
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹਨਾਂ ਨੇ ਵੱਖ-ਵੱਖ ਮੀਟਿੰਗਾਂ ਵਿਚ ਸਰਕਾਰ ਨੂੰ ਕੁੱਲ 42 ਮੰਗਾਂ ਦੱਸੀਆਂ ਸਨ, ਜਿਨ੍ਹਾਂ ਵਿਚੋਂ ਸਿਰਫ਼ ਇਕ ਮੰਗ ਪੂਰੀ ਕੀਤੀ ਗਈ ਹੈ।
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਗੈਸ ਸਿਆਸੀ ਵੱਲੋਂ ਅੱਜ ਪੰਜਾਬ ਵਿਚ 6 ਥਾਵਾਂ ਉਤੇ ਚੱਕਾ ਜਾਮ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਅਸਲ ਰੂਪ ਵਿਚ ਲਾਗੂ ਨਹੀਂ ਕੀਤਾ ਗਿਆ। ਇਸ ਦੇ ਵਿਰੋਧ ਵਿਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫਰੀਦਕੋਟ ਟਹਿਣਾ ਟੀ-ਪੁਆਇੰਟ ’ਤੇ ਪ੍ਰਦਰਸ਼ਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹਨਾਂ ਨੇ ਵੱਖ-ਵੱਖ ਮੀਟਿੰਗਾਂ ਵਿਚ ਸਰਕਾਰ ਨੂੰ ਕੁੱਲ 42 ਮੰਗਾਂ ਦੱਸੀਆਂ ਸਨ, ਜਿਨ੍ਹਾਂ ਵਿਚੋਂ ਸਿਰਫ਼ ਇਕ ਮੰਗ ਪੂਰੀ ਕੀਤੀ ਗਈ ਹੈ।
ਸਰਕਾਰ ਨੇ ਝੋਨੇ ਦਾ ਇਕ-ਇਕ ਦਾਣਾ ਚੁੱਕਣ ਦੀ ਮੰਗ ਨੂੰ ਪੂਰਾ ਕੀਤਾ ਹੈ ਜਦਕਿ ਬਾਕੀ ਮੰਗਾਂ ਲਟਕ ਰਹੀਆਂ ਹਨ। ਇਹਨਾਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹਨਾਂ ਵਿਚ ਫਸਲਾਂ ਦਾ ਮੁਆਵਜ਼ਾ, ਪਰਾਲੀ ਦਾ ਮੁੱਦਾ, ਭਾਰਤ ਮਾਲਾ ਪ੍ਰਾਜੈਕਟ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਆਦਿ ਮੰਗਾਂ ਸ਼ਾਮਲ ਹਨ।
ਇਸ ਦੌਰਾਨ ਕਿਸਾਨ ਆਗੂ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀਆਂ ਸਕੂਲ ਬੱਸਾਂ ਅਤੇ ਐਮਰਜੈਂਸੀ ਵਾਹਨਾਂ ਨੂੰ ਨਾ ਰੋਕਿਆ ਜਾਵੇ।
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉਹਨਾਂ ਨਾਲ ਮੀਟਿੰਗਾਂ ਕਰਕੇ ਮੰਨੀਆਂ ਮੰਗਾਂ ਲਾਗੂ ਨਹੀਂ ਕਰ ਰਹੀ ਜਿਸ ਦੇ ਰੋਸ ਵਿਚ ਪ੍ਰਦਰਸ਼ਨ ਕੀਤਾ ਗਿਆ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹ ਪ੍ਰਦਰਸ਼ਨ ਕਦੋਂ ਤੱਕ ਚੱਲਣਾ ਹੈ, ਇਹ ਸਰਕਾਰ ਉੱਤੇ ਨਿਰਭਰ ਕਰਦਾ ਹੈ। ਜਦੋਂ ਸਰਕਾਰ ਨੇ ਮੰਗਾਂ ਮੰਨ ਲਈਆਂ ਤਾਂ ਕਿਸਾਨ ਸੜਕਾਂ ਖਾਲੀ ਕਰ ਦੇਣਗੇ।
ਇਸ ਦੌਰਾਨ ਕਿਸਾਨਾਂ ਵੱਲੋਂ ਬਠਿੰਡਾ ਦਿੱਲੀ ਸਟੇਟ ਹਾਈਵੇਅ ਉਤੇ ਤਲਵੰਡੀ ਸਾਬੋ ਦੇ ਥਾਣਾ ਚੌਕ ਵਿਚ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਵਾਗਡੋਰ ਔਰਤਾਂ ਨੇ ਸੰਭਾਲੀ ਹੋਈ ਸੀ। ਰੋਸ ਪ੍ਰਦਰਸ਼ਨ ਦੌਰਾਨ ਔਰਤਾਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਸਾਨਾਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਦੇ ਵਿਚ ਉਹਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਗਿਆ ਤਾਂ ਉਹ ਲੰਬੇ ਸਮੇਂ ਲਈ ਰੋਸ ਪ੍ਰਦਰਸ਼ਨ ਅਤੇ ਧਰਨਾ ਦੇਣ ਲਈ ਮਜਬੂਰ ਹੋ ਜਾਣਗੇ।
ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਰਾਜਪੁਰਾ ਪਟਿਆਲਾ ਰੋਡ ’ਤੇ ਧਰੇੜੀ ਜੱਟਾ ਟੋਲ ਪਲਾਜਾ ’ਤੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਉਹਨਾਂ ਕਿਹਾ ਕੀ ਚਾਈਨਾ ਵਾਰਿਸ ਨਾਲ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਸਨ, ਉਹਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ । ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ, ਤਿੰਨ ਕੋਨੀਆਂ ਪੁਲ ਮਾਨਸਾ ਰੋਡ, ਮੁਕੇਰੀਆਂ ਨੇੜੇ ਅਤੇ ਤਲਵੰਡੀ ਸਾਬੋ ਰੋਡ ’ਤੇ ਚੱਕਾ ਜਾਮ ਕੀਤਾ ਗਿਆ।