
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲੈ ਕੇ ਆਉਣ ਦੀ ਕੀਤੀ ਅਪੀਲ
ਬਰਨਾਲਾ (ਤਰਨਜੀਤ ਸਿੰਘ ਗੋਲਡੀ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਅੱਜ ਅਨਾਜ ਮੰਡੀ ਬਰਨਾਲਾ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਰਸਮੀਂ ਸ਼ੁਰੂਆਤ ਕਰਵਾਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਜ਼ਿਲ੍ਹੇ 'ਚ ਖਰੀਦੀ ਗਈ ਸਭ ਤੋਂ ਪਹਿਲੀ ਕਣਕ ਦੀ ਢੇਰੀ ਅਮਿਤ ਕੁਮਾਰ ਜਿੰਦਲ ਐਂਡ ਕੰਪਨੀ ਦੀ ਦੁਕਾਨ 'ਤੇ ਕਿਸਾਨ ਸਿਕੰਦਰ ਸਿੰਘ ਵਾਸੀ ਪਿੰਡ ਭੂਰੇ ਵਲੋਂ ਲਿਆਂਦੀ ਗਈ ਸੀ। ਸ੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 98 ਮੰਡੀਆਂ ਵਿੱਚ ਪਿਛਲੇ ਸਾਲ 4 ਲੱਖ 48 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ ਜਦੋਂ ਕਿ ਇਸ ਸਾਲ ਮੰਡੀਆਂ ਵਿੱਚ 5 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਖਰੀਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਾਰੀਆਂ ਮੰਡੀਆਂ ਵਿੱਚ ਸਮੇਂ ਸਿਰ ਸਟਾਫ ਤਾਇਨਾਤ ਕਰਨ ਅਤੇ ਖਰੀਦ ਕੇਂਦਰਾਂ ਵਿੱਚ ਸਮੇਂ ਸਿਰ ਬਾਰਦਾਨਾਂ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁਕਾ ਕੇ ਕਣਕ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਣਕ ਦੀ ਖਰੀਦ ਲਈ ਸਾਰੇ ਅਗੇਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਣਕ ਦੀ ਸੁਚੱਜੀ ਖਰੀਦ ਨੂੰ ਹਰ ਕੀਮਤ 'ਤੇ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਖੁਦ ਜਾ ਕੇ ਕਣਕ ਦੀ ਖਰੀਦ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਵਾਢੀ ਨਾ ਕਰਨ ਦਿੱਤੀ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਕੰਬਾਇਨਾਂ ਸਿੱਲੀ ਕਣਕ ਕੱਟਦੀਆਂ ਹਨ ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਖਰੀਦ, ਖਰੀਦੀ ਗਈ ਕਣਕ ਦੀ ਮੰਡੀਆਂ ਵਿੱਚੋਂ ਲਿਫਟਿੰਗ ਅਤੇ ਸਟੋਰੇਜ ਵਾਲੀ ਜਗ੍ਹਾ 'ਤੇ ਵਾਹਨਾਂ ਤੋਂ ਤੁਰੰਤ ਕਣਕ ਦੀ ਲੁਹਾਈ ਕਰਵਾਉਣ ਵਾਸਤੇ ਲੇਬਰ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਨਾਲੋ-ਨਾਲ ਕਿਸਾਨਾਂ ਨੂੰ ਅਦਾਇਗੀ ਵੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫਸਰ ਨੂੰ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾ, ਬਿਜਲੀ ਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਲਈ ਕਿਹਾ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਮੰਡੀ ਸੁਪਰਵਾਈਜ਼ਰਾਂ ਨੂੰ ਇਹ ਵੀ ਕਿਹਾ ਕਿ ਕਣਕ ਦੀ ਖਰੀਦ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਣ 'ਤੇ ਤੁਰੰਤ ਸਬੰਧਤ ਐਸ.ਡੀ.ਐਮ. ਜਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਜਾਂ ਜ਼ਿਲ੍ਹਾ ਪੱਧਰ 'ਤੇ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸਿਕੰਦਰ ਸਿੰਘ ਸੰਗੋਵਾਲ, ਡੀ.ਐਫ.ਐਸ.ਸੀ. ਸਵੀਟੀ ਦੇਵਗਨ, ਸੈਕਟਰੀ ਮਾਰਕਿਟ ਕਮੇਟੀ ਸ੍ਰੀ ਚਮਕੌਰ ਸਿੰਘ ਸਿੱਧੂ, ਪੰਜਾਬ ਐਗਰੋ ਦੇ ਇੰਸਪੈਕਟਰ ਸੁਖਵਿੰਦਰ ਸਿੰਘ, ਆਕਸਨ ਰਿਕਾਰਡਰ ਜਗਸੀਰ ਸਿੰਘ, ਗੁਰਮੇਲ ਸਿੰਘ ਤੇ ਕੁਲਦੀਪ ਸਿੰਘ, ਦੋਵੇਂ ਮੰਡੀ ਸੁਪਰਵਾਇਜ਼ਰ, ਦਰਸ਼ਨ ਸਿੰਘ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਇੰਦਰਜੀਤ ਸ਼ਰਮਾ, ਤੇਜਪਾਲ ਮਾਂਗੇਵਾਲ, ਰਾਜੂ ਸ਼ਰਮਾ, ਰਾਜੂ ਸ਼ਹਿਣੇ ਵਾਲਾ, ਧੀਰਜ ਕੁਮਾਰ ਦੱਧਾਹੂਰ, ਕ੍ਰਿਸ਼ਨ ਕੁਮਾਰ ਬਿੱਟੂ ਆਦਿ ਹਾਜ਼ਰ ਸਨ।