
ਯੂਥ ਕਾਂਗਰਸ ਦੇ ਵਰਕਰ ਟਰੈਕਟਰਾਂ 'ਤੇ ਸਵਾਰ ਹੋ ਕੇ ਕਰ ਰਹੇ ਨੇ ਦਿੱਲੀ ਨੂੰ ਕੂਚ
ਨਵੀਂ ਦਿੱਲੀ - ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਬਾਰਡਰ 'ਤੇ ਹੀ ਬੈਰੀਗੇਡ ਲਗਾ ਕੇ ਰੋਕ ਲਿਆ ਗਿਆ। ਕਿਸਾਨਾਂ ਨੂੰ ਰੋਕਣ ਲਈ ਉਹਨਾਂ 'ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ। ਜਿਸ ਤੋਂ ਬਾਅਦ ਗੁੱਸੇ ਵਿਚ ਆਏ ਕਿਸਾਨਾਂ ਨੇ ਟਰੈਕਟ ਨੂੰ ਅੱਗ ਲਗਾ ਦਿੱਤੀ। ਦੱਸ ਦਈਏ ਕਿ ਖੇਤੀ ਬਿੱਲਾਂ ਨੂੰ ਲੈ ਕੇ ਜਿਥੇ ਪੰਜਾਬ ਦੇ ਕਿਸਾਨ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ, ਉਥੇ ਹੀ ਸਿਆਸੀ ਆਗੂ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।
File Photo
ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੂਰਾ ਪੰਜਾਬ ਸੜਕਾਂ 'ਤੇ ਆ ਗਿਆ ਹੈ। ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ। ਯੂਥ ਕਾਂਗਰਸ ਦੇ ਵਰਕਰ ਟਰੈਕਟਰਾਂ 'ਤੇ ਸਵਾਰ ਹੋ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ, ਪਰ ਉਹਨਾਂ ਨੂੰ ਬੈਰੀਗੇਡ ਲਗਾ ਕੇ ਹਰਿਆਣਾ ਬਾਰਡਰ 'ਤੇ ਰੋਕ ਲਿਆ ਗਿਆ ਹੈ। ਕਿਸਾਨਾਂ ਵਿਚ ਬਹੁਤ ਗੁੱਸਾ ਹੈ ਕਿਉਂਕਿ ਖੇਤੀ ਬਿੱਲ ਲੋਕ ਸਭਾ ਵਿਚ ਪਾਸ ਹੋਣ ਬਾਅਦ ਹੁਣ ਰਾਜ ਸਭਾ ਵਿਚ ਵੀ ਪਾਸ ਹੋ ਗਏ ਹਨ। ਇਸ ਮੌਕੇ ਕਿਸਾਨਾਂ ਨੇ ਨਾਅਰੇਬਾਜ਼ੀ ਵੀ ਕੀਤੀ ਅਤੇ ਨਰਿੰਦਰ ਮੋਦੀ ਨੂੰ ਚੋਰ ਦੱਸਿਆ।
ਦੱਸ ਦਈਏ ਕਿ ਪੰਜਾਬ ਯੂਥ ਕਾਂਗਰਸ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਨਾਲ ਪੰਜਾਬ ਸਮੇਤ ਖੇਤੀ ਪ੍ਰਧਾਨ ਸਾਰੇ ਸੂਬੇ ਕੰਗਾਲੀ ਦੀ ਕਗਾਰ ਉੱਤੇ ਖੜ੍ਹੇ ਹੋ ਜਾਣਗੇ। ਇਸੇ ਕਾਰਨ ਕਿਸਾਨਾਂ ਦੀ ਆਵਾਜ਼ ਨੂੰ ਚੁੱਕਣ ਦੇ ਮੰਤਵ ਨਾਲ ਪੰਜਾਬ ਯੂਥ ਕਾਂਗਰਸ ਪੰਜਾਬ ਤੋਂ ਦਿੱਲੀ ਤਕ ਟਰੈਕਟਰ ਮਾਰਚ ਕੱਢ ਰਹੀ ਹੈ।
Farmer Protest
ਢਿੱਲੋਂ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਅਰਥਵਿਵਸਥਾ ਨੂੰ ਤਹਿਸ-ਨਹਿਸ ਕਰ ਦਿੱਤਾ ਹੈ ਤੇ ਹੁਣ ਕਿਸਾਨ ਵਿਰੋਧੀ ਆਰਡੀਨੈਂਸ ਲਿਆ ਕੇ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ-ਅਕਾਲੀ ਸਰਕਾਰ ਸੱਤਾ ਦੇ ਨਸ਼ੇ 'ਚ ਅੰਨਦਾਤਾ ਦੀ ਆਵਾਜ਼ ਸੁਣਨ ਤੋਂ ਵੀ ਮੁਨਕਰ ਹੋ ਰਹੀ ਹੈ।
ਦੱਸ ਦਈਏ ਕਿ ਇਸ ਮੌਕੇ ਕਿਸਾਨਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਲਗਾਤਾਰ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਯੂਥ ਕਾਂਗਰਸ ਦੇ ਆਗੂਆਂ ਦਾ ਕਹਿਣਾ ਹੈ ਕਿ ਜੋ ਮਰਜ਼ੀ ਹੋ ਜਾਵੇ ਉਹ ਦਿੱਲੀ ਪਹੁੰਚ ਕੇ ਰਹਿਣਗੇ। ਯੂਥ ਕਾਂਗਰਸ ਦੀ ਮੰਗ ਹੈ ਕਿ ਬਿੱਲਾਂ ਨੂੰ ਰੱਦ ਕੀਤਾ ਜਾਵੇ।