
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਖੇਤੀ ਮਸ਼ੀਨਰੀ ਦੀ ਵੰਡ ਸਬੰਧੀ ਕੈਂਪ ਲਗਾਇਆ ਗਿਆ
ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਖੇਤੀ ਮਸ਼ੀਨਰੀ ਦੀ ਵੰਡ ਸਬੰਧੀ ਕੈਂਪ ਲਗਾਇਆ ਗਿਆ, ਜਿਸ ਵਿਚ ਖੇਤੀਬਾੜੀ, ਕਿਸਾਨ ਭਲਾਈ ਤੇ ਫੂਡ ਪ੍ਰੋਸੈਸਿੰਗ ਮੰਤਰੀ ਕਾਕਾ ਰਣਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
Farmer Training Camp at Fatehgarh Sahib
ਇਸ ਮੌਕੇ ਕਿਸਾਨਾਂ ਨੇ ਰੋਸ ਜ਼ਾਹਰ ਕਰਦਿਆਂ ਲੋੜ ਵੇਲੇ ਮਸ਼ੀਨਰੀ ਨਾ ਮਿਲਣ ਦੀ ਸ਼ਿਕਾਇਤ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਅਤ ਤਾਂ ਚੰਗੀ ਹੈ ਪਰ ਨੀਤੀ ਨਹੀਂ। ਇਸ ਦੌਰਾਨ ਕਈ ਕਿਸਾਨ ਇਸ ਕੈਂਪ ਦੀ ਸ਼ਲਾਘਾ ਕਰਦੇ ਵੀ ਨਜ਼ਰ ਆਏ। ਕਿਸਾਨਾਂ ਦਾ ਕਹਿਣਾ ਹੈ ਕਿ ਇਹਨਾਂ ਕੈਂਪਾਂ ਵਿਚ ਕਿਸਾਨਾਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ। ਇਸ ਦੌਰਾਨ ਕਿਸਾਨਾਂ ਨੂੰ ਖੇਤੀ ਸਬੰਧੀ ਨਵੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਮਿਲਦੀ ਹੈ। ਉਹਨਾਂ ਕਿਸਾਨਾਂ ਨੂੰ ਸੁਨੇਹਾ ਦਿੱਤਾ ਕਿ ਅਜਿਹੇ ਮੇਲਿਆਂ ਵੀ ਸ਼ਾਮਲ ਹੋ ਕੇ ਜਾਗਰੂਕ ਹੋਣਾ ਚਾਹੀਦਾ ਹੈ।
Farmer Training Camp at Fatehgarh Sahib
ਕਿਸਾਨ ਸਿਖਲਾਈ ਕੈਂਪ ’ਚ ਪਹੁੰਚੇ ਖੇਤੀਬਾੜੀ, ਕਿਸਾਨ ਭਲਾਈ ਤੇ ਫੂਡ ਪ੍ਰੋਸੈਸਿੰਗ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਿਸਾਨਾਂ ਦਾ 4600 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁੱਕਾ ਹੈ ਅਤੇ ਲੱਖਾਂ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਚੁੱਕਾ ਹੈ। ਉਹਨਾਂ ਕਿਹਾ ਕਿ ਸਿਖਲਾਈ ਕੈਂਪਾਂ ਤੋਂ ਕਿਸਾਨਾਂ ਨੂੰ ਕਾਫੀ ਫਾਇਦਾ ਹੋਇਆ ਹੈ। ਉਹਨਾਂ ਨੂੰ ਸਬਸਿਡੀ 'ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕੁੱਲ 236 ਲਾਭਪਾਤਰੀਆਂ ਨੂੰ 50 ਫ਼ੀਸਦੀ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਜਦਕਿ ਕਿਸਾਨ ਗਰੁੱਪਾਂ ਅਤੇ ਸਭਾਵਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਰਾਹੀਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ | ਪਰਾਲੀ ਨਾ ਸਾੜਨ ਦਾ ਸੁਨੇਹਾ ਦੇਣ ਲਈ ਲੋਕਾਂ ਨੂੰ ਇਸ ਦੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
Farmer Training Camp at Fatehgarh Sahib
ਕਿਸਾਨ ਅੰਦੋਲਨ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਲੀ ਦੀਆਂ ਹੱਦਾਂ 'ਤੇ ਸ਼ਹੀਦ ਹੋ ਚੁੱਕੇ 157 ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ, ਜਦਕਿ 122 ਨੂੰ ਅਜੇ ਨਿਯੁਕਤੀ ਮਿਲਣੇ ਬਾਕੀ ਹਨ| ਐਮਐਸਪੀ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਕਿਸਾਨ ਉਦੋਂ ਤੱਕ ਨਹੀਂ ਉੱਠਣਗੇ ਜਦੋਂ ਤੱਕ ਉਹ ਸੁਰੱਖਿਅਤ ਮਹਿਸੂਸ ਨਹੀਂ ਕਰਨਗੇ, ਇਸ ਲਈ ਜਦੋਂ ਤੱਕ ਐਮਐਸਪੀ ਲਾਗੂ ਨਹੀਂ ਹੁੰਦੀ, ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਡਟੇ ਰਹਿਣਗੇ।