
ਚੰਡੀਗੜ੍ਹ-ਮੋਹਾਲੀ ਪੁਲਿਸ ਵਲੋਂ ਕੀਤਾ ਗਿਆ ਹਲਕਾ ਲਾਠੀਚਾਰਜ
ਚੰਡੀਗੜ੍ਹ: ਅਪਣੀ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਯਾਨੀ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਵਿਰੁਧ ਜੱਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਜਦੋਂ ਚੰਡੀਗੜ੍ਹ ਰਾਜ ਭਵਨ ਦਾ ਘਿਰਾਓ ਕਰਨ ਲਈ ਪੈਦਲ ਮਾਰਚ ਕੱਢਿਆ ਤਾਂ ਪੁਲਿਸ ਵਲੋਂ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰਸਤੇ ਵਿਚ ਹੀ ਰੋਕ ਲਿਆ ਗਿਆ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੇ ਪਾਣੀ ਦੀਆਂ ਬੁਛਾੜਾਂ ਚਲਾਈਆਂ ਤੇ ਨਾਲ ਹੀ ਪੁਲਿਸ ਨੇ ਕਿਸਾਨਾਂ ’ਤੇ ਹਲਕਾ ਲਾਠੀਚਾਰਜ ਵੀ ਕੀਤਾ, ਜਿਸ ਦੌਰਾਨ ਕਈ ਕਿਸਾਨ ਜ਼ਖ਼ਮੀ ਹੋ ਗਏ।
Lathi charge on farmers
ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਸਰਕਾਰ ਵਿਰੁਧ ਅਪਣੀ ਭੜਾਸ ਕੱਢਦਿਆਂ ਕਿਹਾ ਕਿ ਦੇਸ਼ ਭਰ ਵਿਚ ਆਰਥਿਕਤਾ ਦਾ ਧੁਰਾ ਮੰਨਿਆ ਜਾਣ ਵਾਲਾ ਕਿੱਤਾ ਖੇਤੀ ਘਾਟੇ ਦਾ ਸੌਦਾ ਸਾਬਤ ਹੋ ਰਿਹਾ ਹੈ। ਇਸ ਕਰਕੇ ਸਾਲ 2015 ਤੱਕ 3,18,528 ਕਿਸਾਨ ਮਜ਼ਦੂਰ ਖ਼ੁਦਕੁਸ਼ੀ ਕਰ ਚੁੱਕੇ ਹਨ ਤੇ ਸਰਕਾਰ ਦੀਆਂ ਗਲਤ ਨੀਤੀਆਂ ਤੇ ਲਾਪਰਵਾਹੀਆਂ ਦਾ ਨਤੀਜਾ ਇਹ ਖ਼ੁਦਕੁਸ਼ੀਆਂ ਦਾ ਅੰਕੜਾ 2019 ਤੱਕ 4 ਲੱਖ ਪਹੁੰਚ ਚੁੱਕਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਅਪਣਾ ਫ਼ੈਸਲਾ ਨਾ ਬਦਲਿਆ ਤੇ ਕਿਸਾਨਾਂ ਦੇ ਹਿੱਤਾਂ ਲਈ ਫ਼ੈਸਲੇ ਨਾ ਲਏ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Lathi charge on farmers
ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਸਬੰਧਤ ਹਜ਼ਾਰਾਂ ਕਿਸਾਨਾਂ ਨੇ ਅੱਜ ਇਕੱਠੇ ਹੋ ਕੇ ਚੰਡੀਗੜ੍ਹ ਦੇ ਰਾਜ ਭਵਨ ਦਾ ਘਿਰਾਅ ਕਰਨ ਲਈ ਮੋਹਾਲੀ ਵਿਖੇ ਸਥਿਤ ਅੰਬ ਸਾਹਿਬ ਗੁਰਦੁਆਰੇ ਤੋਂ ਇਕ ਵਿਸ਼ਾਲ ਮਾਰਚ ਕੱਢਿਆ। ਕੈਪਟਨ ਅਤੇ ਮੋਦੀ ਸਰਕਾਰ ਵਿਰੁਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਰਾਜ ਭਵਨ ਵੱਲ ਵੱਧ ਰਹੇ ਸਨ। ਇਸ ਦੌਰਾਨ ਚੰਡੀਗੜ੍ਹ-ਮੋਹਾਲੀ ਦੀ ਸਰਹੱਦ ’ਤੇ ਪੁਲਿਸ ਨੇ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ ਅਤੇ ਉਨ੍ਹਾਂ ਉਤੇ ਪਾਣੀਆਂ ਦੀਆਂ ਬੁਛਾੜਾਂ ਵੀ ਕੀਤੀਆਂ। ਤੇਜ਼ ਬੁਛਾੜਾਂ ਕਰਕੇ ਕਈ ਕਿਸਾਨ ਪੱਕੀ ਸੜਕ ਉਤੇ ਡਿੱਗ ਗਏ ਤੇ ਜ਼ਖ਼ਮੀ ਹੋ ਗਏ।
Chandigarh-Mohali Police
ਇਸ ਦੌਰਾਨ ਪੁਲਿਸ ਵਲੋਂ ਲਾਠੀਚਾਰਜ ਵੀ ਕੀਤਾ ਗਿਆ। ਕਿਸਾਨਾਂ ਦੀਆਂ ਮੁੱਖ ਮੰਗਾਂ ਸਨ ਕਰਜ਼ਾ ਮਾਫ਼ੀ, ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ, ਗੰਨੇ ਦਾ ਭਾਅ ਵਧਾਇਆ ਜਾਵੇ ਤੇ ਇਸ ਤੋਂ ਇਲਾਵਾ ਜੋ ਉਨ੍ਹਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ।