
ਪਹਿਲੀ ਵਾਰ ਪੰਜਾਬ ਵਿਚ ਕਣਕ ਅਤੇ ਝੋਨੇ ਤੋਂ ਇਲਾਵਾ ਕਿਸੇ ਹੋਰ ਫ਼ਸਲ ’ਤੇ ਦਿੱਤੀ ਜਾਵੇਗੀ MSP- CM ਮਾਨ
ਚੰਡੀਗੜ੍ਹ: ਪੰਜਾਬ ਸਰਕਾਰ ਚੋਣਾਂ ਵਿਚ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਨੌਕਰੀਆਂ ਦਾ ਤੋਹਫਾ ਦੇਣ ਤੋਂ ਬਾਅਦ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ ਹੁਣ ਪੰਜਾਬ ਸਰਕਾਰ ਨੇ ਕਣਕ ਅਤੇ ਝੋਨੇ ਤੋਂ ਬਾਅਦ ਮੂੰਗੀ ਦੀ ਫਸਲ 'ਤੇ ਵੀ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਹੈ।
ਇਹ ਫੈਸਲਾ ਸੁਣਾਉਂਦੇ ਹੋਏ ਸੀਐਮ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿਚ ਜੋ ਵੀ ਮੂੰਗੀ ਦੀ ਪੈਦਾਵਾਰ ਹੋਵੇਗੀ, ਸਰਕਾਰ ਉਸ ਨੂੰ ਐਮਐਸਪੀ ’ਤੇ ਖਰੀਦੇਗੀ। ਅਜਿਹੀ ਸਥਿਤੀ ਵਿਚ ਜੇਕਰ ਕਿਸਾਨ ਮੂੰਗੀ ਦੀ ਫ਼ਸਲ ਬੀਜਣਾ ਚਾਹੁੰਦਾ ਹੈ ਤਾਂ ਉਸ ਨੂੰ ਜ਼ਰੂਰ ਬੀਜਣਾ ਚਾਹੀਦਾ ਹੈ। ਉਹਨਾਂ ਅੱਗੇ ਦੱਸਿਆ ਕਿ ਕਿਸਾਨ ਮੂੰਗੀ ਤੋਂ ਬਾਅਦ ਝੋਨੇ ਦੀ 126 ਕਿਸਮ ਅਤੇ ਬਾਸਮਤੀ ਬੀਜ ਸਕਦੇ ਹਨ। ਉਹਨਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿਚ ਕਣਕ ਅਤੇ ਝੋਨੇ ਦੇ ਵਿਚਕਾਰ ਇਕ ਹੋਰ ਫਸਲ 'ਤੇ ਐਮਐਸਪੀ ਮਿਲੇਗਾ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ।