
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿਸ਼ਨ ਪੰਜਾਬ ਤੋਂ ਬਾਅਦ ਮਿਸ਼ਨ ਯੂਪੀ ਅਤੇ ਉਤਰਾਖੰਡ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿਸ਼ਨ ਪੰਜਾਬ ਤੋਂ ਬਾਅਦ ਮਿਸ਼ਨ ਯੂਪੀ ਅਤੇ ਉਤਰਾਖੰਡ ਦਾ ਐਲਾਨ ਕੀਤਾ ਹੈ। ਗੁਰਨਾਮ ਚੜੂਨੀ ਨੇ ਕਿਹਾ ਕਿ ਪੰਜਾਬ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਵੀ ਭਾਜਪਾ ਦਾ ਵਿਰੋਧ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਹਰਿਆਣਾ ਦੇ ਸਾਰੇ ਸਾਥੀ 18 ਫਰਵਰੀ ਤੱਕ ਪੰਜਾਬ ਵਿਚ ਰਹਿਣਗੇ।
ਉਹਨਾਂ ਕਿਹਾ ਕਿ ਪੰਜਾਬ ਚੋਣਾਂ ਤੋਂ ਬਾਅਦ ਉਹ ਭਾਜਪਾ ਦਾ ਵਿਰੋਧ ਕਰਨ ਲਈ ਉੱਤਰ ਪ੍ਰਦੇਸ਼ ਜਾਣਗੇ। ਇਸ ਲਈ ਉਹਨਾਂ ਨੇ ਯੂਪੀ ਦੇ ਕੈਡਰ ਨੂੰ ਅਪੀਲ ਕੀਤੀ ਕਿ ਉਹਨਾਂ ਸਾਥੀਆਂ ਦਾ ਬਦਲਾ ਲੈਣ ਦਾ ਸਮਾਂ ਆ ਗਿਆ ਹੈ, ਜਿਨ੍ਹਾਂ ਨੂੰ ਭਾਜਪਾ ਦੇ ਮੰਤਰੀ ਨੇ ਗੱਡੀਆਂ ਨਾਲ ਕੁਚਲਿਆ ਹੈ। ਉਹਨਾਂ ਕਿਹਾ ਕਿ ਅਸੀਂ ਅਪਣਾ ਅਧਿਕਾਰ ਮੰਗ ਰਹੇ ਸੀ। ਅੱਜ ਤੱਕ ਮੰਤਰੀ ਨੇ ਅਸਤੀਫਾ ਨਹੀਂ ਦਿੱਤਾ।
ਚੜੂਨੀ ਨੇ ਲਖੀਮਪੁਰ ਖੀੜੀ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨ ਭਰਾਵਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਕਈਆਂ ਨੂੰ ਜੇਲ੍ਹ ਵਿਚ ਰੱਖਿਆ ਗਿਆ ਹੈ ਅਤੇ ਕਈਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਭਾਜਪਾ ਨੂੰ ਸੱਤਾ ਤੋਂ ਨਹੀਂ ਹਟਾਇਆ ਗਿਆ ਤਾਂ ਕਿਸਾਨ ਭਰਾਵਾਂ ਨੂੰ ਸਜ਼ਾ ਦਿੱਤੀ ਜਾਵੇਗੀ।
ਕਿਸਾਨ ਆਗੂ ਨੇ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦੇ ਲਈ ਤੁਸੀਂ ਖੁਦ ਜ਼ਿੰਮੇਵਾਰ ਹੋਵੋਗੇ। ਸਾਡੇ ਭਰਾਵਾਂ ਨੂੰ ਬਚਾਓ। ਭਾਜਪਾ ਦੀਆਂ ਜੜ੍ਹਾਂ ਉਖਾੜ ਦਿਓ। ਸ਼ਹੀਦ ਭਰਾਵਾਂ ਦਾ ਬਦਲਾ ਲਓ। ਜੇਕਰ ਕਿਸਾਨਾਂ ਦੇ ਕਾਤਲਾਂ ਦੀ ਜਿੱਤ ਹੋਈ ਤਾਂ 750 ਕਿਸਾਨਾਂ ਦੀ ਸ਼ਹਾਦਤ ਵਿਅਰਥ ਜਾਵੇਗੀ। ਜੇਕਰ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨੀ ਹੈ ਤਾਂ ਭਾਜਪਾ ਦੇ ਵਿਰੋਧੀ ਉਮੀਦਵਾਰ ਨੂੰ ਵੋਟ ਪਾ ਕੇ ਜਿਤਾਓ।