ਇਹ ਘਟਨਾਵਾਂ 2023 ਵਿਚ 36,663 ਤੋਂ ਘਟ ਕੇ 2024 ਵਿਚ 10,909 ਅਤੇ 2025 ਵਿਚ ਹੋਰ ਘਟ ਕੇ 5,114 ਰਹਿ ਗਈਆਂ ਹਨ।
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਪਰਾਲੀ ਸਾੜਨ ਦੇ ਰੁਝਾਨ ਨੂੰ ਹੋਰ ਠੱਲ੍ਹ ਪਾਉਣ ਲਈ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿਤਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ 2023 ਤੋਂ 2025 ਤਕ ਅਜਿਹੀਆਂ ਘਟਨਾਵਾਂ ਵਿਚ ਪਹਿਲਾਂ ਹੀ 86 ਫ਼ੀ ਸਦੀ ਕਮੀ ਆ ਚੁੱਕੀ ਹੈ।
ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਪਿੰਡਾਂ ਅਤੇ ਬਲਾਕਾਂ ਤਕ ਹੋਰ ਸ਼ਿੱਦਤ ਨਾਲ ਲੈ ਜਾਣ ਦੀ ਹਦਾਇਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦਾ ਵਾਤਾਵਰਣ ਬਚਾਉਣ ਲਈ ਗ਼ੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ.), ਸਮਾਜ ਸੇਵਕਾਂ, ਪੰਚਾਇਤਾਂ ਅਤੇ ਕਿਸਾਨਾਂ ਦੀ ਸਰਗਰਮ ਸਮੂਲੀਅਤ, ਵੱਡੇ ਪੱਧਰ ’ਤੇ ਸੋਸ਼ਲ ਮੀਡੀਆ ਦੀ ਪਹੁੰਚ ਅਤੇ ਮਜ਼ਬੂਤ ਇਨ-ਸੀਟੂ ਤੇ ਐਕਸ-ਸੀਟੂ (ਖੇਤ ਵਿਚ ਅਤੇ ਖੇਤ ਤੋਂ ਬਾਹਰ) ਪਰਾਲੀ ਪ੍ਰਬੰਧਨ ਬਹੁਤ ਜ਼ਰੂਰੀ ਹੈ।
ਪਰਾਲੀ ਦੇ ਪ੍ਰਬੰਧਨ ਦੀ ਰਣਨੀਤੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਸਿਆ ਕਿ ਇਸ ਸਾਲ ਪੰਜਾਬ ਵਿਚ ਲਗਪਗ 30 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਲੁਆਈ ਕੀਤੀ ਗਈ ਹੈ, ਜਿਸ ਤੋਂ 18.81 ਮਿਲੀਅਨ ਟਨ ਪਰਾਲੀ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ,“ਪੰਜਾਬ ਸਰਕਾਰ ਦੇ ਭਰਪੂਰ ਯਤਨਾਂ ਸਦਕਾ ਪੰਜਾਬ ਵਿਚ 2023 ਤੋਂ 2025 ਤਕ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ 86 ਫ਼ੀ ਸਦੀ ਕਮੀ ਆਈ ਹੈ। ਇਹ ਘਟਨਾਵਾਂ 2023 ਵਿਚ 36,663 ਤੋਂ ਘਟ ਕੇ 2024 ਵਿਚ 10,909 ਅਤੇ 2025 ਵਿਚ ਹੋਰ ਘਟ ਕੇ 5,114 ਰਹਿ ਗਈਆਂ ਹਨ।
ਸਾਨੂੰ ਇਸ ਨੂੰ ਹੋਰ ਅੱਗੇ ਲੈ ਕੇ ਜਾਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਹੋਰ ਵੀ ਕਮੀ ਆਵੇ।” ਜ਼ਮੀਨੀ ਪੱਧਰ ’ਤੇ ਤੇਜ਼ ਮੁਹਿੰਮ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,“ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਅਤੇ ਬਲਾਕ ਪੱਧਰ ’ਤੇ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ। ਹਰ ਹਿੱਸੇਦਾਰ ਨੂੰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਟਿਕਾਊ ਬਦਲ ਅਪਣਾਉਣ ਲਈ ਪ੍ਰੇਰਤ ਕਰਨ ਵਾਸਤੇ ਮਿਲ ਕੇ ਕੰਮ ਕਰਨਾ ਚਾਹੀਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਦੇ ਪੂਰਕ ਵਜੋਂ ਇਕ ਵਿਆਪਕ ਡਿਜੀਟਲ ਅਤੇ ਮਲਟੀਮੀਡੀਆ ਰਣਨੀਤੀ ਅਪਨਾਉਣ ਦਾ ਵੀ ਸੱਦਾ ਦਿਤਾ। ਉਨ੍ਹਾਂ ਕਿਹਾ,“ਰੇਡੀਓ ਜਿੰਗਲਜ਼, ਪਿ੍ਰੰਟ ਮੀਡੀਆ, ਟੈਲੀਵਿਜ਼ਨ, ਮੋਬਾਈਲ ਐਸ.ਐਮ.ਐਸ. ਤੇ ਆਊਟਡੋਰ ਮੀਡੀਆ ਨੂੰ ਸ਼ਾਮਲ ਕਰਦਿਆਂ ਵਿਸਤਿ੍ਰਤ ਡਿਜੀਟਲ ਯੋਜਨਾ ਲਾਗੂ ਕੀਤੀ ਜਾਣੀ ਚਾਹੀਦੀ ਹੈ। ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਉਪਲਬਧ ਪ੍ਰਬੰਧਨ ਵਿਕਲਪਾਂ ਬਾਰੇ ਵਿਆਪਕ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ ਜਾਗਰੂਕਤਾ ਮੁਹਿੰਮ ਵੀ ਵੱਡੇ ਪੱਧਰ ’ਤੇ ਚਲਾਈ ਜਾਣੀ ਚਾਹੀਦੀ ਹੈ।” ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਕਿਸਾਨਾਂ ਅਤੇ ਪੇਂਡੂ ਸੰਸਥਾਵਾਂ ਨੂੰ ਉਤਸ਼ਾਹਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,“ਤਰੱਕੀਪਸੰਦ ਕਿਸਾਨਾਂ, ਵਧੀਆ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ, ਪੈਕਸ (ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੁਸਾਇਟੀਆਂ) ਅਤੇ ਹੋਰ ਹਿੱਸੇਦਾਰਾਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਤ ਕੀਤਾ ਜਾਣਾ ਚਾਹੀਦਾ ਹੈ।
ਅਜਿਹਾ ਮਾਣ-ਸਤਿਕਾਰ ਦੂਜਿਆਂ ਨੂੰ ਵਧੀਆ ਅਭਿਆਸ ਅਪਨਾਉਣ ਅਤੇ ਪਰਾਲੀ ਪ੍ਰਬੰਧਨ ਨੂੰ ਸਮੂਹਕ ਅੰਦੋਲਨ ਬਣਾਉਣ ਲਈ ਉਤਸ਼ਾਹਤ ਕਰੇਗਾ।” ਮੀਟਿੰਗ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸਾਇੰਸ ਅਤੇ ਤਕਨਾਲੋਜੀ ਵਿਭਾਗ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਪ੍ਰਮੁਖ ਸਕੱਤਰ ਡਾ. ਰਵੀ ਭਗਤ, ਸਕੱਤਰ ਖੇਤੀਬਾੜੀ ਵਿਭਾਗ ਅਰਸ਼ਦੀਪ ਸਿੰਘ ਥਿੰਦ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।
