
ਰਵਾਇਤੀ ਫਸਲਾਂ ਕਣਕ ਤੇ ਝੋਨੇ ਨੂੰ ਹੀ ਪਹਿਲ ਦੇਣ ਲਈ ਮਜ਼ਬੂਰ ਨੇ ਕਿਸਾਨ
ਚੰਡੀਗੜ੍ਹ - ਇਸ ਵੇਲੇ ਨਰਮੇ ਦੀ ਫਸਲ ਪੂਰੀ ਪੱਕ ਚੁੱਕੀ ਹੈ ਤੇ ਕੁੱਝ ਥਾਵਾਂ ’ਤੇ ਨਰਮੇ ਦੀ ਚੁਗਾਈ ਸ਼ੁਰੂ ਹੋ ਗਈ ਹੈ। ਭਾਵੇਂ ਸਾਰੀਆਂ ਅਨਾਜ ਮੰਡੀਆਂ ਵਿਚ ਤਾਂ ਨਰਮੇ ਦੀ ਆਮਦ ਅਜੇ ਸ਼ੁਰੂ ਨਹੀਂ ਹੋਈ ਪਰ ਵਿਰਲੀਆਂ-ਟਾਵੀਆਂ ਅਨਾਜ ਮੰਡੀਆਂ ਵਿਚ ਨਰਮਾ ਆਉਣਾ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਨਰਮੇ ਦਾ ਘੱਟੋ ਘੱਟ ਸਮਰਥਨ ਮੁੱਲ 5500 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਤੈਅ ਕੀਤਾ ਹੋਇਆ ਹੈ
Cotton Crop
ਪਰ ਤਰਾਸਦੀ ਇਹ ਹੈ ਕਿ ਇਸ ਸਮੇਂ ਇਹ 4000 ਤੋਂ 4500 ਰੁਪਏ ਤੱਕ ਵਿਕ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸੇ ਕਾਰਨ ਉਹ ਰਵਾਇਤੀ ਫਸਲਾਂ ਕਣਕ ਤੇ ਝੋਨੇ ਨੂੰ ਹੀ ਪਹਿਲ ਦੇਣ ਲਈ ਮਜ਼ਬੂਰ ਹਨ। ਕਿਉਂਕਿ ਸਰਕਾਰੀ ਖਰੀਦ ਹੋਣ ਕਾਰਨ ਇਹ ਫਸਲਾ ਤੈਅ ਮੁੱਲ 'ਤੇ ਵਿਕਦੀਆਂ ਹਨ। ਹਾਲਾਂਕਿ ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਇਨ੍ਹਾਂ ਦੋਵਾਂ ਫਸਲਾਂ ਨੂੰ ਵੀ ਵਪਾਰੀਆਂ ਹੱਥ ਦੇ ਦੇਣਗੇ।
Cotton Crop
ਮੱਕੀ ਦਾ ਵੀ ਇਹੀ ਹਾਲ ਹੈ। ਫਸਲੀ ਵਿਭਿੰਨਤਾ ਤਹਿਤ ਪ੍ਰੇਰਿਤ ਕਰਕੇ ਸਰਕਾਰ ਨੇ ਜਿਨ੍ਹਾਂ ਕਿਸਾਨਾਂ ਤੋਂ ਮੱਕੀ ਬਿਜਵਾਈ ਸੀ, ਉਸ ਮੱਕੀ ਦਾ ਇਕ ਵੀ ਦਾਣਾ ਸਰਕਾਰੀ ਏਜੰਸੀਆਂ ਨੇ ਨਹੀਂ ਖਰੀਦਿਆ ਜਿਸ ਦੇ ਫਲਸਰੂਪ ਨਤੀਜਾ ਇਹ ਹੋਇਆ ਕਿ ਜਿਸ ਮੱਕੀ ਦਾ ਕੇਂਦਰ ਸਰਕਾਰ ਨੇ ਸਮਰਥਨ ਮੁੱਲ (ਐਮ.ਐਸ.ਪੀ.) 1850 ਰੁਪਏ ਪ੍ਰਤੀ ਕੁਇੰਟਲ ਮਿਥਿਆ ਸੀ, ਨਿੱਜੀ ਵਪਾਰੀਆਂ ਦੀ ਮਨਮਰਜ਼ੀ ਕਾਰਨ 650 ਤੋਂ ਲੈ ਕੇ 915 ਰੁਪਏ ਪ੍ਰਤੀ ਕੁਇੰਟਲ ਤੱਕ ਹੀ ਵਿਕ ਰਹੀ ਹੈ।
Cotton Crop
ਮੱਕੀ ਦੀ ਫਸਲ ਦਾ ਸਹੀ ਮੁੱਲ ਨਾ ਮਿਲਣ ਕਾਰਨ ਕਿਸਾਨ ਨਿਰਾਸ਼ ਹਨ। ਸਰਕਾਰੀ ਖਰੀਦ ਨਾ ਹੋਣ ਕਰਕੇ ਖਰੀਦਦਾਰ ਮਰਜ਼ੀ ਦੇ ਭਾਅ ਫਸਲ ਚੁੱਕ ਰਹੇ ਹਨ ਜਿਸ ਕਰਕੇ ਕਈ ਕਿਸਾਨਾਂ ਦੀ ਲਾਗਤ ਵੀ ਨਹੀਂ ਨਿਕਲ ਰਹੀ। ਪਿਛਲੇ ਸਾਲ ਦੋ-ਢਾਈ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤੱਕ ਮੱਕੀ ਵੇਚਣ ਵਾਲੇ ਕਿਸਾਨਾਂ ਨੂੰ ਅੱਜ ਪ੍ਰਤੀ ਕੁਇੰਟਲ ਇਕ ਹਜ਼ਾਰ ਰੁਪਏ ਵੀ ਨਹੀਂ ਮਿਲ ਰਹੇ।
Cotton Crop
ਇਸੇ ਤਰ੍ਹਾਂ ਮਾਲਵਾ ਖੇਤਰ ਦੀਆਂ ਮੰਡੀਆਂ ਵਿਚ ਨਰਮੇ ਦੀ ਫਸਲ ਦਾ ਭਾਅ 4,000 ਰੁਪਏ ਤੋਂ 5,000 ਰੁਪਏ ਹੀ ਮਿਲ ਰਿਹਾ ਹੈ, ਜਦੋਂ ਕਿ ਕੇਂਦਰ ਸਰਕਾਰ ਵੱਲੋਂ ਲੰਬੇ ਰੇਸ਼ੇ ਵਾਲੇ ਨਰਮੇ ਦਾ ਭਾਅ 5,825 ਰੁਪਏ ਅਤੇ ਵਿਚਕਾਰਲੇ ਰੇਸ਼ੇ ਵਾਲੇ ਨਰਮੇ ਦੀ ਕੀਮਤ 5500 ਤੋਂ ਵੱਧ ਰੁਪਏ ਦੱਸੀ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਦਾ ਹੋਕਾ ਦਿੰਦਿਆਂ ਝੋਨੇ ਦੀ ਥਾਂ ਮੱਕੀ, ਕਪਾਹ, ਦਾਲਾਂ ਅਤੇ ਸਬਜ਼ੀਆਂ ਆਦਿ ਬੀਜਣ ਵੱਲ ਉਤਸ਼ਾਹਿਤ ਤਾਂ ਕੀਤਾ ਪਰ ਇਨ੍ਹਾਂ ਫਸਲਾਂ ਦੀ ਖਰੀਦ ਅਤੇ ਮੰਡੀਕਰਨ ਵੱਲ ਧਿਆਨ ਨਹੀਂ ਦਿੱਤਾ।
Cotton Crop
ਉਧਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਕਪਾਹ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ’ਤੇ ਕੀਤੇ ਜਾਣ ਦੀ ਮੰਗ ਕਰਦਿਆਂ ਬਠਿੰਡਾ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਕਪਾਹ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ’ਤੇ ਨਾ ਹੋਈ ਤਾਂ ਫਿਰ ਸ਼੍ਰੋਮਣੀ ਅਕਾਲੀ ਸੀਸੀਆਈ ਤੇ ਕਾਂਗਰਸ ਸਰਕਾਰ ਖਿਲਾਫ਼ ਸੂਬਾ ਪੱਧਰੀ ਪ੍ਰਦਰਸ਼ਨ ਸ਼ੁਰੂ ਕਰੇਗਾ।