
ਵਧੀਕ ਮੁੱਖ ਸਕੱਤਰ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ 24 ਫ਼ਸਲਾਂ ਦੀ ਖ਼ਰੀਦ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ
ਹਰਿਆਣਾ ਦੇ ਕਿਸਾਨਾਂ ਲਈ ਇਕ ਚੰਗੀ ਖ਼ਬਰ ਆਈ ਹੈ। ਸਰਕਾਰ ਨੇ ਕਿਸਾਨਾਂ ਦੀਆਂ 24 ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਦੀ ਗਾਰੰਟੀ ਦਿਤੀ ਹੈ। ਸਰਕਾਰੀ ਏਜੰਸੀਆਂ, ਜੋ ਪਹਿਲਾਂ ਹੀ ਘੱਟੋ-ਘੱਟ ਸਮਰਥਨ ਮੁੱਲ ’ਤੇ 14 ਫ਼ਸਲਾਂ ਖ਼ਰੀਦ ਰਹੀਆਂ ਹਨ ਹੁਣ 10 ਹੋਰ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣਗੀਆਂ।
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਰਾਜਾ ਸ਼ੇਖਰ ਵੁੰਦਰੂ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ 24 ਫ਼ਸਲਾਂ ਦੀ ਖ਼ਰੀਦ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ।ਹਰਿਆਣਾ ’ਚ ਪੰਜਾਬ ਨਾਲ ਲੱਗਦੇ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਤੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਰੰਟੀ ਲੈਣ ਲਈ ਦਿੱਲੀ ਵਲ ਮਾਰਚ ਕਰਨ ਦੀ ਜ਼ਿੱਦ ਨਾਲ ਸਰਹੱਦ ’ਤੇ ਬੈਠੇ ਹਨ।
ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਠੀਕ ਪਹਿਲਾਂ 5 ਅਗਸਤ ਨੂੰ ਮੁੱਖ ਮੰਤਰੀ ਨਾਇਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਫ਼ਸਲਾਂ ਦੀ ਖ਼ਰੀਦ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਨੂੰ ਹੁਣ ਨੋਟੀਫ਼ਿਕੇਸ਼ਨ ਜਾਰੀ ਹੋਣ ਨਾਲ ਅੰਤਮ ਰੂਪ ਦਿਤਾ ਜਾਵੇਗਾ।