
ਚੰਡੀਗੜ੍ਹ, 4 ਜਨਵਰੀ (ਕੁਲਦੀਪ ਸਿੰਘ) : ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਸਮੇਤ ਤਿੰਨ ਹੋਰ ਅਧਿਕਾਰੀਆਂ ਨੂੰ ਸਥਾਨਕ ਸਰਕਾਰ ਵਿਭਾਗ ਨੇ ਮੁਅੱਤਲ ਕਰ ਦਿਤਾ ਹੈ। ਇਸ ਤੋਂ ਇਲਾਵਾ ਤਤਕਾਲੀ ਕਮਿਸ਼ਨਰ ਰਾਜੇਸ਼ ਧੀਮਾਨ ਸਮੇਤ ਤਿੰਨ ਹੋਰ ਅਧਿਕਾਰੀਆਂ ਨੂੰ ਚਾਰਜਸ਼ੀਟ ਵੀ ਕੀਤਾ ਗਿਆ ਹੈ। ਇਨ੍ਹਾਂ ਵਿਰੁਧ ਦੋਸ਼ ਇਹ ਹੈ ਮੇਅਰ ਕੁਲਵੰਤ ਸਿੰਘ ਨੇ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਣ ਦੀ ਕਾਰਵਾਈ ਕੀਤੀ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਿਭਾਗ ਦੇ ਧਿਆਨ ਵਿਚ ਆਇਆ ਸੀ ਕਿ ਨਗਰ ਨਿਗਮ, ਮੁਹਾਲੀ ਵਲੋਂ ਦਰੱਖ਼ਤ ਛਾਂਗਣ ਵਾਲੀ ਮਸ਼ੀਨ ਖ਼ਰੀਦਣ ਸਮੇਂ ਮੇਅਰ ਕੁਲਵੰਤ ਸਿੰਘ ਨੇ ਤੱਤਕਾਲੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਅਪਣੇ ਅਹੁਦੇ ਦੀ ਦੁਰਵਰਤੋਂ ਕਰ ਕੇ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਇਆ ਸੀ। ਉਨ੍ਹਾਂ ਕਿਹਾ ਕਿ ਦਰੱਖ਼ਤ ਛਾਂਗਣ ਵਾਲੀ ਮਸ਼ੀਨ ਦੀ ਕੀਮਤ ਭਾਰਤ ਵਿਚ 28 ਲੱਖ ਰੁਪਏ ਅਤੇ ਵਿਦੇਸ਼ ਤੋਂ ਮੰਗਵਾਉਣ ਦੀ ਕੀਮਤ 80 ਲੱਖ ਰੁਪਏ ਸੀ, ਨੂੰ 1.79 ਕਰੋੜ ਰੁਪਏ ਵਿਚ ਖ਼ਰੀਦਣ ਦਾ ਮਤਾ ਪਾਸ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਵਿਜੀਲੈਂਸ ਸੈੱਲ ਵਲੋਂ ਕਰਵਾਈ ਗਈ ਅਤੇ ਮੁੱਖ ਚੌਕਸੀ ਅਧਿਕਾਰੀ ਦੀ ਰੀਪੋਰਟ ਤੋਂ ਬਾਅਦ ਦੋਸ਼ੀ ਪਾਏ ਗਏ ਮੇਅਰ ਅਤੇ ਅਧਿਕਾਰੀਆਂ ਵਿਰੁਧ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਸ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਮੇਅਰ ਕੁਲਵੰਤ ਸਿੰਘ ਨੂੰ ਅਧਿਕਾਰਾਂ ਦੀ ਦੁਰਵਰਤੋਂ ਅਤੇ ਨਗਰ ਨਿਗਮ ਨੂੰ ਵਿੱਤੀ ਘਾਟਾ ਪਹੁੰਚਾਉਣ ਦੇ ਦੋਸ਼ ਹੇਠ ਕੌਂਸਲਰਸ਼ਿਪ ਤੋਂ ਹਟਾਉਣ ਲਈ ਨੋਟਿਸ ਭੇਜਿਆ ਗਿਆ ਹੈ ਜਦਕਿ ਤਤਕਾਲੀ ਕਮਿਸ਼ਨਰ ਰਾਜੇਸ਼ ਧੀਮਾਨ ਨੂੰ ਪੰਜਾਬ ਸਿਵਲ ਸੇਵਾਵਾਂ (ਦੰਡ ਤੇ ਅਪੀਲ) ਰੂਲ 1970 ਦੀ ਧਾਰਾ 8 ਤਹਿਤ ਚਾਰਜਸ਼ੀਟ ਜਾਰੀ ਕਰਦਿਆਂ ਮੁਅੱਤਲ ਕਰਨ ਦੀ ਸਿਫ਼ਾਰਸ਼ ਦਾ ਕੇਸ ਸਬੰਧਤ ਵਿਭਾਗ ਨੂੰ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਐਕਸੀਅਨ ਨਰੇਸ਼ ਬੱਤਾ ਤੇ ਡੀ.ਸੀ.ਐਫ.ਏ. ਵਿਨਾਇਕ ਨੂੰ ਪੰਜਾਬ ਸਿਵਲ ਸੇਵਾਵਾਂ (ਦੰਡ ਤੇ ਅਪੀਲ) ਰੂਲ 1970 ਦੀ ਧਾਰਾ 8 ਤਹਿਤ ਮੁਅੱਤਲ ਕੀਤਾ ਗਿਆ ਹੈ ਅਤੇ ਏ.ਸੀ.ਈ. ਮਹਿੰਦਰਪਾਲ ਤੇ ਸੁਰਿੰਦਰ ਗੋਇਲ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਨਗਰ ਨਿਗਮ, ਮੁਹਾਲੀ ਦੇ ਸਥਾਨਕ ਫ਼ੰਡ ਆਡੀਟਰ ਨੂੰ ਵੀ ਚਾਰਜਸ਼ੀਟ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਮਸ਼ੀਨ ਦੀ ਖ਼ਰੀਦ ਦੇ ਹੁਕਮ ਨੂੰ ਤੁਰਤ ਰੱਦ ਕਰਨ ਦੇ ਹੁਕਮ ਕੀਤੇ ਗਏ ਹਨ ਅਤੇ ਠੇਕੇਦਾਰ ਤੋਂ ਐਡਵਾਂਸ ਦੇ ਤੌਰ 'ਤੇ ਦਿਤੀ ਗਈ ਰਾਸ਼ੀ ਨੂੰ ਰਿਕਵਰ ਕਰਨ ਦਾ ਵੀ ਹੁਕਮ ਜਾਰੀ ਕੀਤਾ ਗਿਆ ਹੈ।