
ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਆਈ.ਏ.ਐਸ ਨੇ ਪੰਜਾਬ ਸਰਕਾਰ ਵਲੋਂ ਚਲਾਏ ਗਏ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਜ਼ਿਲ੍ਹੇ ਦੇ ਨਾਗਰਿਕਾਂ ਨੂੰ.....
ਮੋਗਾ : ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਆਈ.ਏ.ਐਸ ਨੇ ਪੰਜਾਬ ਸਰਕਾਰ ਵਲੋਂ ਚਲਾਏ ਗਏ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਜਿਊਣ ਲਈ ਸੁਖਾਵਾਂ ਮਾਹੌਲ ਸਿਰਜਣ ਹਿਤ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਿਸ਼ਨ ਤਹਿਤ ਹਵਾ, ਪਾਣੀ ਅਤੇ ਭੋਜਨ ਦੀ ਗੁਣਵੱਤਾ ਦੀ ਉੱਚਿਤ ਸੰਭਾਲ ਕਰਨਾ ਸਭਨਾਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਸੰਦੀਪ ਹੰਸ ਨੇ ਕਿਹਾ ਕਿ ਤੰਦਰੁਸਤ ਜੀਵਨਸ਼ੈਲੀ ਲਈ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਣਾ ਅਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਹਰ ਵਿਅਕਤੀ ਆਪਣੇ ਘਰ, ਦੁਕਾਨ, ਦਫ਼ਤਰ, ਸਕੂਲ/ਕਾਲਜ ਆਦਿ ਥਾਵਾਂ ਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਸੁੱਧ ਵਾਤਾਵਰਣ ਤੇ ਆਬੋ ਹਵਾ ਕਾਰਣ ਹੀ ਅਸੀਂ ਬਿਮਾਰੀਆਂ ਤੋਂ ਬਚ ਕੇ ਨਿਰੋਗ ਰਹਿ ਸਕਦੇ ਹਾਂ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਅਪਣਾ ਯੋਗਦਾਨ ਪਾ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਸਾਨੂੰ ਪ੍ਰਦੂਸ਼ਣ ਰੋਕਣ ਅਤੇ ਪਾਣੀ ਦੀ ਸਾਂਭ-ਸੰਭਾਲ ਲਈ ਵੀ ਹਰ ਯੋਗ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਵਾਤਾਵਰਣ ਦੀ ਸਵੱਛਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਹਰ ਨਾਗਰਿਕ ਨੂੰ ਇਸ ਮਿਸ਼ਨ ਨੂੰ ਕਾਮਯਾਬ ਕਰਨ ਲਈ ਬਣਦਾ ਯੋਗਦਾਨ ਪਾਉਣ ਦੀ ਵੀ ਅਪੀਲ ਕੀਤੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਤੰਦਰੁਸਤ ਜੀਵਨ ਪ੍ਰਦਾਨ ਕਰ ਕੇ ਬਿਮਾਰੀਆਂ ਤੋ ਬਚਾਇਆ ਜਾ ਸਕੇ।