
ਕਿਸਾਨਾਂ ਨੇ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਦੀ ਬਜਾਏ 20 ਸਤੰਬਰ ਨੂੰ ਸ਼ੁਰੂ ਕਰਨ ਦੀ ਕੀਤੀ ਮੰਗ
ਚੰਡੀਗੜ੍ਹ: ਪੰਜਾਬ ਵਿਚ ਹੜ੍ਹਾਂ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹਾ ਪੱਧਰੀ ਧਰਨੇ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ ਪੰਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਫਸਲਾਂ ਅਤੇ ਘਰਾਂ ਦੇ ਹੋਏ ਛੇ ਹਜ਼ਾਰ ਕਰੋੜ ਤੋਂ ਵੱਧ ਦੇ ਨੁਕਸਾਨ ਦਾ ਮੁਆਵਜ਼ਾ ਤੁਰਤ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਚਲਦਿਆਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ 4 ਸਤੰਬਰ ਨੂੰ ਧਰਨਾ ਦਿਤਾ ਜਾਵੇਗਾ।
ਇਹ ਵੀ ਪੜ੍ਹੋ: ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ ਤੇ ਹਰਜਿੰਦਰ ਸਿੰਘ ਟਾਂਡਾ ਨੇ ਕਿਹਾ ਕਿ ਪੰਜਾਬ ਵਿਚ ਪੌਂਗ ਡੈਮ ਅਤੇ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਣ ’ਤੇ ਬਿਨਾਂ ਕਿਸੇ ਚਿਤਾਵਨੀ ਦੇ ਵਾਧੂ ਪਾਣੀ ਛੱਡਿਆ ਗਿਆ, ਜਿਸ ਨਾਲ ਸੂਬੇ ਦੇ ਅੱਠ ਜ਼ਿਲ੍ਹਿਆਂ ਵਿਚ ਭਾਰੀ ਨੁਕਸਾਨ ਹੋਇਆ ਹੈ। ਇਸ ਨਾਲ ਦੂਜੀ ਵਾਰ ਬੀਜਿਆ ਝੋਨਾ ਵੀ ਤਬਾਹ ਹੋ ਗਿਆ।
ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਤੀਜਾ ਚਲਾਨ ਪੇਸ਼
ਕਿਸਾਨ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਥਾਂ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ 4 ਸਤੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਧਰਨੇ ਦਿਤੇ ਜਾਣਗੇ। ਇਸ ਮੌਕੇ ਕਿਸਾਨਾਂ ਨੇ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਦੀ ਬਜਾਏ 20 ਸਤੰਬਰ ਨੂੰ ਸ਼ੁਰੂ ਕਰਨ ਦੀ ਮੰਗ ਵੀ ਕੀਤੀ ਹੈ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਪਾਣੀ ਦੇ ਸੰਕਟ, ਵਾਤਾਵਰਨ ਪ੍ਰਦੂਸ਼ਣ ਅਤੇ ਸੂਬੇ ਦੀ ਸੰਘੀ ਪ੍ਰਣਾਲੀ ’ਤੇ ਹਮਲੇ ਦੇ ਮੁੱਦਿਆਂ ’ਤੇ 9 ਸਤੰਬਰ ਨੂੰ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਇਨ੍ਹਾਂ ਅਹਿਮ ਮੁੱਦਿਆਂ ’ਤੇ ਸਿਆਸੀ ਪਾਰਟੀਆਂ ਦਾ ਰੁਖ ਜਾਣਿਆ ਜਾ ਸਕੇ।