ਉਨ੍ਹਾਂ ਦੇ ਆਮਦਨੀ ਦੇ ਪੱਧਰ ਨੂੰ ਉੱਚਾ ਚੁਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਕਪੂਰਥਲਾ (ਇੰਦਰਜੀਤ ਸਿੰਘ): ਸੁਲਤਾਨਪੁਰ ਲੋਧੀ ਵਿਖੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪਧਰੀ ਕਿਸਾਨ ਮੇਲੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਰਸਾਨੀ ਅਤੇ ਕਿਸਾਨ ਭਰਾਵਾਂ ਦੀ ਭਲਾਈ ਅਤੇ ਉਨ੍ਹਾਂ ਦੇ ਆਮਦਨੀ ਦੇ ਪੱਧਰ ਨੂੰ ਉੱਚਾ ਚੁਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਆਰਗੈਨਿਕ ਖੇਤੀ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਬੀਮਾਰੀਆਂ ਤੋਂ ਬਚਾਅ ਸਾਨੂੰ ਇਸ ਪਾਸੇ ਵਲ ਧਿਆਨ ਦੇਣਾ ਚਾਹੀਦਾ ਹੈ।
ਕਿਸਾਨ ਵੀਰ ਕਰਜ਼ਾ ਮੁਆਫ਼ੀ ਸਬੰਧੀ ਵਿਰੋਧੀਆਂ ਦੇ ਕੂੜ ਪ੍ਰਚਾਰ ਤੋਂ ਗੁੰਮਰਾਹ ਨਾ ਹੋਣ। ਸਰਕਾਰ ਕਿਸਾਨਾਂ ਨੂੰ ਕਰਜ਼ੇ ਦੇ ਮੱਕੜਜਾਲ 'ਚੋਂ ਕੱਢਣ ਲਈ ਵਚਨਬੱਧ ਹੈ ਅਤੇ ਹਾਲੇ ਤਾਂ ਉਸ ਦੀ ਸ਼ੁਰੂਆਤ ਹੀ ਹੋਈ ਹੈ। ਵਾਤਾਵਰਨ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਇਸ ਮੌਕੇ ਕੁਦਰਤੀ ਖੇਤੀ ਕਰਨ ਅਤੇ ਹਵਾ, ਪਾਣੀ ਅਤੇ ਧਰਤੀ ਵਰਗੇ ਕੁਦਰਤੀ ਸੋਮੇ ਬਚਾਉਣ 'ਤੇ ਜ਼ੋਰ ਦਿਤਾ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦਾ ਗੰਦਾ ਪਾਣੀ ਖੇਤੀਬਾੜੀ ਲਈ ਵਰਦਾਨ ਸਿੱਧ ਹੋ ਸਕਦਾ ਹੈ ਅਤੇ ਛੱਪੜਾਂ ਦੇ ਪਾਣੀ ਨੂੰ ਸਾਫ਼ ਕਰ ਕੇ ਖੇਤੀਬਾੜੀ ਲਈ ਵਰਤ ਕੇ ਅਰਬਾਂ ਰੁਪਏ ਦੀ ਖਾਦ ਬਚਾਈ ਜਾ ਸਕਦੀ ਹੈ।
ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਡਾ. ਜਸਬੀਰ ਸਿੰਘ ਬੈਂਸ ਨੇ ਸਰਕਾਰ ਵਲੋਂ ਕਿਸਾਨਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ 'ਤੇ ਚਾਨਣਾ ਪਾਇਆ। ਕੈਂਪ ਵਿਚ ਵੱਖ-ਵੱਖ ਵਿਭਾਗਾਂ ਵਲੋਂ ਬੀਜਾਂ, ਖਾਦਾਂ, ਕੀੜੇਮਾਰ ਦਵਾਈਆਂ ਅਤੇ ਖੇਤੀ ਮਸ਼ੀਨਰੀ ਸਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਦਾ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਲਾਹਾ ਲਿਆ ਅਤੇ ਤਕਨੀਕੀ ਗਿਆਨ ਪ੍ਰਾਪਤ ਕੀਤਾ।