
ਸਿੰਚਾਈ ਪੰਪ- ਪੰਜਾਬ ਵਿਚ ਸਿੰਚਾਈ ਲਈ ਚਾਰ ਤਰ੍ਹਾਂ ਦੇ ਪੰਪ ਵਰਤੇ ਜਾਂਦੇ ਹਨ...
ਚੰਡੀਗੜ੍ਹ: ਸਿੰਚਾਈ ਪੰਪ- ਪੰਜਾਬ ਵਿਚ ਸਿੰਚਾਈ ਲਈ ਚਾਰ ਤਰ੍ਹਾਂ ਦੇ ਪੰਪ ਵਰਤੇ ਜਾਂਦੇ ਹਨ। ਉਹ ਹਨ, ਸੈਂਟਰੀਫਿਊਗਲ ਪੰਪ, ਪਰੋਪੈਲਰ ਪੰਪ, ਟਰਬਾਈਨ ਪੰਪ ਅਤੇ ਸਬਮਰਸੀਬਲ ਪੰਪ। ਸੈਂਟਰੀਫਿਊਗਲ ਪੰਪਾਂ ਦੀ ਵਰਤੋਂ ਵਧੇਰੇ ਕੀਤੀ ਜਾਂਦੀ ਹੈ। ਇਹ ਪੰਪ ਬਣਤਰ ਵਿਚ ਸਧਾਰਣ, ਚਲਾਉਣੇ ਸੌਖੇ, ਸਸਤੇ ਅਤੇ ਲਗਾਤਾਰ ਚੰਗਾ ਪਾਣੀ ਕੱਢਦੇ ਹਨ। ਇਹ ਪੰਪ ਆਮਤੌਰ ਤੇ 4 ਮੀਟਰ ਤੋਂ 60 ਮੀਟਰ ਤੱਕ ਡੂੰਘਾਈ ਤੋਂ ਪਾਣੀ ਚੁੱਕਣ ਲਈ ਵਰਤੇ ਜਾਂਦੇ ਹਨ। ਪ੍ਰੋਪੈਲਰ ਪੰਪ ਆਮ ਤੌਰ ਤੇ 4 ਮੀਟਰ ਤੋਂ ਘੱਟ ਡੂੰਘਾਈ ਤੋਂ ਪਾਣੀ ਕੱਢਣ ਲਈ ਵਰਤੇ ਜਾਂਦੇ ਹਨ।
ਇਹ ਪੰਪ ਖਾਲਾਂ, ਨਾਲਿਆਂ, ਟੋਭਿਆਂ ਜਾਂ ਦਰਿਆਵਾਂ ਆਦਿ ਵਿਚੋਂ ਪਾਣੀ ਕੱਢਣ ਲਈ ਵਰਤੇ ਜਾਂਦੇ ਹਨ। ਇਸ ਪੰਪ ਦੀ ਬਣਤਰ ਸਧਾਰਣ ਹੈ ਅਤੇ ਇਸ ਦੀ ਦੇਖਭਾਲ ਅਤੇ ਮੁਰੰਮਤ ਵੀ ਸੌਖੀ ਹੈ। ਜਦੋਂ ਪਾਣੀ ਦੀ ਸਤ੍ਹਾ ਸੈਂਟਰੀਫਿਊਗਲ ਪੰਪ ਦੀ ਸਮਰੱਥਾ ਤੋਂ ਦੂਰ ਹੋਵੇ ਜਾਂ ਪਾਣੀ ਦੀ ਸਤ੍ਹਾ ਵੱਧਦੀ ਘੱਟਦੀ ਰਹਿੰਦੀ ਹੋਵੇ ਤਾਂ ਉਥੇ ਟਰਬਾਈਨ ਪੰਪ ਜਾਂ ਸਬਮਰਸੀਬਲ ਪੰਪ ਵਰਤਿਆ ਜਾਂਦਾ ਹੈ। ਇਹ ਪੰਪ ਕਾਫੀ ਮਹਿੰਗੇ ਹੁੰਦੇ ਹਨ ਅਤੇ ਸੈਂਟਰੀਫਿਊਗਲ ਪੰਪ ਦੇ ਮੁਕਾਬਲੇ ਲਾਉਣੇ ਅਤੇ ਮੁਰੰਮਤ ਕਰਨੇ ਵੀ ਔਖੇ ਹਨ। ਚੋਣ: ਰਕਬੇ ਦੇ ਹਿਸਾਬ ਨਾਲ ਪਾਣੀ ਦੀ ਡੂੰਘਾਈ ਅਤੇ ਪਾਣੀ ਦੀ ਲੋੜੀਂਦੀ ਮਿਕਦਾਰ ਬਾਰੇ ਜਾਨਣਾ ਬਹੁਤ ਜ਼ਰੂਰੀ ਹੈ।
ਇਸ ਜਾਣਕਾਰੀ ਦੇ ਹਿਸਾਬ ਨਾਲ ਵੱਧ ਤੋਂ ਵੱਧ ਸਮਰੱਥਾ ਵਾਲੇ ਪੰਪ ਦੀ ਚੋਣ ਕੀਤੀ ਜਾਂਦੀ ਹੈ। ਮਸ਼ਹੂਰ ਪੰਪ ਬਣਾਉਣ ਵਾਲੀਆਂ ਕੰਪਨੀਆਂ ਪੰਪ ਦੀਆਂ ਲਕਸ਼ਨਿਕ ਕਰਵਜ਼ ਅਤੇ ਹੋਰ ਜਾਣਕਾਰੀ ਜਿਹੜੀ ਮੁੱਖ ਲੱਛਣਾਂ ਦਾ ਨਿਚੋੜ ਦੱਸਦੀ ਹੈ, ਦੇਂਦੇ ਹਨ। ਅਲੱਗ-ਅਲੱਗ ਫਰਮਾਂ ਦੇ ਬਣਾਏ ਹੋਏ ਪੰਪ ਇਕ ਦੂਜੇ ਤੋਂ ਕੀਮਤ, ਕੰਮ ਕਰਨ ਦੀ ਯੋਗਤਾ ਅਤੇ ਉਪਯੋਗਤਾ ਵਿਚ ਅਲੱਗ-ਅਲੱਗ ਹੁੰਦੇ ਹਨ। ਪੰਪ ਦੀ ਉਪਯੋਗਤਾ 50-10 ਫ਼ੀਸਦੀ ਤੱਕ ਘੱਟ ਵੱਧ ਸਕਦੀ ਹੈ। ਚੰਗੇ ਪੰਪ ਜ਼ਿਆਦਾ ਤੋਂ ਜ਼ਿਆਦਾ ਉਪਯੋਗਤਾ ਵਾਲੇ ਚੁਣਨੇ ਚਾਹੀਦੇ ਹਨ।
ਜਿਥੋਂ ਤੱਕ ਉਪਯੋਗਤਾ ਦਾ ਸਬੰਧ ਹੈ ਆਈ ਐੱਸ ਆਈ ਅਤੇ ਪੰਜਾਬ ਕੁਆਲਿਟੀ ਦੇ ਨਿਸ਼ਾਨ ਵਾਲੇ ਪੰਪਾਂ ਤੇ ਭਰੋਸਾ ਕੀਤਾ ਜਾ ਸਕਦਾ ਹੈ। ਪੰਪ ਖ਼ਰੀਦਣ ਵੇਲੇ ਪੰਪ ਬਣਾਉਣ ਜਾਂ ਵਿਕਰੇਤਾ ਦੀ ਜਾਣਕਾਰੀ ਲਈ ਕਿਸਾਨ ਨੂੰ ਹੇਠ ਲਿਖੀਆਂ ਗੱਲਾਂ ਦਾ ਪਤਾ ਹੋਣਾ ਜ਼ਰੂਰੀ ਹੈ ਤਾਂ ਕਿ ਉਹ ਉਸ ਨੂੰ ਚੰਗਾ ਪੰਪ ਦੇ ਸਕਣ।
ਪਾਣੀ ਦਾ ਸਾਧਨ, (ਖੁੱਲ੍ਹਾ ਖੂਹ, ਟਿਊਬਵੈੱਲ ਜਾਂ ਨਹਿਰੀ ਪਾਣੀ)
ਪਾਣੀ ਦੇ ਖਿਚਾਓ ਦੀ ਉਚਾਈ
ਬੀਜਣ ਵਾਲੀਆਂ ਫ਼ਸਲਾਂ
ਫ਼ਸਲਾਂ ਹੇਠ ਕੁਲ ਰਕਬਾ
ਚਲਾਉਣ ਦਾ ਸਾਧਨ (ਇੰਜਣ ਜਾਂ ਮੋਟਰ) ਬਿਜਲੀ ਵਾਲੀ ਮੋਟਰ ਦੀ ਸੂਰਤ ਵਿਚ ਬਿਜਲੀ ਆਉਣ ਦਾ ਸਮਾਂ
ਖੇਤ ਵਿਚ ਟਿਊਬਵੈੱਲ ਦੀ ਸਥਿਤੀ
ਚਲਾਉਣ ਦਾ ਢੰਗ (ਪਟੇ ਨਾਲ, ਪੱਖਾ ਮੋਟਰ ਜੋੜ ਕੇ ਜਾਂ ਮੋਨੋਬਲਾਕ)
ਪਾਣੀ ਲਿਜਾਉਣ ਦਾ ਤਰੀਕਾ, ਪੱਕੀਆਂ ਖਾਲਾਂ, ਕੱਚੀਆਂ ਖਾਲਾਂ ਜਾਂ ਜ਼ਮੀਨ ਅੰਦਰ ਪਾਈਪਾਂ ਰਾਹੀਂ
ਇਲਾਕੇ ਵਿਚ ਜ਼ਮੀਨ ਹੇਠਲੇ ਪਾਣੀ ਦੀ ਕਿਸਮ ਪੰਪਾਂ ਦੀ ਠੀਕ ਵਰਤੋਂ ਲਈ ਹਦਾਇਤਾਂ: ਸੈਂਟਰੀਫਿਊਗਲ ਪੰਪ ਨੂੰ ਪਾਣੀ ਦੀ ਸਤ੍ਹਾ ਤੋਂ 1-2 ਮੀਟਰ ਤੋਂ ਜ਼ਿਆਦਾ ਉੱਚਾ ਨਾ ਰੱਖੋ। ਵਿਕਰੇਤਾ ਕੋਲੋਂ ਵੱਖ-ਵੱਖ ਤਰ੍ਹਾਂ ਦੇ ਡਿਜ਼ਾਈਨ ਦੇਖ ਕੇ ਪੰਪ ਦੀ ਚੋਣ ਕਰੋ। ਵੱਧ ਅਰਧ ਵਿਆਸ ਵਾਲੇ ਮੋੜਾਂ ਦੀ ਵਰਤੋਂ ਕਰੋ। ਟਿਊਬਵੈੱਲ ਦੀ ਨਿਕਾਸ ਪਾਈਪ ਨੂੰ ਜ਼ਮੀਨ ਤੋਂ ਘੱਟ ਤੋਂ ਘੱਟ ਸੰਭਵ ਉਚਾਈ (50 - 60 ਸੈਂਟੀਮੀਟਰ) ਰੱਖੋ।
ਜੁਆਇੰਟ ਡੋਰੀ ਚੰਗੀ ਕੁਆਲਿਟੀ ਦੀ ਵਰਤੋ: ਜੁਆਇੰਟ ਡੋਰੀ ਨੂੰ ਇਸ ਤਰੀਕੇ ਨਾਲ ਲਾਓ ਕਿ ਇਸ ਵਿਚੋਂ ਤਕਰੀਬਨ 20 ਬੂੰਦਾਂ ਪ੍ਰਤੀ ਮਿੰਟ ਡਿੱਗਣ। ਜੁਆਇੰਟ ਡੋਰੀ ਟੁਕੜਿਆਂ ਵਿਚ ਜਿਹੜੇ ਪੰਪ ਸ਼ਾਫਟ ਦੇ ਘੇਰੇ ਦੇ ਬਰਾਬਰ ਹੋਣ, ਪਾਓ । ਹਰ ਟੁਕੜੇ ਦੇ ਸਿਰੇ ਇਕ ਦੂਜੇ ਟੁਕੜੇ ਦੇ ਸਿਰੇ ਨਾਲ ਨਹੀਂ ਮਿਲਣੇ ਚਾਹੀਦੇ। ਪੰਪ ਦੀ ਮੁਰੰਮਤ ਪੰਪ ਬਨਾਉਣ ਵਾਲਿਆਂ ਦੀਆਂ ਹਦਾਇਤਾਂ ਅਨੁਸਾਰ ਕਰੋ। ਜੋੜਾਂ ਵਿਚੋਂ ਪਾਣੀ ਨਾ ਨਿਕਲੇ, ਇਸ ਲਈ ਚੰਗੀ ਕਿਸਮ ਦੇ ਗਾਸਕੈਟ ਪਾ ਕੇ ਜੋੜਾਂ ਨੂੰ ਚੰਗੀ ਤਰ੍ਹਾਂ ਕੱਸੋ। ਪੰਪ ਸਿਫ਼ਾਰਸ਼ ਕੀਤੇ ਗਏ ਚੱਕਰਾਂ ਤੇ ਚਲਾਓ। ਪਟੇ ਨਾਲ ਚੱਲਣ ਵਾਲੇ ਪੰਪਾਂ ਲਈ ਚੰਗੀ ਕਿਸਮ ਦੇ ਪਟੇ ਵਰਤੋ।
ਸਕਸ਼ਨ ਅਤੇ ਨਿਕਾਸ ਪਾਈਪਾਂ ਠੀਕ ਆਕਾਰ ਦੀਆਂ ਵਰਤੋ। ਰੀਫਲੈਕਸ ਵਾਲਵ ਚੰਗੀ ਕਿਸਮ ਦਾ ਵਰਤੋ ਜਿਸ ਦੀ ਟਿੱਕੀ ਪੂਰੀ ਤਰ੍ਹਾਂ ਖੁੱਲੇ। ਪੰਪ ਫਿਟ ਕਰਨ ਵਾਲੀ ਥਾਂ ਪੱਕੀ ਅਤੇ ਪੱਧਰੀ ਹੋਵੇ ਅਤੇ ਜਿਸ ਵਿਚ ਸਰੀਏ ਦਿੱਤੇ ਹੋਏ ਹੋਣ। ਪੰਪ ਤੇ ਮੋਟਰ ਦੀ ਅਲਾਈਨਮੈਂਟ (ਸੇਧ) ਠੀਕ ਰੱਖੋ।