![Narendra Singh Tomar Narendra Singh Tomar](/cover/prev/53ildjroflv964bs3mijdj8j36-20220720091609.Medi.jpeg)
ਨਰਿੰਦਰ ਤੋਮਰ ਨੇ ਇਹ ਗੱਲ ਲੋਕ ਸਭਾ ਵਿਚ ਦੀਪਕ ਬੈਜ ਅਤੇ ਕੁੰਵਰ ਦਾਨਿਸ਼ ਅਲੀ ਦੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਕਹੀ।
ਨਵੀਂ ਦਿੱਲੀ: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੂੰ ਦਸੰਬਰ 2021 ਵਿਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ "ਕਾਨੂੰਨੀ ਗਾਰੰਟੀ" ਪ੍ਰਦਾਨ ਕਰਨ ਲਈ ਇਕ ਕਮੇਟੀ ਦਾ ਗਠਨ ਦਾ ਵਾਅਦਾ ਕੀਤਾ ਸੀ। ਨਰਿੰਦਰ ਤੋਮਰ ਨੇ ਇਹ ਗੱਲ ਲੋਕ ਸਭਾ ਵਿਚ ਦੀਪਕ ਬੈਜ ਅਤੇ ਕੁੰਵਰ ਦਾਨਿਸ਼ ਅਲੀ ਦੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਕਹੀ।
ਮੈਂਬਰਾਂ ਨੇ ਸਵਾਲ ਕੀਤਾ ਸੀ ਕਿ ਕੀ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਦਸੰਬਰ 2021 ਵਿਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ "ਕਾਨੂੰਨੀ ਗਰੰਟੀ" ਪ੍ਰਦਾਨ ਕਰਨ ਲਈ ਇਕ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ ਸੀ। ਇਸ 'ਤੇ ਤੋਮਰ ਨੇ ਕਿਹਾ, "ਜੀ, ਨਹੀਂ।" ਹਾਲਾਂਕਿ ਤੋਮਰ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਨੂੰ ਹੋਰ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ, ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਦੇਸ਼ ਦੀਆਂ ਬਦਲਦੀਆਂ ਲੋੜਾਂ ਨੂੰ ਧਿਆਨ 'ਚ ਰੱਖਦੇ ਹੋਏ ਫਸਲੀ ਪੈਟਰਨ ਨੂੰ ਬਦਲਣ ਲਈ ਇਕ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ ਸੀ।
ਉਹਨਾਂ ਕਿਹਾ ਕਿ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਕਿਸਾਨ, ਕੇਂਦਰ ਸਰਕਾਰ, ਸੂਬਾ ਸਰਕਾਰਾਂ, ਖੇਤੀਬਾੜੀ ਅਰਥ ਸ਼ਾਸਤਰੀ, ਵਿਗਿਆਨੀ ਆਦਿ ਸ਼ਾਮਲ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ, ਸੂਬਾ ਸਰਕਾਰਾਂ ਅਤੇ ਸਬੰਧਤ ਕੇਂਦਰੀ ਮੰਤਰਾਲਿਆਂ ਦੇ ਵਿਚਾਰਾਂ ਨੂੰ ਧਿਆਨ ਵਿਚ ਰੱਖਣ ਤੋਂ ਬਾਅਦ ਖੇਤੀ ਲਾਗਤਾਂ ਅਤੇ ਕੀਮਤਾਂ ਲਈ ਕਮਿਸ਼ਨ (ਸੀਏਸੀਪੀ) ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ 22 ਲਾਜ਼ਮੀ ਖੇਤੀ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਅਤੇ ਗੰਨੇ ਦੇ ਉਚਿਤ ਅਤੇ ਲਾਹੇਵੰਦ ਭਾਅ ਤੈਅ ਕਰਨ ਕਰਦੀ ਹੈ।
ਜ਼ਿਕਰਯੋਗ ਹੈ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਉਪਾਅ ਸੁਝਾਉਣ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਕਮੇਟੀ ਦੇ ਚੇਅਰਮੈਨ ਹੋਣਗੇ ਹਾਲਾਂਕਿ ਸੰਯੁਕਤ ਕਿਸਾਨ ਮੋਰਚਾ ਨੇ ਇਸ ਕਮੇਟੀ ਨੂੰ ਰੱਦ ਕੀਤਾ ਹੈ।