
ਇਸ ਵਾਰ 100 ਰੁਪਏ ਵੱਧ ਮਿਲੇਗਾ ਝੋਨੇ ਦਾ ਭਾਅ
ਮੁਹਾਲੀ : ਇੱਕ ਅਕਤੂਬਰ ਯਾਨੀ ਕੱਲ੍ਹ ਤੋਂ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਜਾ ਰਹੀ ਹੈ। ਇਸ ਵਾਰ ਝੋਨੇ ਦਾ ਭਾਅ ਪਿਛਲੀ ਵਾਰ ਨਾਲੋਂ 100 ਰੁਪਏ ਵੱਧ ਯਾਨੀ 2060 ਨਿਰਧਾਰਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ 17 ਫ਼ੀਸਦੀ ਨਮੀ ਨਿਰਧਾਰਤ ਕੀਤੀ ਗਈ ਹੈ।
ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਿਛਲੇ ਦਿਨੀਂ ਟਵੀਟ ਕਰ ਕੇ ਜਾਣਕਾਰੀ ਦਿਤੀ ਸੀ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਵਾਰ ਲਗਪਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ ਅਤੇ ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ।
ਮੁੱਖ ਮੰਤਰੀ ਮਾਨ ਨੇ ਇਸ ਸਬੰਧੀ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ। ਦੱਸ ਦੇਈਏ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਪੁਖਤਾ ਕਰ ਲਏ ਗਏ ਹਨ। ਜਾਣਕਾਰੀ ਅਨੁਸਾਰ ਖੰਨਾ ਦੀ ਅਨਾਜ ਮੰਡੀ ਜੋ ਕਿ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਹੈ, ਵਿਚ 3000 ਕੁਇੰਟਲ ਫ਼ਸਲ ਪਹੁੰਚ ਚੁੱਕੀ ਹੈ ਤੇ ਇਸ ਵਾਰ ਮੰਡੀ ਵਿੱਚ 21 ਲੱਖ 35 ਹਜ਼ਾਰ ਕੁਇੰਟਲ ਤੋਂ ਵੱਧ ਝੋਨਾ ਆਉਣ ਦੀ ਉਮੀਦ ਹੈ।