
ਕਿਹਾ- ਕਣਕ ਦਾ ਸਰਕਾਰੀ ਰੇਟ 2500 ਰੁਪਏ ਕੁਇੰਟਲ ਕੀਤਾ ਜਾਵੇ
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮਾਛੀਵਾੜਾ ਅਨਾਜ ਮੰਡੀ ਵਿਖੇ ਫ਼ਸਲ ਵੇਚਣ ਆਏ ਕਿਸਾਨਾਂ ਨਾਲ ਮੁਲਾਕਾਤ ਕਰਨ ਪਹੁੰਚੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ 3500 ਰੁਪਏ ਪ੍ਰਤੀ ਕੁਇੰਟਲ ਕਣਕ ਅੰਤਰਰਾਸ਼ਟਰੀ ਪੱਧਰ 'ਤੇ ਵੇਚ ਰਹੀ ਹੈ। ਇਸ ਲਈ ਕਿਸਾਨਾਂ ਨੂੰ ਘੱਟੋ-ਘੱਟ 500 ਰੁਪਏ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਲਾਗਤ 4-5 ਗੁਣਾ ਵਧ ਗਈ ਹੈ, ਗਰਮੀ ਕਰਕੇ ਕਣਕ ਦਾ ਝਾੜ ਘੱਟ ਗਿਆ ਹੈ।
ਸਿੱਧੂ ਨੇ ਕਿਹਾ ਕਿ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਦੌਰਾਨ ਪਹਿਲਾਂ ਹੀ ਅੰਤਰਰਾਸ਼ਟਰੀ ਪੱਧਰ 'ਤੇ 25 ਫੀਸਦੀ ਕਣਕ ਦੀ ਕਮੀ ਹੋ ਚੁੱਕੀ ਹੈ, ਜਿਸ ਕਾਰਨ ਇਸ ਦੀ ਲੋੜ ਵਧ ਗਈ ਹੈ। ਪਹਿਲਾਂ ਕਣਕ ਅੰਤਰਰਾਸ਼ਟਰੀ ਪੱਧਰ 'ਤੇ 2200 ਰੁਪਏ ਪ੍ਰਤੀ ਕੁਇੰਟਲ ਵਿਕਦੀ ਸੀ, ਜੋ ਹੁਣ 3500 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚ ਗਈ ਹੈ। ਉਹਨਾਂ ਕਿਹਾ ਕਿ ਅੱਜ ਪ੍ਰਾਈਵੇਟ ਕਾਰਪੋਰੇਟ ਘਰਾਣੇ ਵੀ ਸਮਰਥਨ ਮੁੱਲ ਨਾਲੋਂ 200 ਰੁਪਏ ਪ੍ਰਤੀ ਕੁਇੰਟਲ ਮਹਿੰਗੇ ਭਾਅ ਖਰੀਦ ਕੇ 1300 ਰੁਪਏ ਦਾ ਹੋਰ ਮੁਨਾਫਾ ਕਮਾ ਰਹੇ ਹਨ।
ਕਿਸਾਨਾਂ ਦੇ ਹਿੱਤ ਵਿਚ ਆਪਣੀ ਅਵਾਜ਼ ਬੁਲੰਦ ਕਰਦਿਆਂ ਸਿੱਧੂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਕਿਸਾਨਾਂ ਨੂੰ ਫ਼ਸਲ ਤੋਂ ਹੋਣ ਵਾਲੇ ਮੁਨਾਫ਼ੇ ਵਿਚੋਂ ਘੱਟੋ-ਘੱਟ 500 ਰੁਪਏ ਪ੍ਰਤੀ ਕੁਇੰਟਲ ਦਿੱਤੇ ਜਾਣ। ਸਿੱਧੂ ਨੇ ਕਿਹਾ ਕਿ ਇਸ ਵਾਰ ਅੱਤ ਦੀ ਗਰਮੀ ਕਾਰਨ ਕਣਕ ਦਾ ਝਾੜ ਪਹਿਲਾਂ ਹੀ ਕਾਫੀ ਘੱਟ ਗਿਆ ਹੈ, ਇਸ ਲਈ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਲਈ ਸੋਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਨਾ ਚਾਹੁੰਦੀ ਤਾਂ ਸਾਡੇ ਬਾਰਡਰ ਖੋਲ੍ਹ ਦਿੱਤੇ ਜਾਣ। ਜਿਹੜੀ 2000 ਰੁਪਏ ਵਾਲੀ ਕਣਕ 3500 ਰੁਪਏ ਵਿਚ ਵਿਕੇਗੀ, 3000 ਰੁਪਏ ਵਾਲੀ ਬਾਸਮਤੀ 7000 ਰੁਪਏ ਵਿਚ ਵਿਕੇਗੀ, ਮਟਰ 10 ਰੁਪਏ ਦੇ 50 ਰੁਪਏ ਵਿਚ ਵਿਕਣਗੇ। 45 ਰੁਪਏ ਦਾ ਦੁੱਧ 120 ਰੁਪਏ ਵਿਚ ਵਿਕੇਗਾ।
“ਜਦੋਂ ਮੈਂ ਪ੍ਰਧਾਨ ਸੀ ਤਾਂ ਕਾਂਗਰਸ ਰਕਾਰ ਨੇ ਪੈਟਰੋਲ-ਡੀਜ਼ਲ ਦੇ ਰੇਟ 10 ਰੁਪਏ ਘਟਾਏ”
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ ਅਤੇ ਉਹ ਪਾਰਟੀ ਪ੍ਰਧਾਨ ਸਨ, ਉਹਨਾਂ ਨੇ ਪੈਟਰੋਲ ਅਤੇ ਡੀਜ਼ਲ ਦੇ ਰੇਟ 10 ਰੁਪਏ ਘਟਾ ਕੇ ਲੋਕਾਂ ਨੂੰ ਰਾਹਤ ਦਿੱਤੀ ਸੀ। ਹੁਣ ਫਿਰ ਕੇਂਦਰ ਨੇ ਪੈਟਰੋਲੀਅਮ ਪਦਾਰਥਾਂ ਦੇ ਰੇਟਾਂ ਵਿਚ ਵਾਧਾ ਕਰ ਦਿੱਤਾ ਹੈ। ਇਸ ਲਈ ‘ਆਪ’ ਸਰਕਾਰ ਨੂੰ ਇਹਨਾਂ ਦੇ ਰੇਟ ਘਟਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਡੀਜ਼ਲ ਦੀ ਕੀਮਤ ਘਟਣ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਸਿੱਧੂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਇਕ ਦੂਜੇ 'ਤੇ ਦੋਸ਼ ਲਗਾਉਣ ਦੀ ਬਜਾਏ ਸੂਬੇ ਦੇ ਮੁੱਦਿਆਂ 'ਤੇ ਪਹਿਰਾ ਦੇਣਾ ਚਾਹੀਦਾ ਹੈ।
ਮੁਫ਼ਤ ਬਿਜਲੀ ਦੇ ਐਲਾਨ ਨੂੰ ਲੈ ਕੇ ‘ਆਪ’ ’ਤੇ ਕੱਸਿਆ ਤੰਜ਼
‘ਆਪ’ ਸਰਕਾਰ ’ਤੇ ਵਿਅੰਗ ਕੱਸਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਹਿਲਾਂ ਤਾਂ ਵੱਡੀ ਬਿਆਨਬਾਜ਼ੀ ਕੀਤੀ ਜਾਂਦੀ ਸੀ ਕਿ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ ਤੇ ਹੁਣ ਚੁਟਕਲੇ ਹੀ ਭੁੱਲੇ ਪਏ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਮੁਫਤ ਬਿਜਲੀ ਤਾਂ ਕੀ ਮਿਲਣੀ ਸੀ ਪਰ 8-8 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਵਿੱਚ ਬਿਜਲੀ ਦੀ ਲੋੜ 8 ਹਜ਼ਾਰ ਮੈਗਾਵਾਟ ਹੈ ਅਤੇ ਜਦੋਂ ਝੋਨੇ ਦੀ ਬਿਜਾਈ ਸ਼ੁਰੂ ਹੋਣੀ ਹੈ ਤਾਂ ਇਸ ਨੇ 15 ਹਜ਼ਾਰ ਮੈਗਾਵਾਟ ਤੱਕ ਪਹੁੰਚਣਾ ਹੈ ਤਾਂ ਉਸ ਮੁੱਦੇ ’ਤੇ ਵੀ ਬੋਲ ਕੇ ਸਰਕਾਰ ਦੀਆਂ ਪੋਲਾਂ ਖੋਲ੍ਹੀਆਂ ਜਾਣਗੀਆਂ।