
ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਰੇਲਵੇ ਲਾਈਨਾਂ ’ਤੇ ਲਾਇਆ ਪੱਕਾ ਮੋਰਚਾ
ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ): ਕੇਂਦਰ ਸਰਕਾਰ ਤੋਂ ਤਿੰਨੇ ਕਾਲੇ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਪੰਜਾਬ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਹੈ।
Sarwan Singh Pandher
ਇਸ ਸੰਬੰਧੀ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਹਨਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਰੇਲ ਰੋਕੋ ਅੰਦੋਲਨ ਬਿਨ੍ਹਾਂ ਕਿਸੇ ਰੁਕਾਵਟ ਤੋਂ ਲਗਾਤਾਰ ਜਾਰੀ ਰਹੇਗਾ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ।
Rail Roko Andolan
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿਚ ਗੁਟਕਾ ਸਾਹਿਬ ਫੜ ਕੇ ਸਹੁੰ ਖਾਧੀ ਸੀ ਕਿ ਪੰਜਾਬ ਵਿਚੋਂ ਨਸ਼ੇ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ ਪਰ ਤਕਰੀਬਨ ਪੰਜ ਸਾਲ ਦਾ ਸਮਾਂ ਬੀਤ ਗਿਆ ਹੈ ਪਰ ਪੰਜਾਬ ਵਿਚ ਨਸ਼ੇ ਦਾ ਕਾਰੋਬਾਰ ਜ਼ੋਰਾਂ ਸ਼ੋਰਾਂ ਨਾਲ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅਧਿਆਪਕਾਂ ਅਤੇ ਸਿਹਤ ਕਰਮਚਾਰੀਆਂ ਨੂੰ ਕੁੱਟਿਆ ਜਾ ਰਿਹਾ ਹੈ।
Sarwan Singh Pandher
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤਕ ਪੰਜਾਬ ਸਰਕਾਰ ਆਪਣੇ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਨਹੀਂ ਕਰ ਦਿੰਦੀ ਇਹ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। ਸਰਵਣ ਸਿੰਘ ਪੰਧੇਰ ਨੇ ਆਮ ਲੋਕਾਂ ਤੋਂ ਮਾਫੀ ਮੰਗਦੇ ਹੋਏ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਇਸ ਅੰਦੋਲਨ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਵੇਗੀ ਪਰ ਇਸ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਸਿਆਸੀ ਪਾਰਟੀ ਦੇ ਐਲ਼ਾਨ ’ਤੇ ਕਿਸਾਨ ਆਗੂ ਨੇ ਕਿਹਾ ਕਿ ਚੋਣਾਂ ਲੜਨ ਦਾ ਸਾਰਿਆਂ ਨੂੰ ਅਧਿਕਾਰ ਹੈ ਪਰ ਉਹ ਕਿਸੇ ਵੀ ਸਿਆਸੀ ਧਿਰ ਨੂੰ ਸਮਰਥਨ ਨਹੀਂ ਦੇਣਗੇ।