
ਸੰਯੁਕਤ ਕਿਸਾਨ ਮੋਰਚਾ ਦੇ ਤਿੰਨ ਮੈਂਬਰ ਵੀ ਹੋਣਗੇ ਕਮੇਟੀ ਦਾ ਹਿੱਸਾ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਨੂੰ ਲੈ ਕੇ ਇਕ ਕਮੇਟੀ ਦਾ ਗਠਨ ਕੀਤਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ ਜ਼ੀਰੋ ਬਜਟ ਆਧਾਰਿਤ ਖੇਤੀ ਨੂੰ ਉਤਸ਼ਾਹਿਤ ਕਰਨ, ਫਸਲੀ ਪੈਟਰਨ ਨੂੰ ਬਦਲਣ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਹੋਰ ਪ੍ਰਭਾਵੀ-ਪਾਰਦਰਸ਼ੀ ਬਣਾਉਣ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਕਮੇਟੀ ਦੇ ਚੇਅਰਮੈਨ ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਹਨ। ਇਸ ਵਿਚ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ, ਖੇਤੀਬਾੜੀ ਅਰਥ ਸ਼ਾਸਤਰੀ ਡਾ.ਸੀ.ਐਸ.ਸੀ ਸ਼ੇਖਰ ਅਤੇ ਡਾ.ਸੁਖਪਾਲ ਸਿੰਘ, ਰਾਸ਼ਟਰੀ ਪੁਰਸਕਾਰ ਜੇਤੂ ਕਿਸਾਨ ਭਾਰਤ ਭੂਸ਼ਣ ਤਿਆਗੀ, ਸੰਯੁਕਤ ਕਿਸਾਨ ਮੋਰਚਾ ਦੇ ਤਿੰਨ ਮੈਂਬਰ (ਆਉਣ 'ਤੇ ਨਾਮ ਜੋੜੇ ਜਾਣਗੇ), ਹੋਰ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਵਿਚ ਗੁਣਵੰਤ ਪਾਟਿਲ, ਕ੍ਰਿਸ਼ਨਵੀਰ ਚੌਧਰੀ, ਪ੍ਰਮੋਦ ਕੁਮਾਰ ਚੌਧਰੀ, ਗੁਣੀ ਪ੍ਰਕਾਸ਼, ਸਈਅਦ ਪਾਸ਼ਾ ਪਟੇਲ ਸ਼ਾਮਲ ਹਨ।
ਇਸ ਤੋਂ ਇਲਾਵਾ ਕਮੇਟੀ ਵਿਚ ਸੂਬਾ ਸਰਕਾਰ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ। ਭਾਰਤ ਸਰਕਾਰ ਵੱਲੋਂ ਖੇਤੀਬਾੜੀ ਮੰਤਰਾਲੇ ਦੇ ਸਕੱਤਰ, ਟੈਕਸਟਾਈਲ ਮੰਤਰਾਲੇ ਦੇ ਸਕੱਤਰ, ਕੋਆਪ੍ਰੇਸ਼ਨ ਮੰਤਰਾਲੇ ਦੇ ਸਕੱਤਰ, ਐਗਰੀਕਲਚਰ ਰਿਸਰਚ ਅਤੇ ਐਜੂਕੇਸ਼ਨ ਵਿਭਾਗ ਦੇ ਸਕੱਤਰ ਸ਼ਾਮਲ ਹੋਣਗੇ। ਸੂਬਾ ਸਰਕਾਰ ਦੇ ਨੁਮਾਇੰਦਿਆਂ ਵਿਚ ਕਰਨਾਟਕਾ, ਆਂਧਰਾ ਪ੍ਰਦੇਸ਼, ਸਿੱਕਮ ਅਤੇ ਓਡੀਸ਼ਾ ਦੇ ਵਧੀਕ ਸਕੱਤਰ, ਪ੍ਰਿੰਸੀਪਲ ਸਕੱਤਰ ਜਾਂ ਖੇਤੀ ਕਮਿਸ਼ਨਰ ਸ਼ਾਮਲ ਕੀਤੇ ਜਾਣਗੇ।