
ਮੁੱਖ ਮੰਤਰੀ ਭਗਵੰਤ ਮਾਨ ਅੱਜ ਕਣਕ ਦੀ ਪਹਿਲੀ ਖੇਪ ਦੀ ਆਮਦ ਮੌਕੇ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਪਹੁੰਚੇ।
ਖੰਨਾ: ਮੁੱਖ ਮੰਤਰੀ ਭਗਵੰਤ ਮਾਨ ਅੱਜ ਕਣਕ ਦੀ ਪਹਿਲੀ ਖੇਪ ਦੀ ਆਮਦ ਮੌਕੇ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਪਹੁੰਚੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸਥਿਤੀ ਦਾ ਜਾਇਜ਼ਾ ਲੈ ਲਿਆ ਹੈ ਪਰ ਅੱਜ ਉਹ ਖੁਦ ਮੰਡੀਆਂ ਦਾ ਪ੍ਰਬੰਧ ਦੇਖਣ ਆਏ ਹਨ ਤਾਂ ਜੋ ਕਿਸਾਨਾਂ ਨੂੰ ਪੀਣ ਵਾਲੇ ਸਾਫ ਪਾਣੀ, ਬਾਥਰੂਮ, ਮਜ਼ਦੂਰਾਂ ਦੇ ਬੈਠਣ ਆਦਿ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿਚ ਕੁੱਲ 2262 ਮੰਡੀਆਂ ਹਨ, ਜਿਨ੍ਹਾਂ ਵਿਚੋਂ 1862 ਪੱਕੀਆਂ ਅਤੇ 400 ਮੰਡੀਆਂ ਅਸਥਾਈ ਹਨ ਅਤੇ ਇਹ ਇਸੇ ਤਰ੍ਹਾਂ ਜਾਰੀ ਰਹਿਣਗੀਆਂ। ਇਸ ਵਾਰ 135 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਉਮੀਦ ਹੈ, ਜਿਸ ਵਿਚੋਂ ਕਰੀਬ 9 ਲੱਖ ਇਕੱਲੇ ਖੰਨਾ ਜ਼ਿਲ੍ਹੇ ਵਿਚ ਪਹੁੰਚਣ ਦੀ ਉਮੀਦ ਹੈ।
ਉਹਨਾਂ ਕਿਹਾ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਅਦਾਇਗੀ, ਬਾਰਦਾਨੇ ਦੀ ਕਮੀ, ਟਰਾਂਸਪੋਰਟ ਆਦਿ ਵਿਚ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ, ਜੇਕਰ ਅਸੀਂ ਕਿਸਾਨਾਂ ਨੂੰ ਅੰਨਦਾਤਾ ਕਹਿੰਦੇ ਹਾਂ ਤਾਂ ਉਹਨਾਂ ਨਾਲ ਦਾਤਾ ਵਾਲਾ ਵਰਤਾਅ ਕੀਤਾ ਜਾਣਾ ਚਾਹੀਦਾ ਹੈ। ਪਿਛਲੀਆਂ ਸਰਕਾਰਾਂ ਨੇ ਅੰਨਦਾਤਾ ਨੂੰ ਰੋਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚੋਂ ਕਣਕ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ।
ਉਹਨਾਂ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਪ੍ਰਾਈਵੇਟ ਆੜ੍ਹਤੀਆਂ ਐਮਐਸਪੀ ਤੋਂ ਪੰਜ ਰੁਪਏ ਵੱਧ ਨਾਲ ਕਣਕ ਖਰੀਦ ਰਹੇ ਹਨ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਅਸੀਂ ਉਸ ਨੂੰ ਇਨਾਮ ਦੇਵਾਂਗੇ। ਉਹਨਾਂ ਕਿਹਾ ਕਿ ਐਮਐਸਪੀ ਤੋਂ ਉੱਪਰ ਕੋਈ ਵੀ ਵਿਅਕਤੀ ਕਣਕ ਖਰੀਦ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।