
30 ਦਸੰਬਰ ਨੂੰ ਚੰਡੀਗੜ੍ਹ 'ਚ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ
ਜਲੰਧਰ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਜਲੰਧਰ ਦੇ ਪੀਏਪੀ ਚੌਕ ਤੋਂ ਡੀਸੀ ਦਫ਼ਤਰ ਤੱਕ ਝੰਡਾ ਮਾਰਚ ਕੱਢਿਆ ਗਿਆ। ਇਸ ਦਾ ਮਕਸਦ ਲੋਕਾਂ ਨੂੰ ਪੰਜਾਬ ਵਿਚ ਪਾਣੀ ਦੀ ਸਮੱਸਿਆ ਪ੍ਰਤੀ ਜਾਗਰੂਕ ਕਰਨਾ ਹੈ। ਦੱਸ ਦਈਏ ਕਿ 30 ਦਸੰਬਰ ਨੂੰ ਕਿਸਾਨਾਂ ਵੱਲੋਂ ਚੰਡੀਗੜ੍ਹ 'ਚ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਕਸ਼ਮੀਰ ਸਿੰਘ ਜੰਡਿਆਲਾ ਨੇ ਦੱਸਿਆ ਕਿ ਪੰਜਾਬ ਵਿਚ ਦਿਨੋ-ਦਿਨ ਘੱਟ ਰਹੇ ਪਾਣੀ ਦੇ ਪੱਧਰ ਕਾਰਨ ਕਿਸਾਨਾਂ ਨੂੰ ਸਿੰਚਾਈ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਲੰਬੇ ਸਮੇਂ ਤੋਂ ਪਾਣੀ ਦੀ ਕਿੱਲਤ ਹੈ।
ਇਸ ਦੇ ਚਲਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਜਲੰਧਰ ਦੇ ਪੀਏਪੀ ਚੌਕ ਤੋਂ ਲੈ ਕੇ ਸਾਰੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਆਪਣੀਆਂ ਮੰਗਾਂ ਪ੍ਰਤੀ ਜਾਗਰੂਕ ਕੀਤਾ ਅਤੇ ਝੰਡਾ ਮਾਰਚ ਕੱਢਿਆ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਵਿਚ ਪਾਣੀ ਦੀ ਬਹੁਤ ਘਾਟ ਹੈ।
ਪੰਜਾਬ ਦਾ ਪਾਣੀ ਹੋਰ ਸੂਬਿਆਂ ਨੂੰ ਮੁਫ਼ਤ ਦਿੱਤਾ ਜਾ ਰਿਹਾ ਹੈ ਜਦਕਿ ਪੰਜਾਬ ਵਿਚ ਇਸ ਦੀ ਸਪਲਾਈ ਬਹੁਤ ਹੈ। ਕਿਸਾਨ ਆਗੂ ਨੇ ਕਿਹਾ ਕਿ ਇਸ ਸਬੰਧੀ ਕਈ ਵਾਰ ਸਰਕਾਰ ਨੂੰ ਮੰਗ ਪੱਤਰ ਦਿੱਤੇ ਗਏ ਅਤੇ ਮੀਟਿੰਗਾਂ ਕੀਤੀਆਂ ਪਰ ਕੋਈ ਹੱਲ ਨਹੀਂ ਨਿਕਲਿਆ।