
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ਦੀ ਹਾਰਵਰਡ ਯੂਨੀਵਰਸਿਟੀ ਦੀ ਇੱਕ ਕਾਨਫਰੰਸ 'ਚ ਸ਼ਾਮਲ ਹੋਣ ਦੀ ਆਪਣੀ ਯੋਜਨਾ ਨੂੰ ਰੱਦ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਦਾ ਨਾਂਅ ਉਨ੍ਹਾਂ ਕਈ ਮਸ਼ਹੂਰ ਭਾਰਤੀਆਂ ਵਿਚ ਸ਼ਾਮਲ ਕੀਤਾ ਗਿਆ ਸੀ, ਜਿਨ੍ਹਾਂ ਨੂੰ ਹਾਰਵਰਡ ਕੈਨੇਡੀ ਸਕੂਲ ਅਤੇ ਹਾਰਵਰਡ ਬਿਜਨੈੱਸ ਸਕੂਲ ਦੇ ਵਿਦਿਆਰਥੀਆਂ ਦੁਆਰਾ 10-11 ਫਰਵਰੀ ਨੂੰ ਕੀਤੀ ਜਾਣ ਵਾਲੀ ਕਾਨਫਰੰਸ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਸੀ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੇ ਇਸ ਯਾਤਰਾ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਉਹ ਅਸੈਂਬਲੀ ਵਿਚ ਪੇਸ਼ ਕੀਤੇ ਜਾਣ ਵਾਲੇ ਸੂਬੇ ਦੇ ਸਾਲਾਨਾ ਬਜਟ ਨੂੰ ਅੰਤਿਮ ਰੂਪ ਦੇਣ ਵਿਚ ਰੁੱਝੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਫਰਵਰੀ ਦੇ ਆਖਰੀ ਹਫ਼ਤੇ ਜਾਂ ਮਾਰਚ ਦੇ ਪਹਿਲੇ ਹਫ਼ਤੇ ਵਿਚ ਬਜਟ ਪੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ।
ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੀ ਇਕ ਕੱਟੜਪੰਥੀ ਸਿੱਖ ਜਥੇਬੰਦੀ ਨੇ ਕੁਝ ਦਿਨ ਪਹਿਲਾਂ ਅਮਰੀਕਾ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯਾਤਰਾ ਦੇ ਖਿਲਾਫ਼ ਪ੍ਰਦਰਸ਼ਨ ਕਰਨ ਦੀ ਧਮਕੀ ਦਿੱਤੀ ਸੀ। ਠੁਕਰਾਲ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਯਾਤਰਾ ਨੂੰ ਰੱਦ ਕਰਨਾ ਯੋਜਨਾਬੱਧ ਹੈ ਅਤੇ ਵਿਰੋਧਾਂ ਨਾਲ ਜੁੜਿਆ ਹੋਇਆ ਹੈ।
ਐੱਸਐੱਫਜੇ ਦੇ ਅਹੁਦੇਦਾਰ ਅਵਤਾਰ ਸਿੰਘ ਪੰਨੂ ਨੇ ਇਕ ਨਿੱਜੀ ਅਖ਼ਬਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਦੇ ਦੌਰੇ ਦਾ ਵਿਰੋਧ ਕਰਨ ਲਈ ਇੱਕ ਮੀਟਿੰਗ ਐਤਵਾਰ ਨੂੰ ਨਿਊਯਾਰਕ ਵਿਚ ਹੋਈ ਸੀ। ਇਸ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਅਮਰੀਕਾ ਦੇ ਦੌਰੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੇ ਖਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾਣਗੇ।