
ਕਿਹਾ, ਭਾਜਪਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਵਿਰੋਧ ਨੂੰ ਬਰਦਾਸ਼ਤ ਨਹੀਂ ਕਰ ਸਕਦੀ
ਕੁਰੂਕੁਸ਼ੇਤਰ: ਟਵਿੱਟਰ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਜੈਕ ਡੋਰਸੀ ਵਲੋਂ ਕਿਸਾਨ ਪ੍ਰਦਰਸ਼ਨ ਦੌਰਾਨ ਸਰਕਾਰੀ ਦਬਾਅ ਬਣਾਉਣ ਦੇ ਦੋਸ਼ਾਂ ’ਤੇ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਰੱਦ ਕੀਤੇ ਗਏ ਕੇਂਦਰੀ ਖੇਤੀ ਕਾਨੂੰਨਾਂ ਵਿਰੁਧ ਕਿਸਾਨ ਅੰਦੋਲਨ ਦਾ ਪਰਦਾਫਾਸ਼ ਕਰਨ ਵਾਲੇ ਕਈ ਟਵਿੱਟਰ ਅਕਾਊਂਟਾਂ ’ਤੇ ਰੋਕ ਲਾ ਦਿਤੀ ਗਈ ਸੀ।
ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਅਹੁਦੇਦਾਰ ਟਿਕੈਤ, ਜੋ ਕਿ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੀ ਅਗਵਾਈ ਕਰ ਰਹੇ ਆਗੂਆਂ ਵਿੱਚੋਂ ਸਨ, ਨੇ ਦੋਸ਼ ਲਾਇਆ ਕਿ ਟਵਿੱਟਰ ਉੱਤੇ ਸਰਕਾਰ ਵਲੋਂ ਦਬਾਅ ਪਾਇਆ ਗਿਆ ਸੀ ਕਿ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਦੇਣ ਵਾਲੇ ਖਾਤੇ ਬੰਦ ਕੀਤੇ ਜਾਣ।
ਇਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਤਕ ਕਿਸਾਨਾਂ ਦੀ ਪਹੁੰਚ ਨੂੰ ਘੱਟ ਤੋਂ ਘੱਟ ਕਰਨ ਲਈ ਇਹ ਦਬਾਅ ਪਾਇਆ ਜਾ ਰਿਹਾ ਸੀ। ਟਿਕੈਤ ਨੇ ਕਿਹਾ, ‘‘ਇਸ ਤਰ੍ਹਾਂ ਉਨ੍ਹਾਂ ਨੇ ਅੰਦੋਲਨ ਨੂੰ ਤੋੜਿਆ।’’
ਜਦੋਂ ਟਿਕੈਤ ਤੋਂ ਪੁੱਛਿਆ ਗਿਆ ਕਿ ਕੀ ਮੋਦੀ ਸਰਕਾਰ ਨੇ ਟਵਿੱਟਰ ਨੂੰ ਕਿਸਾਨਾਂ ਅਤੇ ਕਿਸਾਨ ਅੰਦੋਲਨ ਦੇ ਖਾਤੇ ਬੰਦ ਕਰਨ ਲਈ ਮਜਬੂਰ ਕੀਤਾ ਹੈ, ਤਾਂ ਉਨ੍ਹਾਂ ਦਾਅਵਾ ਕੀਤਾ ਕਿ ਅੰਦੋਲਨ ਬਾਰੇ ਜਾਣਕਾਰੀ ਦੇਣ ਵਾਲੇ ਅਤੇ ਗੱਲ ਕਰਨ ਵਾਲੇ ਬਹੁਤ ਸਾਰੇ ਅਕਾਉਂਟ ਬਲਾਕ ਕਰ ਦਿਤੇ ਗਏ ਹਨ।
ਇਹ ਵੀ ਪੜ੍ਹੋ: ਡੇਲੀਹੰਟ ਅਤੇ ਵਨ ਇੰਡੀਆ ਨੇ ਕੀਤਾ ਦਿੱਲੀ ਪੁਲਿਸ ਨਾਲ ਰਣਨੀਤਕ ਸਾਂਝੇਦਾਰੀ ਦਾ ਐਲਾਨ
ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਨੂੰ ਵੀ ਪਤਾ ਸੀ ਕਿ ਜੇਕਰ ਉਨ੍ਹਾਂ ਨੇ ਕਿਸਾਨ ਅੰਦੋਲਨ ਦੀ ਗੱਲ ਕੀਤੀ ਤਾਂ ਉਨ੍ਹਾਂ ਦੇ ਖਾਤੇ ਬਲਾਕ ਕਰ ਦਿੱਤੇ ਜਾਣਗੇ। ਟਿਕੈਤ ਨੇ ਕਿਹਾ ਕਿ ਅਜਿਹੇ ਕਈ ਖਾਤੇ ਅਜੇ ਵੀ ਬੰਦ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਵਿਰੋਧ ਨੂੰ ਬਰਦਾਸ਼ਤ ਨਹੀਂ ਕਰ ਸਕਦੀ।
ਜ਼ਿਕਰਯੋਗ ਹੈ ਕਿ ਟਵਿੱਟਰ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਜੈਨ ਡੋਰਸੀ ਨੇ ਦਾਅਵਾ ਕੀਤਾ ਹੈ ਕਿ ਇਸ ਸੋਸ਼ਲ ਮੀਡੀਆ ਮੰਚ ਨੂੰ ਦੇਸ਼ ’ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਸਰਕਾਰੀ ਦਬਾਅ ਅਤੇ ਬੰਦ ਕੀਤੇ ਜਾਣ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਦੇ ਇਸ ਬਿਆਨ ਨੂੰ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਝੂਠਾ ਕਰਾਰ ਦਿਤਾ ਹੈ। ਜਦਕਿ ਵਿਰੋਧੀ ਪਾਰਟੀ ਕਾਂਗਰਸ ਨੇ ਇਸ ਮੁੱਦੇ ’ਤੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਕ ਵਾਰੀ ਫਿਰ ਸਾਬਤ ਹੋ ਗਿਆ ਹੈ ਕਿ ਮੌਜੂਦਾ ਸਰਕਾਰ ਦੇਸ਼ ਦੇ ਲੋਕਤੰਤਰ ਨੂੰ ਕਮਜ਼ੋਰ ਕਰ ਰਹੀ ਹੈ।