
ਕਿਹਾ- ਇਸ ਕਮੇਟੀ ਵਿਚ ਭਾਜਪਾ ਨਾਲ ਸਬੰਧਤ ਲੋਕਾਂ ਅਤੇ ਕੇਂਦਰ ਵੱਲੋਂ ਵਾਪਸ ਲਏ ਗਏ ਵਿਵਾਦਤ ਖੇਤੀ ਕਾਨੂੰਨਾਂ ਦੇ ਸਮਰਥਕਾਂ ਨੂੰ ਸ਼ਾਮਲ ਕੀਤਾ ਗਿਆ
ਨਵੀਂ ਦਿੱਲੀ: ਮਾਨਸੂਨ ਇਜਲਾਸ ਦੇ ਚੌਥੇ ਦਿਨ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿਚ ਕੇਂਦਰ ਵੱਲੋਂ ਬਣਾਈ ਐਮਐਸਪੀ ਕਮੇਟੀ ਦਾ ਮੁੱਦਾ ਚੁੱਕਿਆ। ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਇਸ ਕਮੇਟੀ ਵਿਚ ਭਾਜਪਾ ਨਾਲ ਸਬੰਧਤ ਲੋਕਾਂ ਅਤੇ ਕੇਂਦਰ ਵੱਲੋਂ ਵਾਪਸ ਲਏ ਗਏ ਵਿਵਾਦਤ ਖੇਤੀ ਕਾਨੂੰਨਾਂ ਦੇ ਸਮਰਥਕਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਸਦਨ ਵਿਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਉਹਨਾਂ ਇਹ ਵੀ ਕਿਹਾ ਕਿ ਇਸ ਕਮੇਟੀ ਵਿਚ ਪੰਜਾਬ ਨੂੰ ਕੋਈ ਨੁਮਾਇੰਦਗੀ ਨਹੀਂ ਦਿੱਤੀ ਗਈ ਜੋ ਕਿ ਜ਼ਿਆਦਤੀ ਹੈ। ਨਾ ਸਾਡੇ ਕਿਸਾਨ, ਨਾ ਸਰਕਾਰ ਅਤੇ ਨਾ ਹੀ ਸਾਡੀ ਖੇਤੀਬਾੜੀ ਯੂਨੀਵਰਸਿਟੀ ਨੂੰ ਸ਼ਾਮਲ ਕੀਤਾ ਗਿਆ।
ਹਰਸਿਮਰਤ ਬਾਦਲ ਨੇ ਕਿਹਾ, “ਪੰਜਾਬ ਦੇ ਕਿਸਾਨਾਂ ਨੇ ਇਕ ਵਿਸ਼ਾਲ ਅੰਦੋਲਨ ਚਲਾਇਆ, ਜਿਸ ਵਿਚ 700 ਕਿਸਾਨ ਸ਼ਹੀਦ ਹੋਏ। ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਸਮੇਂ ਸਰਕਾਰ ਨੇ ਕਿਹਾ ਸੀ ਕਿ ਕਿਸਾਨ ਨੂੰ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਇਕ ਕਮੇਟੀ ਬਣਾਈ ਜਾਵੇਗੀ”। ਸਾਬਕਾ ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਹੁਣ ਜੋ ਕਮੇਟੀ ਬਣਾਈ ਗਈ ਹੈ, ਉਸ ਵਿਚ ‘ਐਮਐਸਪੀ’ ਯਕੀਨੀ ਬਣਾਉਣ ਦੀ ਮੰਗ ਨੂੰ ਹਟਾ ਕੇ ਸਿਰਫ਼ ਐਮਐਸਪੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੀ ਗੱਲ ਕਹੀ ਗਈ ਹੈ।