
ਸੀਐਮ ਮਾਨ ਨੇ ਕਿਹਾ ਕਿ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕੀਤੇ ਜਾਣਗੇ ਅਤੇ ਗੰਨੇ ਦੇ ਬਕਾਏ ਦੀ ਅਦਾਇਗੀ 7 ਅਗਸਤ ਤੱਕ ਕਰ ਦਿੱਤੀ ਜਾਵੇਗੀ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਸਪੱਸ਼ਟ ਕੀਤਾ ਕਿ ਕਿਸਾਨਾਂ ਵੱਲੋਂ 3 ਅਗਸਤ ਨੂੰ ਦਿੱਤਾ ਜਾਣ ਵਾਲਾ ਧਰਨਾ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਭਵਨ ਚੰਡੀਗੜ੍ਹ ਵਿਖੇ ਕਿਸਾਨ ਆਗੂਆਂ ਨਾਲ ਕਰੀਬ ਚਾਰ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਬਾਹਰ ਆਉਂਦੇ ਹੀ ਮੁੱਖ ਮੰਤਰੀ ਨੇ ਮੀਡੀਆ ਨੂੰ ਇਹ ਅਹਿਮ ਜਾਣਕਾਰੀ ਦਿੱਤੀ।
ਮੀਟਿੰਗ ਵਿਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਮੇਤ ਕਈ ਉੱਚ ਅਧਿਕਾਰੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਵਿਚ ਕਿਸਾਨਾਂ ਵੱਲੋਂ ਚੁੱਕੀਆਂ ਗਈਆਂ ਕਈ ਮੰਗਾਂ ਮੰਨ ਲਈਆਂ ਗਈਆਂ ਹਨ। ਇਸ ਤੋਂ ਸੰਤੁਸ਼ਟ ਹੋ ਕੇ ਕਿਸਾਨ ਆਗੂਆਂ ਨੇ ਬੁੱਧਵਾਰ 3 ਅਗਸਤ ਨੂੰ ਅੰਮ੍ਰਿਤਸਰ-ਦਿੱਲੀ ਰੋਡ ’ਤੇ ਧਰਨਾ ਦੇਣ ਦਾ ਫੈਸਲਾ ਵਾਪਸ ਲੈ ਲਿਆ ਹੈ।
ਸੀਐਮ ਮਾਨ ਨੇ ਕਿਹਾ ਕਿ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕੀਤੇ ਜਾਣਗੇ ਅਤੇ ਗੰਨੇ ਦੇ ਬਕਾਏ ਦੀ ਅਦਾਇਗੀ 7 ਅਗਸਤ ਤੱਕ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।