
ਸੀਨੀਅਰ ਭਾਜਪਾ ਆਗੂਆਂ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਕੀਤਾ ਸਵਿਕਾਰ
Farmers News: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਆਉਣ ਵਾਲੀ ਰਣਨੀਤੀ ਦਾ ਐਲਾਨ ਕੀਤਾ ਗਿਆ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਅੱਜ ਸ਼ਾਮ ਤਕ ਨਵਦੀਪ ਸਿੰਘ, ਅਨੀਸ਼ ਖਟਕੜ, ਗੁਰਕੀਰਤ ਸਿੰਘ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਭਲਕੇ ਸਵੇਰੇ ਸ਼ੰਭੂ ਹੱਦ ’ਤੇ ਰੇਲ ਮਾਰਗ ਜਾਮ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦਸਿਆ ਕਿ ਅਨੀਸ਼ ਖਟਕੜ ਪਿਛਲੇ 28 ਦਿਨਾਂ ਤੋਂ ਜੇਲ੍ਹ ਵਿਚ ਮਰਨ ਵਰਤ ’ਤੇ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਹੈ, ਜੇਕਰ ਉਸ ਦੀ ਸਿਹਤ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਹਰਿਆਣਾ ਸਰਕਾਰ ਹੋਵੇਗੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦੋਵੇਂ ਮੋਰਚਿਆਂ ’ਤੇ ਪ੍ਰਸ਼ਾਸਨ ਵਲੋਂ ਅੰਦੋਲਨਕਾਰੀਆਂ ਨੂੰ ਬਿਜਲੀ, ਪਾਣੀ, ਸੈਨੀਟੇਸ਼ਨ, ਫਾਇਰ ਬ੍ਰਿਗੇਡ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੇ ਆਗੂਆਂ ਨੂੰ ਸਵਾਲ ਪੁੱਛਣ ਦੀ ਮੁਹਿੰਮ ਸ਼ਾਂਤੀਪੂਰਵਕ ਚੱਲ ਰਹੀ ਹੈ ਅਤੇ ਭਾਜਪਾ ਆਗੂ ਕਿਸਾਨਾਂ ਦੇ ਸਵਾਲਾਂ ਤੋਂ ਭੱਜ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਅਤੇ ਇਸ ਦੀਆਂ ਭਾਈਵਾਲ ਪਾਰਟੀਆਂ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੀ ਪਿੰਡਾਂ ਵਿਚ ਸਵਾਲ ਪੁੱਛੇ ਜਾਣਗੇ।
ਕਿਸਾਨ ਆਗੂਆਂ ਨੇ ਦਸਿਆ ਕਿ ਜਦੋਂ ਕਿਸਾਨ ਭਾਜਪਾ ਆਗੂਆਂ ਤੋਂ ਸਵਾਲ ਪੁੱਛਦੇ ਹਨ ਤਾਂ ਅਕਸਰ ਜਵਾਬ ਮਿਲਦਾ ਹੈ ਕਿ ਇਹ ਉਪਰ ਦਾ ਮਾਮਲਾ ਹੈ ਅਤੇ ਇਨ੍ਹਾਂ ਸਵਾਲਾਂ ਦਾ ਜਵਾਬ ਦਿੱਲੀ ਬੈਠੇ ਭਾਜਪਾ ਦੇ ਸੀਨੀਅਰ ਆਗੂ ਹੀ ਦੇ ਸਕਦੇ ਹਨ, ਦੋਵਾਂ ਮੋਰਚਿਆਂ ਨੇ ਫੈਸਲਾ ਕੀਤਾ ਕਿ ਉਹ ਸੀਨੀਅਰ ਆਗੂਆਂ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ ਸਵੀਕਾਰ ਕਰਨਗੇ ਅਤੇ ਇਸ ਦੇ ਲਈ ਕਿਸਾਨਾਂ ਵਲੋਂ 23 ਅਪ੍ਰੈਲ ਦਾ ਦਿਨ ਤੈਅ ਕੀਤਾ ਗਿਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਰਿਆਣਾ-ਪੰਜਾਬ ਵਿਚ ਯਾਤਰਾਵਾਂ ਕਰਕੇ ਵੱਡੀਆਂ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਮਾਣਯੋਗ ਹਾਈ ਕੋਰਟ ਦੇ ਹੁਕਮਾਂ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਸ਼ੁਭਕਰਨ ਸਿੰਘ ਦੇ ਕਤਲ ਅਤੇ ਹਿੰਸਾ ਦੀ ਜਾਂਚ ਲਈ ਬਣਾਈ ਗਈ ਕਮੇਟੀ 'ਚ ਹਰਿਆਣਾ ਪੁਲਿਸ ਦੇ ਅਧਿਕਾਰੀ ਨੂੰ ਸ਼ਾਮਲ ਕਰਨਾ ਉਚਿਤ ਨਹੀਂ ਹੈ ਕਿਉਂਕਿ ਇਸ ਮਾਮਲੇ 'ਚ ਹਰਿਆਣਾ ਪੁਲਿਸ ਖੁਦ ਦੋਸ਼ੀ ਹੈ | ਹਰਿਆਣਾ ਪੁਲਿਸ ਵਲੋਂ ਕੀਤੀ ਜਾਂਚ ਤੋਂ ਪੀੜਤ ਕਿਸਾਨਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਨਹੀਂ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸ਼ਾਂਤਮਈ ਅੰਦੋਲਨ ਕਰਨਾ ਹਰੇਕ ਦਾ ਜਮਹੂਰੀ ਅਤੇ ਮੌਲਿਕ ਅਧਿਕਾਰ ਹੈ, ਅਸੀਂ ਮਾਨਯੋਗ ਅਦਾਲਤ ਨੂੰ ਬੇਨਤੀ ਕਰਦੇ ਹਾਂ ਕਿ ਉਹ ਕੌਮੀ ਇਨਸਾਫ਼ ਮੋਰਚਾ ਨੂੰ ਜਬਰੀ ਚੁੱਕਣ ਦੇ ਫੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਪ੍ਰਸ਼ਾਸਨ ਨੂੰ ਅੰਦੋਲਨਕਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਵਾਲੀ ਕਾਰਵਾਈ ਨਹੀਂ ਕਰਨੀ ਚਾਹੀਦੀ। ਇਸ ਮੌਕੇ ਮੁੱਖ ਤੌਰ 'ਤੇ ਜਗਜੀਤ ਸਿੰਘ ਡੱਲੇਵਾਲ, ਅਮਰਜੀਤ ਸਿੰਘ ਮੋਹਰੀ, ਅਭਿਮਨਿਊ ਕੋਹਾੜ, ਮਨਜੀਤ ਸਿੰਘ ਘੁਮਾਣਾ, ਸੁਖਜੀਤ ਸਿੰਘ, ਲਖਵਿੰਦਰ ਸਿੰਘ ਔਲਖ, ਜੰਗਸਿੰਘ ਭਟੇੜੀ, ਬਲਦੇਵ ਸਿੰਘ ਸਿਰਸਾ, ਚਮਕੌਰ ਸਿੰਘ, ਸਤਨਾਮ ਬਹਿਰੂ, ਤੇਜਵੀਰ ਸਿੰਘ, ਕੁਲਵਿੰਦਰ ਸਿੰਘ ਪੰਜੋਲਾ ਆਦਿ ਹਾਜ਼ਰ ਸਨ।