
ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਕਿਸਾਨਾਂ
ਚੰਡੀਗੜ੍ਹ, 19 ਸਤੰਬਰ(ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਕਿਸਾਨਾਂ ਨੂੰ ਹੁਣ ਤੱਕ 7337 ਖੇਤੀ ਮਸ਼ੀਨਾਂ/ਖੇਤੀ ਸੰਦ ਸਬਸਿਡੀ 'ਤੇ ਮੁਹੱਈਆ ਕਰਵਾਏ ਹਨ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਸੂਬੇ ਵਿੱਚੋਂ ਪਰਾਲੀ ਸਾੜਨ ਦੀ ਸਮੱਸਿਆ ਦੇ ਖਾਤਮੇ ਲਈ ਝੋਨੇ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਖੇਤੀ ਮਸ਼ੀਨਾਂ/ਖੇਤੀ ਸੰਦ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰਾਂ ਨੂੰ ਵੀ ਪਰਾਲੀ ਸਾੜਣ ਵਿਰੋਧੀ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ ਕਿਉਂ ਜੋ ਇਹ ਸਮੱਸਿਆ ਉੱਤਰੀ ਭਾਰਤ ਵਿੱਚ ਪ੍ਰਦੂਸ਼ਣ ਦਾ ਸਭ ਤੋਂ ਵੱਧ ਕਾਰਨ ਹੈ। ਇਸ ਸਕੀਮ ਤਹਿਤ ਵਿਅਕਤੀਗਤ ਤੌਰ 'ਤੇ ਖੇਤੀ ਮਸ਼ੀਨਰੀ ਹਾਸਲ ਕਰਨ ਵਾਲੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਜਦਕਿ ਸਹਿਕਾਰੀ ਸਭਾਵਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਚ.ਸੀ.) ਨੂੰ ਖੇਤੀ ਮਸ਼ੀਨਰੀ 'ਤੇ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਨੂੰ 24315 ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣੀਆਂ ਹਨ।