
ਰਾਕੇਸ਼ ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਣ ਪੀੜਤ ਕਿਸਾਨਾਂ ਨੂੰ ਸੁਰੱਖਿਆ, ਮੁਆਵਜ਼ਾ ਅਤੇ ਇਨਸਾਫ਼ ਦਿਵਾਉਣ ਲਈ ਕੰਮ ਕਰਨਾ ਚਾਹੀਦਾ ਹੈ।
ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਲਖੀਮਪੁਰ ਖੇੜੀ ਮਾਮਲੇ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਨੇ ਕਿਸਾਨਾਂ ਨੂੰ ਉਮੀਦ ਦਿੱਤੀ ਹੈ। ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਣ ਪੀੜਤ ਕਿਸਾਨਾਂ ਨੂੰ ਸੁਰੱਖਿਆ, ਮੁਆਵਜ਼ਾ ਅਤੇ ਇਨਸਾਫ਼ ਦਿਵਾਉਣ ਲਈ ਕੰਮ ਕਰਨਾ ਚਾਹੀਦਾ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਟਵੀਟ ਕੀਤਾ, “ਸੁਪਰੀਮ ਕੋਰਟ ਨੇ ਮੰਤਰੀ ਦੇ ਬੇਟੇ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ ਹੈ। ਉੱਤਰ ਪ੍ਰਦੇਸ਼ ਸਰਕਾਰ ਨੂੰ ਪੀੜਤ ਕਿਸਾਨਾਂ ਨੂੰ ਸੁਰੱਖਿਆ-ਮੁਆਵਜ਼ਾ-ਇਨਸਾਫ਼ ਦਿਵਾਉਣ ਲਈ ਕੰਮ ਕਰਨਾ ਚਾਹੀਦਾ ਹੈ। ਬੇਕਸੂਰ ਕਿਸਾਨਾਂ ਨੂੰ ਜੇਲ੍ਹ 'ਚੋਂ ਬਾਹਰ ਕੱਢੋ। ਪੂਰਾ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।"
ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋਣ 'ਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਬਿਆਨ
ਇਸ ਤੋਂ ਬਾਅਦ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਟਵੀਟ ਕਰਦਿਆਂ ਕਿਹਾ, “ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਮਾਣਯੋਗ ਸੁਪਰੀਮ ਕੋਰਟ ਦਾ ਬਹੁਤ-ਬਹੁਤ ਧੰਨਵਾਦ। 24 ਤਰੀਕ ਨੂੰ ਹਰਿਆਣਾ ਅਤੇ ਪੰਜਾਬ ਦੀਆਂ ਕਈ ਜਥੇਬੰਦੀਆਂ ਲਖੀਮਪੁਰ ਜਾ ਕੇ 25 ਨੂੰ ਸਾਰੀ ਸਥਿਤੀ ਦਾ ਜਾਇਜ਼ਾ ਲੈਣਗੀਆਂ। 26 ਨੂੰ ਉੱਤਰ ਪ੍ਰਦੇਸ਼ ਹਰਿਆਣਾ ਅਤੇ ਪੰਜਾਬ ਦੀਆਂ ਜਥੇਦੰਬੀਆਂ ਮਿਲ ਕੇ ਅਗਲੇ ਅੰਦੋਲਨ ਦੀ ਰੂਪਰੇਖਾ ਤਿਆਰ ਕਰਨਗੀਆਂ”
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਲਖੀਮਪੁਰ ਖੇੜੀ ਮਾਮਲੇ ਵਿਚ ਅਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਦੁਆਰਾ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰ ਦਿੱਤਾ ਅਤੇ ਉਸ ਨੂੰ ਇਕ ਹਫ਼ਤੇ ਦੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਹੈ।