ਕਿਸਾਨਾਂ ਦੇ ਖਾਤਿਆਂ ਵਿਚ 21,000 ਕਰੋੜ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫ਼ਰ
punjab paddy mandi News: ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖ਼ਰੀਦ ਕਰ ਲਈ ਗਈ ਹੈ।
ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ, ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।
ਜਿੱਥੋਂ ਤਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫ਼ਸਲ ਵਿਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁਕੀ ਹੈ। ਉਨ੍ਹਾਂ ਦਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ਵਿਚ ਕਿਸਾਨਾਂ ਦੇ ਖਾਤਿਆਂ ’ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿਤੀ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿਚ ਸੁੱਕੀ ਫ਼ਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ।
