
ਹੁਣ ਤੱਕ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 7957 ਕਿਸਾਨਾਂ ਦਾ 51 ਕਰੋੜ 90 ਲੱਖ 73 ਹਜਾਰ 987 ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ
ਫਤਹਿਗੜ੍ਹ ਸਾਹਿਬ (ਸੁਰਜੀਤ ਸਿੰਘ ਸਾਹੀ) : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਣਕ ਦੀ ਫਸਲ ਖਰੀਦਣ ਲਈ ਰਾਜ ਦੀਆਂ ਸਮੂਹ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਉਪਰੰਤ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਦੀ ਰਾਖੀ ਕੀਤੀ ਹੈ । ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਕਰਜਾ ਮੁਆਫੀ ਦੇ ਵਾਅਦੇ ਅਧੀਨ ਹੁਣ ਤੱਕ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 7957 ਕਿਸਾਨਾਂ ਦਾ 51 ਕਰੋੜ 90 ਲੱਖ 73 ਹਜਾਰ 987 ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ ਜਿਨ੍ਹਾਂ ਨੂੰ 12 ਅਪ੍ਰੈਲ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਗਰੂਰ ਵਿਖੇ ਕਰਜਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਜਾਣਗੇ।
ਵਿਧਾਇਕ ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੱਚੇ ਕਿਸਾਨ ਹਿਤੈਸ਼ੀ ਆਗੂ ਹਨ ਜਿਨ੍ਹਾਂ ਨੇ ਹਮੇਸ਼ਾਂ ਹੀ ਕਿਸਾਨਾਂ ਦੀ ਖੁਸ਼ਹਾਲੀ ਨੂੰ ਅੱਗੇ ਰੱਖਕੇ ਸਕੀਮਾਂ ਉਲੀਕੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਖੇਤੀ ਕਰਜੇ ਮੁਆਫ ਕਰਨ ਲਈ ਅਮਲ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲੇ ਦੋ ਸੀਜਨਾਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ ਉਸੇ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 217 ਮੀਟਰਕ ਟਨ ਦੀ ਆਮਦ ਹੀ ਹੋਈ ਹੈ।
ਇਸ ਮੌਕੇ ਸ਼੍ਰੀ ਸਾਧੂ ਰਾਮ ਭੱਟ ਮਾਜਰਾ ਸਰਪ੍ਰਸਤ ਆੜਤੀ ਐਸੋਸੀਏਸ਼ਨ, ਗੁਲਸ਼ਨ ਰਾਏ ਬੌਬੀ, ਗੁਰਮੁੱਖ ਸਿੰਘ ਪੰਡਰਾਲੀ, ਬਲਜਿੰਦਰ ਸਿੰਘ ਅਤਾਪੁਰ, ਗੁਰਸਤਿੰਦਰ ਸਿੰਘ ਜੱਲ੍ਹਾ, ਪਰਮਿੰਦਰ ਸਿੰਘ ਨੋਨੀ, ਇੰਦਰਜੀਤ ਸਿੰਘ ਖਰੇ, ਦਵਿੰਦਰ ਸਿੰਘ ਜੱਲ੍ਹਾ, ਦਵਿੰਦਰ ਕੁਮਾਰ, ਗੁਰਭਾਜ ਰਾਜੂ, ਸੁਖਵਿੰਦਰ ਰਿਊਣ, ਪਨਗ੍ਰੇਨ ਦੇ ਇੰਸਪੈਕਟਰ ਕਰਮਜੀਤ ਸਿੰਘ, ਆੜਤੀ ਐਸੋਸੀਏਸ਼ਨ ਦੇ ਉਪ ਪ੍ਰਧਾਨ ਭੁਪਿੰਦਰ ਸਿੰਘ, ਰਾਜਵੀਰ ਸਿੰਘ ਰਾਜਾ, ਨਿਰਮਲ ਸਿੰਘ, ਸੁਰਮੁੱਖ ਸਿੰਘ, ਜਤਿੰਦਰ ਸਿੰਘ ਬੱਬੂ, ਮੰਜੂ ਰੁੜਕੀ, ਪਰਮਿੰਦਰ ਮਾਂਗਟ, ਚਮੌਕਰ ਸਿੰਘ, ਹਰਿੰਦਰ ਸਿੰਘ ਭੰਗੂ, ਸੁਖਵਿੰਦਰ ਸਿੰਘ, ਬਿੰਦਰ, ਹੈਪੀ ਨੰਦਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।