Advertisement

ਝੋਨੇ ਦੀ ਫ਼ਸਲ ‘ਚ ਸੁਚੱਜਾ ਪ੍ਰਬੰਧ ਕਰਨ ਦੀ ਜ਼ਰੂਰਤ

ਸਪੋਕਸਮੈਨ ਸਮਾਚਾਰ ਸੇਵਾ | Edited by : ਗੁਰਬਿੰਦਰ ਸਿੰਘ
Published Aug 9, 2019, 10:02 am IST
Updated Aug 9, 2019, 10:02 am IST
ਝੋਨਾ ਪੰਜਾਬ ਵਿਚ ਸਾਉਣੀ ਦੀ ਮੁੱਖ ਫ਼ਸਲ ਹੈ। ਇਸ ਫ਼ਸਲ ਦੇ ਵਧਣ-ਫੁੱਲਣ...
Paddy
 Paddy

ਚੰਡੀਗੜ੍ਹ: ਝੋਨਾ ਪੰਜਾਬ ਵਿਚ ਸਾਉਣੀ ਦੀ ਮੁੱਖ ਫ਼ਸਲ ਹੈ। ਇਸ ਫ਼ਸਲ ਦੇ ਵਧਣ-ਫੁੱਲਣ ਲਈ 20 ਤੋਂ 37.5 ਡਿਗਰੀ ਸੈਂਟੀਗਰੇਡ ਤਾਪਮਾਨ ਬਹੁਤ ਚੰਗਾ ਹੈ। ਬੂਟੇ ਦੇ ਜੜ੍ਹ ਮਾਰਨ ਸਮੇਂ ਕੁਝ ਵਧੇਰੇ ਤਾਪਮਾਨ ਦੀ ਲੋੜ ਹੈ ਪਰ ਨਿਸਰਣ ਸਮੇਂ 26.5 ਤੋਂ 29.5 ਡਿਗਰੀ ਸੈਂਟੀਗਰੇਡ ਤਾਪਮਾਨ ਚਾਹੀਦਾ ਹੈ। ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ ਦੇ ਆਧਾਰ 'ਤੇ ਕਰੋ। ਲੋੜ ਅਨੁਸਾਰ ਰਸਾਇਣਕ ਖਾਦਾਂ ਦੀ ਵਰਤੋਂ ਕਰ ਕੇ ਅਸੀਂ ਵੱਧ ਝਾੜ ਲੈਣ ਦੇ ਨਾਲ-ਨਾਲ ਵਾਤਾਵਰਨ ਤੇ ਜ਼ਮੀਨਦੋਜ਼ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਸਕਦੇ ਹਾਂ।
 

ਰਸਾਇਣਕ ਖਾਦਾਂ ਦੀ ਵਰਤੋਂ

Advertisement

ਖੇਤ 'ਚ ਆਖ਼ਰੀ ਕੱਦੂ ਕਰਨ ਤੋਂ ਪਹਿਲਾਂ ਸਾਰੀ ਫਾਸਫੋਰਸ ਤੇ ਸਾਰੀ ਪੋਟਾਸ਼ ਖਾਦ ਪਾ ਦੇਣੀ ਚਾਹੀਦੀ ਹੈ ਜਦਕਿ ਇਕ-ਤਿਹਾਈ ਨਾਈਟ੍ਰੋਜਨ ਖਾਦ ਆਖ਼ਰੀ ਕੱਦੂ ਤੋਂ ਪਹਿਲਾਂ ਜਾਂ ਪਨੀਰੀ ਲਗਾਉਣ ਤੋਂ ਦੋ ਹਫ਼ਤੇ ਤਕ ਪਾ ਦੇਵੋ। ਬਾਕੀ ਰਹਿੰਦੀ ਨਾਈਟ੍ਰੋਜਨ ਖਾਦ ਨੂੰ ਦੋ ਬਰਾਬਰ ਹਿੱਸਿਆਂ ਵਿਚ ਪਨੀਰੀ ਲਗਾਉਣ ਤੋਂ 3 ਅਤੇ 6 ਹਫ਼ਤੇ ਬਾਅਦ ਛੱਟੇ ਨਾਲ ਪਾਓ। ਫਾਸਫੋਰਸ ਵਾਲੀ ਖਾਦ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤਿਆਂ ਤਕ ਪਾਈ ਜਾ ਸਕਦੀ ਹੈ। ਨਾਈਟ੍ਰੋਜਨ ਖਾਦ ਦੀ ਦੂਸਰੀ ਤੇ ਤੀਸਰੀ ਕਿਸ਼ਤ ਉਸ ਵੇਲੇ ਪਾਓ ਜਦੋਂ ਖੇਤ ਵਿਚ ਪਾਣੀ ਖੜ੍ਹਾ ਨਾ ਹੋਵੇ। ਖਾਦ ਪਾਉਣ ਤੋਂ ਤੀਸਰੇ ਦਿਨ ਬਾਅਦ ਪਾਣੀ ਲਗਾਓ।

ਜ਼ਿੰਕ ਦੀ ਘਾਟ

ਜ਼ਿੰਕ ਦੀ ਘਾਟ ਕਾਰਨ ਬੂਟੇ ਮਧਰੇ ਰਹਿ ਜਾਂਦੇ ਹਨ ਤੇ ਬੂਟਾ ਜੜ੍ਹ ਬਹੁਤ ਘੱਟ ਮਾਰਦਾ ਹੈ। ਅਜਿਹੇ ਬੂਟਿਆਂ ਦੇ ਪੱਤੇ ਜੰਗਾਲੇ ਜਿਹੇ ਤੇ ਭੂਰੇ ਹੋ ਜਾਂਦੇ ਹਨ। ਪੱਤੇ ਦੀ ਵਿਚਕਾਰਲੀ ਨਾੜ ਦਾ ਰੰਗ ਬਦਲ ਜਾਂਦਾ ਹੈ ਤੇ ਬਾਅਦ 'ਚ ਪੱਤੇ ਸੁੱਕ ਜਾਂਦੇ ਹਨ। ਜਿਨ੍ਹਾਂ ਖੇਤਾਂ ਵਿਚ ਪਿਛਲੇ ਸਾਲ ਵੀ ਇਹ ਘਾਟ ਸੀ, ਉਨ੍ਹਾਂ ਖੇਤਾਂ ਵਿਚ ਜ਼ਿੰਕ ਦੀ ਘਾਟ ਪੂਰੀ ਕਰਨ ਲਈ ਕੱਦੂ ਕਰਨ ਸਮੇਂ 25 ਕਿੱਲੋ ਜ਼ਿੰਕ ਸਲਫੇਟ ਹੈਪਟਾਹਾਈਡਰੇਟ (21 ਫ਼ੀਸਦੀ) ਜਾਂ 16 ਕਿੱਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (33 ਫ਼ੀਸਦੀ) ਪ੍ਰਤੀ ਏਕੜ ਦੇ ਹਿਸਾਬ ਨਾਲ ਖਿਲਾਰ ਦੋਵੇ। ਫ਼ਸਲ ਵਿਚ ਇਹ ਨਿਸ਼ਾਨੀਆਂ ਨਜ਼ਰ ਆਉਣ 'ਤੇ ਉਸੇ ਵੇਲੇ ਜ਼ਿੰਕ ਸਲਫੇਟ ਖੇਤ ਵਿਚ ਛੱਟੇ ਨਾਲ ਪਾਓ। ਬਹੁਤ ਮਾੜੀਆਂ ਜ਼ਮੀਨਾਂ ਵਿਚ ਜ਼ਿੰਕ ਸਲਫੇਟ ਦੀ ਵਰਤੋਂ ਦੇ ਬਾਵਜੂਦ ਜ਼ਿੰਕ ਦੀ ਘਾਟ ਧੋੜੀਆਂ ਵਿਚ ਨਜ਼ਰ ਆ ਸਕਦੀ ਹੈ। ਅਜਿਹੀ ਹਾਲਤ ਵਿਚ 10 ਕਿੱਲੋ ਜ਼ਿੰਕ ਸਲਫੇਟ ਹੈਪਟਾਹਾਈਡ੍ਰੇਟ (21 ਫ਼ੀਸਦੀ) ਜਾਂ 6.5 ਕਿੱਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (33 ਫ਼ੀਸਦੀ) ਨੂੰ ਏਨੀ ਹੀ ਸੁੱਕੀ ਮਿੱਟੀ ਵਿਚ ਰਲਾ ਕੇ ਘਾਟ ਵਾਲੀਆਂ ਥਾਵਾਂ 'ਚ ਖਿਲਾਰ ਦੇਵੋ।

ਲੋਹੇ ਦੀ ਘਾਟ

ਜ਼ਿਆਦਾ ਰੇਤਲੀਆਂ ਜ਼ਮੀਨਾਂ ਵਿਚ, ਜਿੱਥੇ ਪਾਣੀ ਦੀ ਘਾਟ ਹੋਵੇ, ਪਨੀਰੀ ਲਗਾਉਣ ਤੋਂ ਕੁਝ ਦਿਨਾਂ ਬਾਅਦ ਬੂਟੇ ਦੇ ਨਵੇਂ ਨਿਕਲ ਰਹੇ ਪੱਤੇ ਪੀਲੇ ਪੈ ਜਾਂਦੇ ਹਨ। ਇਸ ਨਾਲ ਬੂਟੇ ਮਰ ਜਾਂਦੇ ਹਨ ਤੇ ਕਈ ਵਾਰੀ ਸਾਰੀ ਫ਼ਸਲ ਹੀ ਤਬਾਹ ਹੋ ਜਾਂਦੀ ਹੈ। ਜਦੋਂ ਅਜਿਹੇ ਪੀਲੇਪਨ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਫ਼ਸਲ ਨੂੰ ਛੇਤੀ-ਛੇਤੀ ਭਰਵੇਂ ਪਾਣੀ ਦਿਓ। ਇਕ ਹਫ਼ਤੇ ਦੀ ਵਿੱਥ ਰੱਖ ਕੇ ਇਕ ਫ਼ੀਸਦੀ ਆਇਰਨ ਤੱਤ ਦਾ ਛਿੜਕਾਅ ਪੱਤਿਆਂ ਉੱਪਰ ਕਰੋ। ਇਸ ਲਈ ਇਕ ਕਿੱਲੋ ਫੈਰਸ ਸਲਫੇਟ ਨੂੰ 100 ਲੀਟਰ ਪਾਣੀ 'ਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ। ਅਜਿਹੇ 2-3 ਛਿੜਕਾਅ ਕਰਨ ਨਾਲ ਲੋਹੇ ਦੀ ਘਾਟ ਪੂਰੀ ਕੀਤੀ ਜਾ ਸਕਦੀ ਹੈ।

ਜੈਵਿਕ ਖਾਦਾਂ ਦੀ ਵਰਤੋਂ

ਚੰਗਾ ਝਾੜ ਲੈਣ ਤੇ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਜੈਵਿਕ ਤੇ ਰਸਾਇਣਕ ਖਾਦਾਂ ਦੀ ਰਲਵੀਂ ਵਰਤੋਂ ਕਰੋ। ਝੋਨੇ ਦੀ ਲੁਆਈ ਤੋਂ ਪਹਿਲਾਂ ਰੂੜੀ ਜਾਂ ਪ੍ਰੈਸਮੱਡ ਜਾਂ ਮੁਰਗੀਆਂ ਦੀ ਖਾਦ ਜਾਂ ਸੁੱਕੀ ਹੋਈ ਗੋਬਰ ਗੈਸ ਸੱਲਰੀ ਜਾਂ ਹਰੀ ਖਾਦ ਦੀ ਵਰਤੋ ਕੀਤੀ ਜਾ ਸਕਦੀ ਹੈ। ਇਨ੍ਹਾਂ ਖਾਦਾਂ ਦੀ ਵਰਤੋਂ ਕਰ ਕੇ ਯੂਰੀਆ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ।

ਪੱਤਾ ਰੰਗ ਚਾਰਟ ਦੀ ਵਰਤੋਂ

ਝੋਨੇ ਦੀ ਲੁਆਈ ਸਮੇਂ 25 ਕਿੱਲੋ ਯੂਰੀਆ ਖਾਦ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ। ਪਨੀਰੀ ਲਗਾਉਣ ਤੋਂ 14 ਦਿਨ ਬਾਅਦ 7 ਦਿਨਾਂ ਦੇ ਅੰਤਰ 'ਤੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਨਾਲ ਮਿਲਾਉਣਾ ਸ਼ੁਰੂ ਕਰੋ। ਹਰ ਵਾਰ ਖੇਤ ਵਿਚ ਦਸ ਬੂਟਿਆਂ ਦੇ ਉੱਪਰੋਂ ਪੂਰੇ ਖੁੱਲ੍ਹੇ ਪਹਿਲੇ ਪੱਤੇ ਦਾ ਰੰਗ ਬੂਟੇ ਨਾਲੋਂ ਤੋੜੇ ਬਿਨਾ ਚਾਰਟ ਨਾਲ ਮਿਲਾਓ। ਜਦੋਂ ਦਸ ਵਿਚੋਂ ਛੇ ਜਾਂ ਵੱਧ ਪੱਤਿਆਂ ਦਾ ਰੰਗ ਚਾਰਟ ਦੀ ਟਿੱਕੀ ਨੰਬਰ-4 ਤੋਂ ਫਿੱਕਾ ਹੋਵੇ ਤਾਂ 25 ਕਿੱਲੋ ਯੂਰੀਆ ਦਾ ਪ੍ਰਤੀ ਏਕੜ ਛਿੱਟਾ ਦਿਓ। 

Paddy MSP hiked Paddy

ਜੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਦੀ ਟਿੱਕੀ ਨੰਬਰ-4 ਦੇ ਬਰਾਬਰ ਜਾਂ ਗੂੜਾ ਹੋਵੇ ਹੋਰ ਯੂਰੀਆ ਖਾਦ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਝੋਨੇ ਦੇ ਨਿਸਰਨ ਤੋਂ ਬਾਅਦ ਪੱਤਾ ਰੰਗ ਚਾਰਟ ਦੀ ਵਰਤੋਂ ਦੀ ਲੋੜ ਨਹੀਂ ਅਤੇ ਹੋਰ ਖਾਦ ਨਹੀਂ ਪਾਉਣੀ ਚਾਹੀਦੀ। ਲੋੜ ਅਨੁਸਾਰ ਨਾਈਟ੍ਰੋਜਨ ਖਾਦ ਪਾਉਣ ਲਈ ਪੱਤਾ ਰੰਗ ਚਾਰਟ ਦੀ ਵਰਤੋਂ ਝੋਨੇ ਦੀਆਂ ਸਾਰੀਆਂ ਕਿਸਮਾਂ ਲਈ ਕੀਤੀ ਜਾ ਸਕਦੀ ਹੈ। 

Paddy Paddy

ਜਿਨ੍ਹਾਂ ਖੇਤਾਂ ਵਿਚ ਰੂੜੀ ਦੀ ਵਰਤੋਂ ਕੀਤੀ ਜਾਂਦੀ ਹੈ, ਉਨ੍ਹਾਂ ਖੇਤਾਂ ਵਿਚ ਪੱਤਾ ਰੰਗ ਚਾਰਟ ਦੀ ਵਰਤੋਂ ਵਿਸ਼ੇਸ਼ ਤੌਰ 'ਤੇ ਲਾਹੇਵੰਦ ਹੈ। ਪੱਤਾ ਰੰਗ ਚਾਰਟ ਦੀ ਵਰਤੋਂ ਸਮੇਂ ਕੀੜੇ-ਮਕੌੜਿਆਂ ਤੇ ਬਿਮਾਰੀਆਂ ਤੋਂ ਰਹਿਤ ਬੂਟਿਆਂ ਦੇ ਪੱਤਿਆਂ ਦਾ ਰੰਗ ਹੀ ਪੱਤਾ ਰੰਗ ਚਾਰਟ ਨਾਲ ਆਪਣੇ ਪਰਛਾਵੇਂ ਵਿਚ ਮਿਲਾਉਣਾ ਚਾਹੀਦਾ ਹੈ। ਫ਼ਸਲ ਨੂੰ ਪਾਣੀ ਦੀ ਔੜ ਨਹੀਂ ਲੱਗਣੀ ਚਾਹੀਦੀ ਤੇ ਬਾਕੀ ਖ਼ੁਰਾਕੀ ਤੱਤਾਂ ਦੀ ਵਰਤੋਂ ਵੀ ਸਿਫ਼ਾਰਸ਼ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ। 

Advertisement

 

Advertisement
Advertisement