
ਪਿੰਡ ਵਾਸੀਆਂ ਲਈ ਕੈਪਟਨ ਸਰਕਾਰ ਦੀ ਵੱਡੀ ਸੌਗਾਤ
ਚੰਡੀਗੜ੍ਹ : ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਦਿਹਾਤੀ ਜਲ ਸਪਲਾਈ ਸਕੀਮਾਂ (ਆਰ ਐਸ.ਡਬਲਿਊ) ਦੇ ਬਕਾਏ ਨੂੰ ਭੁਗਤਾਉਣ ਲਈ ਯਕਮੁਸ਼ਤ ਨਿਪਟਾਰੇ (ਓ.ਟੀ.ਐਸ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ।
Rural Water Supply
ਇਸ ਦੇ ਨਾਲ ਵਿੱਤ ਵਿਭਾਗ ਵਲੋਂ ਇਨ੍ਹਾਂ ਸਕੀਮਾਂ ਵਾਸਤੇ 298.61 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ ਜਿਨਾਂ ਦਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਪ੍ਰਬੰਧਨ ਕੀਤਾ ਜਾਂਦਾ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਬਿਲਾਂ ਦਾ ਯਕਮੁਸ਼ਤ ਭੁਗਤਾਨ ਅਤੇ ਨਿਪਟਾਰਾ ਕੁਝ ਸ਼ਰਤਾਂ ਦੇ ਅਨੁਸਾਰ ਹੋਵੇਗਾ। ਗ੍ਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀ ਨੂੰ ਇਹ ਲਿਖਤੀ ਜ਼ਿੰਮੇਵਾਰੀ ਲੈਣੀ ਹੋਵੇਗੀ ਕਿ ਉਹ ਅੱਗੇ ਤੋਂ ਪਾਣੀ ਦੇ ਵਰਤੋਂ ਚਾਰਜਿਜ਼ ਇਕੱਤਰ ਕਰੇਗੀ ਅਤੇ ਅੱਗੇ ਬਿਲਾਂ ਦਾ ਨਿਯਮਤ ਭੁਗਤਾਨ ਕਰੇਗੀ। ਘਪਲੇਬਾਜ਼ੀ ਅਤੇ ਵਰਤੋਂ ਚਾਰਜਿਜ਼ ਦੇ ਇਕਤਰੀਕਰਨ/ਰੁਕਾਵਟ ਦਾ ਜੇ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਾਨੂੰਨੀ ਕਾਰਵਾਈ ਦੇ ਨਾਲ ਕੀਤੀ ਗਈ ਵਸੂਲੀ ਸਰਕਾਰੀ ਖਜ਼ਾਨੇ ਵਿਚ ਜਮਾਂ ਕਰਾਈ ਜਾਵੇਗੀ।
Captain Amarinder Singh presiding over a Cabinet meeting at CMO
ਬਿਜਲੀ ਦੇ ਬਿੱਲਾਂ ਦੇ ਭੁਗਤਾਨ ਨਾ ਕਰਨ ਕਰ ਕੇ ਲਗਾਤਾਰ ਬਿਜਲੀ ਸਪਲਾਈ ਕੱਟੇ ਜਾਣ ਦੇ ਨਤੀਜੇ ਵਜੋਂ ਇਸ ਤੋਂ ਪਹਿਲਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ। ਇਸ ਨੇ ਦਿਹਾਤੀ ਇਲਾਕਿਆਂ ਵਿੱਚ ਵੱਖ-ਵੱਖ ਜਲ ਸਪਲਾਈ ਸਕੀਮਾਂ ਦੇ ਕੰਮਕਾਜ 'ਤੇ ਬੁਰਾ ਪ੍ਰਭਾਵ ਪਾਇਆ ਹੈ। ਇਸ ਤੋਂ ਬਾਅਦ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ 690 ਕਰੋੜ ਰੁਪਏ ਦੀ ਲੰਬਿਤ ਪਈ ਰਾਸ਼ੀ ’ਤੇ ਵਿਆਜ ਅਤੇ ਜੁਰਮਾਨਾ ਮੁਆਫ਼ ਕਰਨ ਲਈ ਇਹ ਮਾਮਲਾ ਪਾਵਰਕਾਮ (ਪੀ.ਐਸ.ਪੀ.ਸੀ.ਐਲ.) ਨੂੰ ਭੇਜਿਆ ਕਿਉਂਕਿ ਦਿਹਾਤੀ ਜਲ ਸਪਲਾਈ ਸਕੀਮਾਂ ਦਾ ਪ੍ਰਬੰਧਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਕੀਤਾ ਜਾਂਦਾ ਹੈ।
Rural Water Supply
ਪੀ.ਐਸ.ਪੀ.ਸੀ.ਐਲ ਅਤੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿਭਾਗ ਦੀ ਅਪੀਲ ਨੂੰ ਪ੍ਰਵਾਨ ਕਰ ਲਿਆ ਅਤੇ 198.21 ਕਰੋੜ ਰੁਪਏ ਦੀ ਮੁਆਫੀ ਦਾ ਹੁਕਮ ਜਾਰੀ ਕਰ ਦਿਤਾ। ਇਹ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਬੰਧਨ ਵਾਲੀਆਂ ਦਿਹਾਤੀ ਜਲ ਸਪਲਾਈ ਸਕੀਮਾਂ ਅਤੇ ਗਰਾਮ ਪੰਚਾਇਤ ਜਲ ਸਪਲਾਈ ਕਮੇਟੀ (ਜੀ.ਪੀ.ਡਬਲਿਊ.ਐਸ.ਸੀ.), ਦੋਵਾਂ ਲਈ ਜਾਰੀ ਕੀਤਾ ਗਿਆ ਸੀ। ਵਿੱਤ ਵਿਭਾਗ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਗ੍ਰਾਮ ਪੰਚਾਇਤ ਜਲ ਸਪਲਾਈ ਕਮੇਟੀਆਂ ਵੱਲੋਂ ਚਲਾਈਆਂ ਜਾ ਰਹੀਆਂ ਜਲ ਸਪਲਾਈ ਸਕੀਮਾਂ ਸਬੰਧੀ 193.18 ਕਰੋੜ ਰੁਪਏ ਦੀ ਰਾਸ਼ੀ ਦਾ ਨਿਪਟਾਰਾ 13ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਵਿੱਚੋਂ ਜਾਂ ਪੇਂਡੂ ਵਿਕਾਸ ਫੰਡ ਤੋਂ ਯਕਮੁਸ਼ਤ ਗ੍ਰਾਂਟ ਦੇ ਰੂਪ 'ਚ ਕੀਤਾ ਜਾਵੇ।