Kangna Ranaut: ਫਿਲਮ ਐਮਰਜੈਂਸੀ ਵਿਰੁੱਧ ਦਾਇਰ ਪਟੀਸ਼ਨ ਤੇ ਸੁਣਵਾਈ 5 ਦਸੰਬਰ ਨੂੰ
Kangna Ranaut: ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਤੇ ਫਿਲਮ ਅਦਾਕਾਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਦੀ ਅਦਾਲਤ ਵਿਚ ਤਲਬ ਕੀਤਾ ਹੈ। ਇਹ ਹੁਕਮ ਕੰਗਨਾ ਦੀ ਫਿਲਮ ਐਮਰਜੈਂਸੀ ਵਿਰੁਧ ਦਾਇਰ ਹੋਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਣਾਏ ਗਏ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ ਲਈ ਅਦਾਲਤ ਨੇ ਆਉਂਦੀ ਪੰਜ ਦਸੰਬਰ ਦਾ ਦਿਨ ਤੈਅ ਕੀਤਾ ਹੈ।
ਅਦਾਕਾਰਾ ਵਿਰੁਧ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਵਿੰਦਰ ਸਿੰਘ ਬਾਸੀ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ । ਹਾਲੇ ਇਹ ਫਿਲਮ ਰਿਲੀਜ਼ ਨਹੀਂ ਹੋਈ ਹੈ। ਪਟੀਸ਼ਨ ਅਨੁਸਾਰ ਇਸ ਫਿਲਮ ਦੇ ਨਿਰਮਾਣ ਲਈ ਸਿਰਫ਼ ਕੰਗਨਾ ਹੀ ਜ਼ਿੰਮੇਵਾਰ ਨਹੀਂ ਹੈ। ਇਸ ਲਈ ਸਕ੍ਰੀਨਪਲੇਅ ਰਾਈਟਰ ਰਿਤੇਸ਼ ਸ਼ਾਹ ਜ਼ਿੰਮੇਵਾਰ ਹੈ। ਇਸੇ ਲਈ ਉਨ੍ਹਾਂ ਨੂੰ ਵੀ ਪ੍ਰਤੀਵਾਦੀ ਬਣਾਇਆ ਗਿਆ ਹੈ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਵਿੰਦਰ ਸਿੰਘ ਬੱਸੀ ਨੇ ਕੰਗਨਾ ਦੇ ਕਿਰਦਾਰ ’ਤੇ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਦਾ ਦੋਸ਼ ਲਗਾਉਂਦੇ ਹੋਏ ਅਦਾਕਾਰਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ਵਿਚ ਚੰਡੀਗੜ੍ਹ ਦੀ ਐੱਸ.ਐੱਸ.ਪੀ. ਨੂੰ ਐੱਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦੀ ਮੰਗ ਵੀ ਕੀਤੀ ਗਈ ਹੈ।
ਪਟੀਸ਼ਨ ’ਚ ਕੰਗਣਾ ਨੇ ਬਿਨ੍ਹਾ ਇਤਿਹਾਸ ਨੂੰ ਪੜ੍ਹੇ ਸਿੱਖਾਂ ਦੀ ਨਕਾਰਾਤਮਕ ਛਵੀ ਦਿਖਾਈ ਅਤੇ ਝੂਠੇ ਦੋਸ਼ ਵੀ ਲਾਏ ਹਨ। ਇਸ ਲਈ ਕੰਗਨਾ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿਚ ਕੰਗਨਾ ਰਣੌਤ ਸਮੇਤ ਸਕਰੀਨ ਪਲੇਅ ਰਾਈਟਰ ਰਿਤੇਸ਼ ਸ਼ਾਹ ਅਤੇ ਹੋਰਾਂ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ।
ਦੱਸ ਦਈਏ ਕਿ ਕੰਗਨਾ ਰਣੌਤ ਦੀ ਨਵੀਂ ਫ਼ਿਲਮ ਐਮਰਜੈਂਸੀ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ। ਫਿਲਮ ਜੋ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ’ਤੇ ਆਧਾਰਿਤ ਹੈ, ਦਾ ਟਰੇਲਰ ਜਾਰੀ ਹੋ ਚੁੱਕਾ ਹੈ।
ਕੰਗਨਾ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਕਰੀਬ ਪੰਜ ਦਿਨ ਪਹਿਲਾਂ ਮੋਹਾਲੀ ਦੇ ਰਹਿਣ ਵਾਲੇ ਦੋ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਵੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।
ਦਾਇਰ ਪਟੀਸ਼ਨਾਂ ਵਿਚ ਕਿਹਾ ਗਿਆ ਸੀ ਕਿ ਫਿਲਮ ਵਿਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਇਸ ਤਰ੍ਹਾਂ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਇਹ ਫਿਲਮ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਬਣਾਈ ਗਈ ਹੈ।
ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਮਾਹਿਰਾਂ ਦਾ ਇੱਕ ਪੈਨਲ ਬਣਾਇਆ ਜਾਵੇ, ਜਿਸ ਵਿਚ ਐੱਸ.ਜੀ.ਪੀ.ਸੀ. ਦੇ ਮੈਂਬਰ ਸ਼ਾਮਲ ਹੋਣ। ਉਨ੍ਹਾਂ ਨੂੰ ਫਿਲਮ ਦਿਖਾਈ ਜਾਏ ਅਤੇ ਵਿਵਾਦਤ ਦ੍ਰਿਸ਼ ਫਿਲਮ ਵਿਚੋਂ ਕੱਟ ਦਿੱਤੇ ਜਾਣੇ ਚਾਹੀਦੇ ਹਨ। ਉਸ ਤੋਂ ਬਾਅਦ ਹੀ ਉਸ ਨੂੰ ਰੀਲੀਜ਼ ਕੀਤਾ ਜਾਵੇ।