
ਕੋਵਿਡ-19 ਕਾਰਨ ਕਰਫ਼ਿਊ/ਲੌਕਡਾਊਨ ਦੇ ਮੱਦੇਨਜ਼ਰ ਪੰਜਾਬ ਮੰਡੀ ਬੋਰਡ ਵਲੋਂ ਕੀਤੇ ਪੁਖ਼ਤਾ ਪ੍ਰਬੰਧਾਂ ਸਦਕਾ ਮੰਡੀਆਂ ਵਿਚ ਕਣਕ ਦੀ ਆਮਦ ਵਿਚ ਪਿਛਲੇ ਸਾਲ
ਚੰਡੀਗੜ੍ਹ, 22 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ): ਕੋਵਿਡ-19 ਕਾਰਨ ਕਰਫ਼ਿਊ/ਲੌਕਡਾਊਨ ਦੇ ਮੱਦੇਨਜ਼ਰ ਪੰਜਾਬ ਮੰਡੀ ਬੋਰਡ ਵਲੋਂ ਕੀਤੇ ਪੁਖ਼ਤਾ ਪ੍ਰਬੰਧਾਂ ਸਦਕਾ ਮੰਡੀਆਂ ਵਿਚ ਕਣਕ ਦੀ ਆਮਦ ਵਿਚ ਪਿਛਲੇ ਸਾਲ ਮੁਕਾਬਲੇ ਦੋ ਗੁਣਾ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਹੈ। 22 ਅਪ੍ਰੈਲ ਤਕ ਮੰਡੀਆਂ ਵਿਚ 22.9 ਲੱਖ ਮੀਟਰਕ ਟਨ ਕਣਕ ਆਈ ਹੈ ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 9.36 ਲੱਖ ਮੀਟਰਕ ਟਨ ਫ਼ਸਲ ਪਹੁੰਚੀ ਸੀ।
ਇਹ ਪ੍ਰਗਟਾਵਾ ਕਰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦਸਿਆ ਕਿ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿਚ 22.96 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 21.5 ਲੱਖ ਟਨ ਖ਼ਰੀਦੀ ਜਾ ਚੁੱਕੀ ਹੈ ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਮੰਡੀਆਂ ਵਿਚ ਪਹੁੰਚੀ 9.36 ਲੱਖ ਮੀਟਰਕ ਟਨ ਕਣਕ ਵਿਚੋਂ 6.64 ਲੱਖ ਮੀਟਿਰਕ ਟਨ ਦੀ ਖ਼ਰੀਦ ਹੋਈ ਸੀ।
ਇਸੇ ਦੌਰਾਨ ਵਧੀਕ ਮੁੱਖ ਸਕੱਤਰ ਨੇ ਦਸਿਆ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਈ ਸਿਹਤ ਐਡਵਾਈਜ਼ਰੀ ਦੇ ਮੱਦੇਨਜ਼ਰ ਮੰਡੀਆਂ ਵਿੱਚ ਪੜਾਅਵਾਰ ਕਣਕ ਲਿਆਉਣ ਦੇ ਬਾਵਜੂਦ ਹੁਣ ਤੱਕ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 4,20,115 ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹਤਿਆਦ ਵਜੋਂ ਮੰਡੀਆਂ ਵਿੱਚ ਭੀੜ-ਭੜੱਕਾ ਰੋਕਣ ਲਈ ਖਰੀਦ ਕੇਂਦਰਾਂ ਦੀ ਗਿਣਤੀ ਵਿੱਚ ਪਿਛਲੇ ਸਾਲ ਨਾਲੋਂ ਦੁੱਗਣਾ ਵਾਧਾ ਕਰਕੇ 4100 ਕਰ ਦਿੱਤੇ ਗਏ ਹਨ।
ਖੰਨਾ ਨੇ ਅੱਗੇ ਦੱਸਿਆ ਕਿ ਖਰੀਦ ਕਾਰਜਾਂ ਵਿੱਚ ਜੁਟੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਰੋਨਾਵਾਇਰਸ ਦੇ ਮੱਦੇਨਜ਼ਰ ਸਿਹਤ ਸੁਰੱਖਿਆ ਉਪਾਵਾਂ ਦੀ ਧਿਆਨ ਨਾਲ ਪਾਲਣਾ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰਾਂ ਵਿੱਚ ਢੁਕਵੀਂ ਮਾਤਰਾ 'ਚ ਮਾਸਕ ਅਤੇ ਸੈਨੀਟਾਈਜ਼ਰ ਪਹਿਲਾਂ ਹੀ ਮੁਹੱਈਆ ਕਰਵਾਏ ਜਾ ਚੁੱਕੇ ਹਨ ਤਾਂ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਬੰਧਤ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਸਫਾਈ ਕਾਮਿਆਂ ਨੂੰ ਖਰੀਦ ਕੇਂਦਰਾਂ ਵਿੱਚ ਸੈਨੀਟਾਈਜ਼ਰ ਦੀ ਸਪਰੇਅ ਕਰਨ ਲਈ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਮੰਡੀਆਂ ਨੂੰ ਰੋਗਾਣੂ ਮੁਕਤ ਕੀਤਾ ਜਾ ਸਕੇ।