ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 16 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਚ ਵਿਸ਼ਾਲ ਧਰਨੇ ਦਾ ਸੱਦਾ ਦਿੱਤਾ ਗਿਆ ਸੀ।
ਸੰਗਰੂਰ - ਸੰਗਰੂਰ ਵਿਚ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਆਗੂਆਂ ਅਤੇ ਲੌਂਗੋਵਾਲ ਪੁਲਿਸ ਦਰਮਿਆਨ ਝੜਪ ਦੌਰਾਨ ਦੋ ਕਿਸਾਨ ਆਗੂ ਤੇ ਇੱਕ ਥਾਣੇਦਾਰ ਜ਼ਖ਼ਮੀ ਹੋ ਗਿਆ। ਜਿਸ ਵਿਚ ਇੱਕ ਕਿਸਾਨ ਦੀ ਪਟਿਆਲਾ ਵਿਚ ਇਲਾਜ ਦੌਰਾਨ ਮੌਤ ਹੋ ਗਈ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 16 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਚ ਵਿਸ਼ਾਲ ਧਰਨੇ ਦਾ ਸੱਦਾ ਦਿੱਤਾ ਗਿਆ ਸੀ।
ਲੌਂਗੋਵਾਲ ਵਿਚ ਕਿਸਾਨ ਜਥੇਬੰਦੀ ਦੇ ਆਗੂਆਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਮੌਕੇ ਤੋਂ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਹਿਰਾਸਤ ਵਿਚ ਲੈ ਲਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਲੌਂਗੋਵਾਲ ਥਾਣੇ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਿਸਾਨ ਆਗੂ ਤੀਰਥ ਸਿੰਘ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਲੌਂਗੋਵਾਲ ਥਾਣੇ ਅੱਗੇ ਧਰਨਾ ਦੇ ਰਹੇ ਸਨ। ਇਸ ਦੌਰਾਨ ਜਥੇਬੰਦੀ ਨੇ ਮੰਗ ਕੀਤੀ ਕਿ ਅੱਜ ਤੋਂ ਹੀ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣ ਤੇ ਥੋੜ੍ਹੀ ਝੜਪ ਹੋ ਗਈ।
ਕਿਸਾਨ ਮਾਰਚ ਕਰ ਰਹੇ ਸਨ ਕਿ ਪੁਲਿਸ ਨੇ ਕਿਸਾਨਾਂ ਨੂੰ ਰਸਤੇ ਵਿਚ ਘੇਰ ਲਿਆ। ਜਿੱਥੇ ਪੁਲਿਸ ਨੇ ਉਸ ਦੀ ਕੁੱਟਮਾਰ ਕੀਤੀ। ਜਿਸ ਵਿਚ ਕਿਸਾਨ ਆਗੂ ਪ੍ਰੀਤਮ ਸਿੰਘ ਅਤੇ ਗੁਰਜੰਟ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਵਿਚ ਪੰਜਾਬ ਪੁਲਿਸ ਦਾ ਇੰਸਪੈਕਟਰ ਦੀਪਇੰਦਰਪਾਲ ਸਿੰਘ ਵੀ ਜ਼ਖਮੀ ਹੋ ਗਿਆ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖਮੀ ਕਿਸਾਨ ਆਗੂ ਪ੍ਰੀਤਮ ਸਿੰਘ ਨੂੰ ਇੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।