Farming News: ਇਕੱਲੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 78,468 ਏਕੜ ਰਕਬਾ ਸਿੱਧੀ ਬਿਜਾਈ ਹੇਠ
The area under direct sowing of paddy increased by 44 percent In Farming News: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿਚ ਪਿਛਲੇ ਸਾਲ ਦੇ ਮੁਕਾਬਲੇ 44 ਫ਼ੀ ਸਦੀ ਵਾਧਾ ਹੋਇਆ ਹੈ। ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਦੀ ਵਰਤੋਂ ਕਰਦਿਆਂ ਇਸ ਸਾਲ 2.48 ਲੱਖ ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜੋ ਕਿ ਸਾਲ 2023 ਦੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ।
ਡੀ.ਐਸ.ਆਰ. ਵਿਧੀ ਦੀ ਵਰਤੋਂ ਕਰਨ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਸੂਬੇ ਭਰ ਵਿਚ ਮੋਹਰੀ ਰਿਹਾ ਹੈ। ਖੇਤੀਬਾੜੀ ਮੰਤਰੀ ਨੇ ਦਸਿਆ ਕਿ 78,468 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਸੂਬੇ ਵਿਚ ਮੋਹਰੀ ਰਿਹਾ ਹੈ। ਇਸ ਬਾਅਦ ਫ਼ਾਜ਼ਿਲਕਾ (75,824 ਏਕੜ), ਅੰਮ੍ਰਿਤਸਰ (17,913 ਏਕੜ), ਫ਼ਿਰੋਜ਼ਪੁਰ (17,644 ਏਕੜ) ਅਤੇ ਬਠਿੰਡਾ (12,760 ਏਕੜ) ਵਿਚ ਕ੍ਰਮਵਾਰ ਝੋਨੇ ਦੀ ਸਭ ਤੋਂ ਵੱਧ ਸਿੱਧੀ ਬਿਜਾਈ ਹੋਈ ਹੈ।
ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕੱਦੂ ਕਰ ਕੇ ਝੋਨੇ ਦੀ ਲੁਆਈ ਵਾਲੇ ਰਵਾਇਤੀ ਢੰਗ, ਜਿਸ ਨਾਲ ਪਾਣੀ ਦੀ ਜ਼ਿਆਦਾ ਖਪਤ ਹੁੰਦੀ ਹੈ, ਦੀ ਥਾਂ ਡੀ.ਐਸ.ਆਰ. ਨੂੰ ਅਪਣਾਉਣ ਲਈ ਉਤਸ਼ਾਹਤ ਕਰਨ ਵਾਸਤੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿਤੀ ਜਾ ਰਹੀ ਹੈ। ਵਿੱਤੀ ਵਰ੍ਹੇ 2023-24 ਦੌਰਾਨ ਡੀ.ਐਸ.ਆਰ. ਵਿਧੀ ਅਪਣਾਉਣ ਵਾਲੇ 17,116 ਕਿਸਾਨਾਂ ਨੂੰ 20.33 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿਤੀ ਗਈ ਸੀ।
ਸੂਬਾ ਸਰਕਾਰ ਨੇ ਵਿੱਤੀ ਵਰ੍ਹੇ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 50 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਰੱਖੀ ਗਈ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਦਸਿਆ ਕਿ ਹੁਣ ਤਕ 24,120 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ ’ਤੇ 2.48 ਲੱਖ ਏਕੜ ਜ਼ਮੀਨ ਦੀ ਰਜਿਸਟਰੇਸ਼ਨ ਕਰਵਾਈ ਹੈ। ਖੇਤੀਬਾੜੀ ਵਿਭਾਗ ਦੇ ਫ਼ੀਲਡ ਅਧਿਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਡੀਐਸਆਰ-ਰਜਿਸਟਰਡ ਰਕਬੇ ਦੀ ਪੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਸਦੀਕ ਪ੍ਰਕਿਰਿਆ ਮੁਕੰਮਲ ਹੋਣ ਬਾਅਦ ਪ੍ਰੋਤਸਾਹਨ ਰਾਸ਼ੀ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖ਼ਾਤਿਆਂ ਵਿਚ ਜਮ੍ਹਾਂ ਕਰਵਾ ਦਿਤੀ ਜਾਵੇਗੀ।