
ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਬਠਿੰਡਾ (ਸੁਖਜਿੰਦਰ ਮਾਨ):- ਕਰੋਨਾ ਵਾਇਰਸ ਦੇ ਮੱਦੇਨਜ਼ਰ ਇਸ ਵਾਰ ਮੰਡੀਆਂ 'ਚ ਕਣਕ ਦੀ ਖ਼ਰੀਦ ਦਾ ਕੰਮ 15 ਅਪ੍ਰੈਲ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਮੰਡੀਆਂ ਵਿਚ ਜਿਣਸ ਲਿਆਉਣ ਸਮੇਂ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿਤੀ ਜਾਵੇਗੀ। ਇਹ ਦਾਅਵਾ ਅੱਜ ਇੱਥੇ ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਕੀਤਾ। ਉਨ੍ਹਾਂ ਦਸਿਆ ਕਿ ਕਿਸਾਨਾਂ ਨੂੰ ਮੰਡੀ ਵਿਚ ਕਣਕ ਦੀ ਜਿਣਸ ਨੂੰ ਲਿਆਉਣ ਲਈ ਆੜ੍ਹਤੀਆਂ ਰਾਹੀਂ ਪਾਸ ਜਾਰੀ ਕੀਤੇ ਜਾਣਗੇ।
ਇਹ ਪਾਸ ਮਾਰਕਿਟ ਕਮੇਟੀ ਵਲੋਂ ਇੱਕੋਂ ਸਮੇਂ ਤਿੰਨ ਦਿਨਾਂ ਲਈ ਜਾਰੀ ਕੀਤਾ ਜਾਵੇਗਾ। ਜ਼ਿਲ੍ਹਾ ਮੰਡੀ ਅਫ਼ਸਰ ਪ੍ਰੀਤ ਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਕਣਕ ਦੀ ਸੁਚੱਜੀ ਸੰਭਾਲ ਲਈ ਜ਼ਿਲ੍ਹੇ ਅੰਦਰ ਪਿਛਲੇ ਸਾਲ ਦੀਆਂ 182 ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਦੇ ਮੁਕਾਬਲੇ ਇਸ ਵਰ੍ਹੇ 442 ਮੰਡੀਆਂ 'ਚ ਕਣਕ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਖ਼ਰੀਦ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਉਣ ਦੇ ਮੱਦੇਨਜ਼ਰ ਕਣਕ ਦੀ ਸਾਂਭ-ਸੰਭਾਲ ਲਈ ਜ਼ਿਲ੍ਹੇ ਅੰਦਰ 260 ਪ੍ਰਾਈਵੇਟ ਸ਼ੈਲਰਾਂ ਦੀ ਵੀ ਸ਼ਨਾਖ਼ਤ ਕੀਤੀ ਗਈ ਹੈ।