
ਚੰਡੀਗੜ੍ਹ, 29 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਵਿਚ ਦਸਿਆ ਕਿ ਉਨ੍ਹਾਂ ਦੀ ਸਰਕਾਰ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਨੂੰ ਰੋਕਣ ਅਤੇ ਇਸ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਸੂਬੇ ਨੂੰ ਮੁਕਤ ਕਰਾਉਣ ਲਈ ਕਾਰਜ ਯੋਜਨਾ 'ਤੇ ਕੰਮ ਕਰ ਰਹੀ ਹੈ। ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਵਲੋਂ ਪੁੱਛੇ ਗਏ ਸਵਾਲ ਦਾ ਜਦ ਊਰਜਾ ਅਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਜਵਾਬ ਦੇ ਰਹੇ ਸਨ ਤਾਂ ਮੁੱਖ ਮੰਤਰੀ ਨੇ ਦਖ਼ਲ ਦਿੰਦਿਆਂ ਪ੍ਰਗਟਾਵਾ ਕੀਤਾ ਕਿ ਸੂਬਾ ਸਰਕਾਰ ਨੇ ਹਾਲ ਹੀ ਵਿਚ ਸਮੱਸਿਆ ਦੇ ਹੱਲ ਲਈ ਚੇਨਈ ਦੀ ਕੰਪਨੀ ਨਾਲ ਸਹਿਮਤੀ ਪੱਤਰ 'ਤੇ ਹਸਤਾਖਰ ਕੀਤੇ ਹਨ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਨਿਪਟਾਉਣ ਦੇ ਹੋਰ ਢੰਗ-ਤਰੀਕਿਆਂ 'ਤੇ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਨਿਊਏ ਕੰਪਨੀ ਝੋਨੇ ਦੀ ਪਰਾਲੀ ਨੂੰ ਬਾਇਉ ਊਰਜਾ ਵਿਚ ਤਬਦੀਲ ਕਰਨ ਵਾਸਤੇ 400 ਪ੍ਰੋਸੈਸਿੰਗ ਪਲਾਂਟ ਸਥਾਪਤ ਕਰ ਸਕੇਗੀ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਦਸਿਆ ਕਿ ਸੂਬੇ ਵਿਚ ਕੁਲ 20 ਮਿਲੀਅਨ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ ਜਿਸ ਵਿਚੋਂ 19 ਮਿਲੀਅਨ ਟਨ ਨਿਊਏ ਦੀਆਂ ਇਨ੍ਹਾਂ ਇਕਾਈਆਂ ਵਿਚ ਵਰਤੀ ਜਾਵੇਗੀ।