
ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਬਾਦਲਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ।
ਚੰਡੀਗੜ੍ਹ: ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਬਾਦਲਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਖਿਉਵਾਲੀ ਰੋਡ ਨਾਕੇ ’ਤੇ ਕਿਸਾਨਾਂ ਨੂੰ ਰੋਕਣ ਲਈ ਪੁਲੀਸ ਵੱਲੋਂ ਵਰ੍ਹਾਈਆਂ ਡਾਂਗਾਂ ਨਾਲ ਸੰਘਰਸ਼ ਕਮੇਟੀ ਦੇ ਗੁਰੂ ਹਰਸਹਾਇ ਦੇ ਜ਼ੋਨ ਪ੍ਰਧਾਨ ਧਰਮ ਸਿੰਘ ਸਮੇਤ ਕਰੀਬ ਚਾਰ ਕਾਰਕੁਨ ਜ਼ਖ਼ਮੀ ਹੋ ਗਏ। ਬਾਕੀ ਨਾਕਿਆਂ ’ਤੇ ਕਿਸਾਨ ਸਾਰੀਆਂ ਰੋਕਾਂ ਤੋੜ ਕੇ ਬਾਦਲਾਂ ਦੀ ਰਿਹਾਇਸ਼ ਅੱਗੇ ਪਹੁੰਚਣ ’ਚ ਕਾਮਯਾਬ ਹੋਏ।
Protest
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਪਿੱਦੀ ਨੇ ਕਿਹਾ ਕਿ ਖੇਤੀ ਤੇ ਬਿਜਲੀ ਰਾਜਾਂ ਦੀ ਸਮਵਰਤੀ ਸੂਚੀ ’ਚ ਹੋਣ ਕਰਕੇ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ’ਤੇ ਵੀ ਡਾਕਾ ਮਾਰਿਆ ਜਾ ਰਿਹਾ ਹੈ। ਉਕਤ ਤਿੰਨਾਂ ਆਰਡੀਨੈਂਸਾਂ ਨਾਲ ਪੰਜਾਬ ਦੀ ਪੰਜ ਏਕੜ ਤੋਂ ਘੱਟ ਵਾਲੀ ਕਿਸਾਨੀ ਜੋ ਕਿ 85 ਫੀਸਦ ਬਣਦੀ ਹੈ, ਖੇਤੀ ਕਿੱਤੇ ਵਿਚੋਂ ਬਾਹਰ ਹੋ ਜਾਵੇਗੀ ਅਤੇ 500 ਤੋਂ 1000 ਏਕੜ ਤੱਕ ਦੇ ਵੱਡੇ ਖੇਤੀ ਫਾਰਮ ਕਾਰਪੋਰੇਟ ਕੰਪਨੀਆਂ ਦੇ ਕਬਜ਼ੇ ਹੇਠ ਬਣਨਗੇ।
Protest
ਕੋਰੋਨਾ ਮਹਾਮਾਰੀ ’ਚ ਸਮਾਜਿਕ ਦੂਰੀ ਦੇ ਮਸਲੇ ’ਤੇ ਸ੍ਰੀ ਪਿੱਦੀ ਨੇ ਕਿਹਾ ਕਿ ਇਹ ਬਿਮਾਰੀ ਕਿਸੇ ਮਿਹਨਤਕਸ਼ ਨੂੰ ਨਹੀਂ ਹੁੰਦੀ। ਇਹ ਵਿਹਲੜਾਂ, ਅਫਸਰਾਂ ਤੇ ਮੰਤਰੀ-ਵਿਧਾਇਕਾਂ ਨੂੰ ਹੋਣ ਵਾਲੀ ਬਿਮਾਰੀ ਹੈ। ਕੇਂਦਰ ਸਰਕਾਰ ਨੇ ਮਹਾਮਾਰੀ ਦਾ ਖੌਫ਼ ਵਿਖਾ ਕੇ ਆਮ ਜਨਤਾ ’ਤੇ ਖੇਤੀ ਸੁਧਾਰ ਅਤੇ ਬਿਜਲੀ ਸੋਧ ਬਿੱਲ ਦਾ ਫਾਹਾ ਲੋਕਾਂ ਦੇ ਗਲੇ ’ਚ ਪਾ ਦਿੱਤਾ ਹੈ। ਪਿੱਦੀ ਨੇ ਬਾਦਲਾਂ ਨੂੰ ਪ੍ਰਧਾਨ ਮੰਤਰੀ ਨਾਲ ਗੱਲ ਕਰਕੇ ਆਰਡੀਨੈਂਸ ਵਾਪਸ ਕਰਵਾਉਣ ਦੀ ਅਪੀਲ ਕੀਤੀ।
Badals
ਬਾਦਲ ਪਰਿਵਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਰੋਜ਼ੀ ਬਰਕੰਦੀ, ਪੰਚਾਇਤ ਸਮਿਤੀ ਲੰਬੀ ਦੇ ਸਾਬਕਾ ਚੇਅਰਮੈਨ ਗੁਰਬਖਸ਼ੀਸ਼ ਸਿੰਘ ਮਿੱਡੂਖੇੜਾ, ਪਰਮਿੰਦਰ ਸਿੰਘ ਕੋਲਿਆਂਵਾਲੀ ਅਤੇ ਸੰਨੀ ਢਿੱਲੋਂ ਮੌਕੇ ’ਤੇ ਪਹੁੰਚੇ। ਇਸ ਦੌਰਾਨ ਖਿਉਵਾਲੀ ਨਾਕੇ ’ਤੇ ਪੁਲੀਸ ਨਾਲ ਹੋਏ ਟਕਰਾਅ ਦਰਮਿਆਨ ਕਿਸਾਨ ਆਗੂ ਧਰਮ ਸਿੰਘ ਤੇ ਏਐੱਸਆਈ ਤੇਜਾ ਸਿੰਘ ਅਤੇ ਹੋਮਗਾਰਡ ਮੁਲਾਜ਼ਮ ਬਲਦੇਵ ਸਿੰਘ ਵੀ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਸੀਐੱਚਸੀ ਲੰਬੀ ਦਾਖ਼ਲ ਕਰਵਾਇਆ ਗਿਆ ਹੈ। ਐੱਸਐੱਸਪੀ ਰਾਜਬਚਨ ਸਿੰਘ ਸੰਧੂ ਨੇ ਕਿਹਾ ਕਿ ਮਹਾਮਾਰੀ ਐਕਟ ਅਤੇ ਧਾਰਾ 144 ਦੀ ਉਲੰਘਣਾ ਕਰਨ ਵਾਲੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਦੇ ਗਰੁੱਪਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।