ਝੋਨਾ ਪੰਜਾਬ ਵਿਚ ਸਾਉਣੀ ਦੀ ਮੁੱਖ ਫ਼ਸਲ ਹੈ। ਇਸ ਫ਼ਸਲ ਦੇ ਵਧਣ-ਫੁਲਣ ਲਈ 20 ਤੋਂ 37.5 ਡਿਗਰੀ ਸੈਂਟੀਗਰੇਡ ਤਾਪਮਾਨ ਬਹੁਤ ਚੰਗਾ ਹੈ।
ਝੋਨਾ ਪੰਜਾਬ ਵਿਚ ਸਾਉਣੀ ਦੀ ਮੁੱਖ ਫ਼ਸਲ ਹੈ। ਇਸ ਫ਼ਸਲ ਦੇ ਵਧਣ-ਫੁਲਣ ਲਈ 20 ਤੋਂ 37.5 ਡਿਗਰੀ ਸੈਂਟੀਗਰੇਡ ਤਾਪਮਾਨ ਬਹੁਤ ਚੰਗਾ ਹੈ। ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ ਦੇ ਆਧਾਰ ’ਤੇ ਕਰੋ। ਲੋੜ ਅਨੁਸਾਰ ਰਸਾਇਣਕ ਖਾਦਾਂ ਦੀ ਵਰਤੋਂ ਕਰ ਕੇ ਅਸੀਂ ਵੱਧ ਝਾੜ ਲੈਣ ਦੇ ਨਾਲ-ਨਾਲ ਵਾਤਾਵਰਣ ਤੇ ਜ਼ਮੀਨਦੋਜ਼ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਸਕਦੇ ਹਾਂ। ਜ਼ਿੰਕ ਦੀ ਘਾਟ ਕਾਰਨ ਬੂਟੇ ਮਧਰੇ ਰਹਿ ਜਾਂਦੇ ਹਨ ਤੇ ਬੂਟਾ ਜੜ੍ਹ ਬਹੁਤ ਘੱਟ ਮਾਰਦਾ ਹੈ। ਅਜਿਹੇ ਬੂਟਿਆਂ ਦੇ ਪੱਤੇ ਜੰਗਾਲੇ ਜਿਹੇ ਤੇ ਭੂਰੇ ਹੋ ਜਾਂਦੇ ਹਨ। ਪੱਤੇ ਦੀ ਵਿਚਕਾਰਲੀ ਨਾੜ ਦਾ ਰੰਗ ਬਦਲ ਜਾਂਦਾ ਹੈ ਤੇ ਬਾਅਦ ਵਿਚ ਪੱਤੇ ਸੁੱਕ ਜਾਂਦੇ ਹਨ। ਜਿਨ੍ਹਾਂ ਖੇਤਾਂ ਵਿਚ ਪਿਛਲੇ ਸਾਲ ਵੀ ਇਹ ਘਾਟ ਸੀ, ਉਨ੍ਹਾਂ ਖੇਤਾਂ ਵਿਚ ਜ਼ਿੰਕ ਦੀ ਘਾਟ ਪੂਰੀ ਕਰਨ ਲਈ ਕੱਦੂ ਕਰਨ ਸਮੇਂ 25 ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡਰੇਟ (21 ਫ਼ੀ ਸਦੀ) ਜਾਂ 16 ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (33 ਫ਼ੀ ਸਦੀ) ਪ੍ਰਤੀ ਏਕੜ ਦੇ ਹਿਸਾਬ ਨਾਲ ਖਿਲਾਰ ਦੋਵੇ। ਫ਼ਸਲ ਵਿਚ ਇਹ ਨਿਸ਼ਾਨੀਆਂ ਨਜ਼ਰ ਆਉਣ ’ਤੇ ਉਸੇ ਵੇਲੇ ਜ਼ਿੰਕ ਸਲਫੇਟ ਖੇਤ ਵਿਚ ਛੱਟੇ ਨਾਲ ਪਾਉ। ਬਹੁਤ ਮਾੜੀਆਂ ਜ਼ਮੀਨਾਂ ਵਿਚ ਜ਼ਿੰਕ ਸਲਫੇਟ ਦੀ ਵਰਤੋਂ ਦੇ ਬਾਵਜੂਦ ਜ਼ਿੰਕ ਦੀ ਘਾਟ ਧੋੜੀਆਂ ਵਿਚ ਨਜ਼ਰ ਆ ਸਕਦੀ ਹੈ। ਅਜਿਹੀ ਹਾਲਤ ਵਿਚ 10 ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡ੍ਰੇਟ (21 ਫ਼ੀ ਸਦੀ) ਜਾਂ 6.5 ਕਿਲੋ ਜ਼ਿੰਕ ਸਲਫ਼ੇਟ ਮੋਨੋਹਾਈਡ੍ਰੇਟ (33 ਫ਼ੀ ਸਦੀ) ਨੂੰ ਏਨੀ ਹੀ ਸੁੱਕੀ ਮਿੱਟੀ ਵਿਚ ਰਲਾ ਕੇ ਘਾਟ ਵਾਲੀਆਂ ਥਾਵਾਂ ਵਿਚ ਖਿਲਾਰ ਦੇਵੋ।
ਜ਼ਿਆਦਾ ਰੇਤਲੀਆਂ ਜ਼ਮੀਨਾਂ ਵਿਚ, ਜਿਥੇ ਪਾਣੀ ਦੀ ਘਾਟ ਹੋਵੇ, ਪਨੀਰੀ ਲਗਾਉਣ ਤੋਂ ਕੁੱਝ ਦਿਨਾਂ ਬਾਅਦ ਬੂਟੇ ਦੇ ਨਵੇਂ ਨਿਕਲ ਰਹੇ ਪੱਤੇ ਪੀਲੇ ਪੈ ਜਾਂਦੇ ਹਨ। ਇਸ ਨਾਲ ਬੂਟੇ ਮਰ ਜਾਂਦੇ ਹਨ ਤੇ ਕਈ ਵਾਰੀ ਸਾਰੀ ਫ਼ਸਲ ਹੀ ਤਬਾਹ ਹੋ ਜਾਂਦੀ ਹੈ। ਜਦੋਂ ਅਜਿਹੇ ਪੀਲੇਪਨ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਫ਼ਸਲ ਨੂੰ ਛੇਤੀ-ਛੇਤੀ ਭਰਵਾਂ ਪਾਣੀ ਦਿਉ। ਇਕ ਹਫ਼ਤੇ ਦੀ ਵਿੱਥ ਰੱਖ ਕੇ ਇਕ ਫ਼ੀ ਸਦੀ ਆਇਰਨ ਤੱਤ ਦਾ ਛਿੜਕਾਅ ਪੱਤਿਆਂ ਉਪਰ ਕਰੋ। ਇਸ ਲਈ ਇਕ ਕਿਲੋ ਫ਼ੈਰਸ ਸਲਫ਼ੇਟ ਨੂੰ 100 ਲੀਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ। ਅਜਿਹੇ 2-3 ਛਿੜਕਾਅ ਕਰਨ ਨਾਲ ਲੋਹੇ ਦੀ ਘਾਟ ਪੂਰੀ ਕੀਤੀ ਜਾ ਸਕਦੀ ਹੈ। ਚੰਗਾ ਝਾੜ ਲੈਣ ਤੇ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਜੈਵਿਕ ਤੇ ਰਸਾਇਣਕ ਖਾਦਾਂ ਦੀ ਰਲਵੀਂ ਵਰਤੋਂ ਕਰੋ। ਝੋਨੇ ਦੀ ਲੁਆਈ ਤੋਂ ਪਹਿਲਾਂ ਰੂੜੀ ਜਾਂ ਪ੍ਰੈਸਮੱਡ ਜਾਂ ਮੁਰਗੀਆਂ ਦੀ ਖਾਦ ਜਾਂ ਸੁੱਕੀ ਹੋਈ ਗੋਬਰ ਗੈਸ ਸਲਰੀ ਜਾਂ ਹਰੀ ਖਾਦ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਨ੍ਹਾਂ ਖਾਦਾਂ ਦੀ ਵਰਤੋਂ ਕਰ ਕੇ ਯੂਰੀਆ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ।
ਝੋਨੇ ਦੀ ਲੁਆਈ ਸਮੇਂ 25 ਕਿਲੋ ਯੂਰੀਆ ਖਾਦ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉ। ਪਨੀਰੀ ਲਗਾਉਣ ਤੋਂ 14 ਦਿਨ ਬਾਅਦ 7 ਦਿਨਾਂ ਦੇ ਅੰਤਰ ’ਤੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਨਾਲ ਮਿਲਾਉਣਾ ਸ਼ੁਰੂ ਕਰੋ। ਹਰ ਵਾਰ ਖੇਤ ਵਿਚ ਦਸ ਬੂਟਿਆਂ ਦੇ ਉਪਰੋਂ ਪੂਰੇ ਖੁੱਲ੍ਹੇ ਪਹਿਲੇ ਪੱਤੇ ਦਾ ਰੰਗ ਬੂਟੇ ਨਾਲੋਂ ਤੋੜੇ ਬਿਨਾਂ ਚਾਰਟ ਨਾਲ ਮਿਲਾਉ। ਜਦੋਂ ਦਸ ਵਿਚੋਂ ਛੇ ਜਾਂ ਵੱਧ ਪੱਤਿਆਂ ਦਾ ਰੰਗ ਚਾਰਟ ਦੀ ਟਿੱਕੀ ਨੰਬਰ-4 ਤੋਂ ਫਿੱਕਾ ਹੋਵੇ ਤਾਂ 25 ਕਿਲੋ ਯੂਰੀਆ ਦਾ ਪ੍ਰਤੀ ਏਕੜ ਛਿੱਟਾ ਦਿਉ। ਜੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਦੀ ਟਿੱਕੀ ਨੰਬਰ-4 ਦੇ ਬਰਾਬਰ ਜਾਂ ਗੂੜ੍ਹਾ ਹੋਵੇ ਹੋਰ ਯੂਰੀਆ ਖਾਦ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਝੋਨੇ ਦੇ ਨਿਸਰਨ ਤੋਂ ਬਾਅਦ ਪੱਤਾ ਰੰਗ ਚਾਰਟ ਦੀ ਵਰਤੋਂ ਦੀ ਲੋੜ ਨਹੀਂ ਅਤੇ ਹੋਰ ਖਾਦ ਨਹੀਂ ਪਾਉਣੀ ਚਾਹੀਦੀ। ਲੋੜ ਅਨੁਸਾਰ ਨਾਈਟ੍ਰੋਜਨ ਖਾਦ ਪਾਉਣ ਲਈ ਪੱਤਾ ਰੰਗ ਚਾਰਟ ਦੀ ਵਰਤੋਂ ਝੋਨੇ ਦੀਆਂ ਸਾਰੀਆਂ ਕਿਸਮਾਂ ਲਈ ਕੀਤੀ ਜਾ ਸਕਦੀ ਹੈ।