
ਸੁੰਦਰ ਸ਼ਾਮ ਅਰੋੜਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ।
ਹੁਸ਼ਿਆਰਪੁਰ, 17 ਅਪ੍ਰੈਲ: (ਹਰਪਾਲ ਸਿੰਘ ) ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਜਿਥੇ ਉਨ੍ਹਾਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਹਲਕਾ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵੇਚੀ ਕਣਕ ਦੀ ਅਦਾਇਗੀ 72 ਘੰਟਿਆਂ ਵਿੱਚ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲਿਫਟਿੰਗ ਅਤੇ ਬਾਰਦਾਨੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਵੀ ਨਹੀ ਰਹਿਣ ਦਿੱਤੀ ਜਾਵੇਗੀ। ਹਲਕਾ ਵਿਧਾਇਕ ਨੇ ਮੰਡੀ ਵਿੱਚ ਕਣਕ ਲੈ ਕੇ ਆਏ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਕਿਸਾਨ ਆਪਣੀ ਫ਼ਸਲ ਸਿੱਧੀ ਮੰਡੀਆਂ ਵਿੱਚ ਲਿਆ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਹੁਸ਼ਿਆਰਪੁਰ ਦੀ ਦਾਣਾ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਲਈ ਬਾਈਪਾਸ ਵਲੋਂ ਘੁੰਮਣਾ ਨਾ ਪਵੇ ਅਤੇ ਉਹ ਸ਼ਹਿਰ ਦੇ ਮੁੱਖ ਚੌਂਕਾਂ ਰਾਹੀਂ ਵੀ ਆਪਣੀ ਫ਼ਸਲ ਟਰੈਕਟਰ-ਟਰਾਲੀਆਂ ਰਾਹੀਂ ਲਿਆ ਸਕਣਗੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਲਈ ਸਾਫ਼ ਪਾਣੀ, ਲਾਈਟ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇੱਕ ਯੋਜਨਾਬੱਧ ਤਰੀਕੇ ਨਾਲ ਕਣਕ ਦੀ ਖਰੀਦ ਤੋਂ ਲੈ ਕੇ ਲਿਫਟਿੰਗ ਤੱਕ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਪੱਕੀ ਕਣਕ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਨਮੀ ਦੀ ਵਧੇਰੇ ਮਾਤਰਾ ਹੋਣ ਕਾਰਨ ਮੰਡੀਆਂ ਵਿੱਚ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮਾਰਕੀਟ ਕਮੇਟੀ ਹੁਸ਼ਿਆਰਪੁਰ ਅਧੀਨ 17 ਮੰਡੀਆਂ ਵਿੱਚ 7 ਲੱਖ 30 ਹਜ਼ਾਰ 714 ਮੀਟਰਕ ਟਨ ਕਣਕ ਦੀ ਖ਼ਰੀਦ ਹੋਈ ਸੀ ਅਤੇ ਇਸ ਸਾਲ ਇਸ ਖ਼ਰੀਦ ਤੋਂ 10 ਪ੍ਰਤੀਸ਼ਤ ਵੱਧ ਆਮਦ ਹੋਣ ਦੀ ਸੰਭਾਵਨਾ ਹੈ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਹੁਣ ਤੱਕ 309 ਮੀਟਰਕ ਟਨ ਕਣਕ ਵਪਾਰੀਆਂ ਵਲੋਂ ਪ੍ਰਾਈਵੇਟ ਤੌਰ 'ਤੇ ਖਰੀਦੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਬਣਦੀ 53 ਲੱਖ 76 ਹਜ਼ਾਰ 600 ਰੁਪਏ ਦੀ ਅਦਾਇਗੀ ਯਕੀਨੀ ਬਣਾ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਕੱਲੀ ਹੁਸ਼ਿਆਰਪੁਰ ਦਾਣਾ ਮੰਡੀ ਵਿੱਚ 143 ਕੁਇੰਟਲ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਅਤੇ ਇਸ ਸਬੰਧੀ ਬਣਦੀ ਢਾਈ ਲੱਖ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾ ਲਈ ਗਈ ਹੈ। ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਜਿਤੇਂਦਰ ਜੋਰਵਾਲ, ਸਕੱਤਰ ਮਾਰਕੀਟ ਕਮੇਟੀ ਹੁਸ਼ਿਆਰਪੁਰ ਵਿਕਰਮਜੀਤ ਸਿੰਘ, ਲੇਖਾਕਾਰ ਰਜਿੰਦਰ ਸਿੰਘ, ਮੰਡੀ ਇੰਚਾਰਜ ਬਲਵਿੰਦਰ ਸਿੰਘ, ਪ੍ਰਧਾਨ ਆੜਤੀਆ ਐਸੋਸੀਏਸ਼ਨ ਸੁਧੀਰ ਸੂਦ, ਨਰਿੰਦਰ ਮੋਹਨ ਸ਼ਰਮਾ, ਮਹਿੰਦਰ ਸਿੰਘ, ਤਰਸੇਮ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਕਿਸਾਨ ਵੀ ਮੌਜੂਦ ਸਨ।