
ਮੰਗਾਂ ਨਾ ਮੰਨੇ ਜਾਣ ’ਤੇ ਲਾਇਆ ਜਾਵੇਗਾ ਧਰਨਾ-ਕਿਸਾਨ
ਸ੍ਰੀ ਮੁਕਤਸਰ ਸਾਹਿਬ (ਸੋਨੂੰ ਖੇੜਾ): ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚਲਦਿਆਂ ਕਈ ਦਿਨਾਂ ਤੋਂ ਕਿਸਾਨਾਂ ਦੀ ਫਸਲ ਮੰਡੀਆਂ ਵਿਚ ਰੁਲ ਰਹੀ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਨਾਂਅ ਮੰਗ ਪੱਤਰ ਵੀ ਦਿੱਤਾ।
Farmers
ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਨੂੰ ਲੈ ਕੇ ਸੂਬੇ ਵਿਚ ਪੁਖ਼ਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਗਏ ਹਨ ਪਰ ਇਹ ਸਾਰੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਜ਼ਿਲ੍ਹੇ ਦੇ ਕਈ ਪਿੰਡਾਂ ਸ਼ਹਿਰਾਂ ਵਿਚ ਅਜੇ ਤੱਕ ਬਾਰਦਾਨੇ ਦੀ ਭਾਰੀ ਕਮੀ ਆ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵੱਲੋਂ ਡੀਸੀ ਦਫ਼ਤਰ ਮੁਕਤਸਰ ਦੇ ਨੇੜੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਵੱਡੀ ਗਿਣਤੀ ਵਿਚ ਕਿਸਾਨ ਧਰਨੇ ਵਿਚ ਸ਼ਾਮਲ ਹੋਏ।
Farmers
ਕਿਸਾਨ ਆਗੂਆਂ ਨੇ ਕਿਹਾ ਕਿ ਕਰਜ਼ੇ ਅਤੇ ਕੁਦਰਤੀ ਕਰੋਪੀ ਦੇ ਕਾਰਨ ਸਰਕਾਰ ਵੱਲੋਂ ਕਿਸਾਨਾਂ ਨੂੰ ਸਤਾਇਆ ਜਾ ਰਿਹਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਬਹੁਤ ਢਿੱਲੀ ਚੱਲ ਰਹੀ ਹੈ ਅਤੇ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗੇ ਹੋਏ ਹਨ।
Farmer
ਕਿਸਾਨਾਂ ਨੇ ਮੰਗ ਕੀਤੀ ਹੈ ਕਿ ਕਣਕ ਦੀ ਖਰੀਦ ਦੀ ਰਫ਼ਤਾਰ ਨੂੰ ਤੇਜ਼ ਕੀਤਾ ਜਾਵੇ ਅਤੇ ਮੰਡੀਆਂ ਵਿਚ ਜਲਦੀ ਤੋਂ ਜਲਦੀ ਬਾਰਦਾਨਾ ਪੂਰਾ ਕਰਵਾਇਆ ਜਾਵੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਖਰੀਦੀ ਹੋਈ ਕਣਕ ਨੂੰ ਜਲਦੀ ਤੋਂ ਜਲਦੀ ਚੁੱਕਿਆ ਜਾਵੇ ਤਾਂ ਕਿ ਦੂਸਰੇ ਕਿਸਾਨਾਂ ਨੂੰ ਵੀ ਕਣਕ ਰੱਖਣ ਲਈ ਥਾਂ ਮਿਲ ਸਕੇ। ਉਹਨਾਂ ਨੇ ਖ਼ਰੀਦ ਕੀਤੀ ਗਈ ਕਣਕ ਦੀ ਅਦਾਇਗੀ 48 ਘੰਟਿਆਂ ਵਿਚ ਕਿਸਾਨਾਂ ਦੇ ਖਾਤਿਆਂ ’ਚ ਪਾਏ ਜਾਣ ਦੀ ਗੱਲ ਕਹੀ।
Farmer
ਮੀਡੀਆ ਨਾਲ ਗੱਲ ਕਰਦਿਆਂ ਕਿਸਾਨ ਆਗੂ ਖੁਸ਼ਵਿੰਦਰ ਸਿੰਘ ਬਾਹਲਾ ਨੇ ਕਿਹਾ ਕਿ ਅਸੀਂ ਧਰਨੇ ਦੇ ਕੇ ਲੋਕਾਂ ਨੂੰ ਤੰਗ ਨਹੀਂ ਕਰਨਾ ਚਾਹੁੰਦੇ ਪਰ ਮੰਡੀਆਂ ਵਿਚ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿਚ ਪੂਰਾ ਬਾਰਦਾਨਾ ਨਹੀਂ ਹੈ।