਈ ਝੂਠੇ ਬਿਆਨ ਨਾ ਦੇਣ।