
ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਦੇਸ਼ ਵਿਚ ਕੋਵਿਡ-19 ਮਹਾਮਾਰੀ ਨਾਲ ਪੰਜਵੀਂ ਮੌਤ ਹੋਈ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਦੇਸ਼ ਵਿਚ ਕੋਵਿਡ-19 ਮਹਾਮਾਰੀ ਨਾਲ ਪੰਜਵੀਂ ਮੌਤ ਹੋਈ ਹੈ। ਮਹਾਰਾਸ਼ਟਰ ਵਿਚ ਕੋਰੋਨਾ ਨਾਲ ਪੀੜਤ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਨਾਲ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ।
ਦੇਸ਼ ਭਰ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਦੇ ਮਰੀਜਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹੀ ਕਾਰਨ ਹੈ ਕਿ ਦੇਸ਼ ਵਿਚ ਅੱਜ ਜਨਤਾ ਕਰਫਿਊ ਲਾਗੂ ਹੈ ਅਤੇ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ ਹਨ। ਸਿਹਤ ਵਿਭਾਗ ਅਨੁਸਾਰ ਕੋਰੋਨਾ ਵਾਇਰਸ ਦੇ ਦੇਸ਼ ਵਿਚ ਹੁਣ ਤੱਕ 324 ਮਾਮਲੇ ਸਾਹਮਣੇ ਆ ਚੁੱਕੇ ਹਨ।
ਉੱਥੇ ਹੀ ਦੁਨੀਆ ਭਰ ਵਿਚ ਮਰਨ ਵਾਲਿਆਂ ਦਾ ਅੰਕੜਾ 12 ਹਜ਼ਾਰ ਤੋਂ ਪਾਰ ਪਹੁੰਚ ਗਿਆ ਹੈ। ਅਧਿਕਾਰੀ ਮੁਤਾਬਕ ਕੋਰੋਨਾ ਵਾਇਰਸ ਨਾਲ ਪੀੜਤ 63 ਸਾਲ ਦੇ ਇਕ ਮਰੀਜ ਨੇ ਬੀਤੀ ਰਾਤ ਮੁੰਬਈ ਵਿਚ ਦਮ ਤੋੜ ਦਿੱਤਾ। ਇਸ ਮਰੀਜ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਸੀ। ਕੋਰੋਨਾ ਵਾਇਰਸ ਨਾਲ ਪੀੜਤ ਇਹ ਵਿਅਕਤੀ ਕਾਫ਼ੀ ਸਮੇਂ ਤੋਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਬਿਮਾਰੀ ਨਾਲ ਪੀੜਤ ਸੀ।
ਇਸ ਮਰੀਜ ਦੀ ਮੌਤ ਤੋਂ ਬਾਅਦ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਹੋ ਗਈ ਹੈ, ਜਦਕਿ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਹੋਣ ਵਾਲੀ ਇਹ 5ਵੀਂ ਮੌਤ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਇਹਨਾਂ ਕੁੱਲ ਮਾਮਲਿਆਂ ਵਿਚੋਂ 41 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਦੱਸ ਦਈਏ ਕਿ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ 63 ਮਾਮਲੇ ਹਨ, ਜਿਨ੍ਹਾਂ ਵਿਚ 3 ਵਿਦੇਸ਼ੀ ਨਾਗਰਿਕ ਹਨ।