
ਚੰਡੀਗੜ੍ਹ, 23 ਦਸੰਬਰ (ਸਰਬਜੀਤ ਢਿੱਲੋਂ) : ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਚੰਡੀਗੜ੍ਹ ਦੀ ਸਿੱਖ ਸੰਗਤ ਦੇ ਸਾਂਝੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਸੰਤਸਰ ਸਾਹਿਬ ਸੈਕਟਰ-38 ਵੈਸਟ ਵਲੋਂ ਕੇਂਦਰੀ ਤਾਲਮੇਲ ਕਮੇਟੀ ਸਮੂਹ ਗੁਰਦੁਆਰਾ ਸਾਹਿਬ ਅਤੇ ਸਿੱਖ ਸੰਸਥਾਵਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸਵੇਰੇ 11 ਵਜੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੁਰੂ ਹੋਇਆ। ਨਗਰ ਕੀਰਤਨ ਦਾ ਸ਼ਹਿਰ ਦਾ ਵੱਖ-ਵੱਖ ਸੈਕਟਰਾਂ-40, 41, 37, 23, 20, 21 ਅਤੇ ਟ੍ਰਿਬਿਊਨ ਚੌਕ ਤੋਂ ਲੰਘਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸੈਕਟਰ-30 'ਚ ਸਮਾਪਤ ਹੋਇਆ।
ਇਸ ਦੌਰਾਨ ਨਿਹੰਗ ਸਿੰਘਾਂ ਤੇ ਛੋਟੇ-ਛੋਟੇ ਭੁਝੰਗੀ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਏ। ਸਾਰੀ ਸੰਗਤ ਵਾਹਨਾਂ 'ਤੇ ਗੁਰਬਾਣੀ ਦਾ ਜਾਪ ਕਰਦਿਆਂ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਦੇ ਪਿੱਛੇ-ਪਿੱਛੇ ਚਲਦੀ ਰਹੀ। ਥਾਂ-ਥਾਂ 'ਤੇ ਨਗਰ ਕੀਰਤਨ ਦਾ ਸੰਗਤ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਸਕੂਲੀ ਬੱਚੇ ਅਤੇ ਕਈ ਸਿੱਖ ਸੰਸਥਾਵਾਂ ਦੇ ਪ੍ਰਤੀਨਿਧਾਂ ਨੇ ਵੀ ਹਿੱਸਾ ਲਿਆ। ਇਸ ਦੌਰਾਨ ਪੁਲਿਸ ਵਲੋਂ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਗੁਰਦੁਆਰਾ ਸੰਤਸਰ ਸੈਕਟਰ-38 ਦੇ ਪ੍ਰਬੰਧਕਾਂ ਨੇ ਦਸਿਆ ਕਿ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ।